ਆਤਿਸ਼ ਗੁਪਤਾ
ਚੰਡੀਗੜ੍ਹ, 3 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਕਿਸਾਨ, ਮਜ਼ਦੂਰ ਤੇ ਵਾਤਾਵਰਨ ਪੱਖੀ ਕਿਸਾਨ ਨੀਤੀ ਬਣਾਉਣ, ਕਰਜ਼ਾ ਮੁਆਫ਼ੀ ਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ‘ਖੇਤੀ ਨੀਤੀ ਮੋਰਚਾ’ ਸ਼ੁਰੂ ਕੀਤਾ ਗਿਆ ਹੈ। ਇਸ ਵਿੱਚ ਕਰਜ਼ਿਆਂ ਕਾਰਨ ਖੁਦਕਸ਼ੀਆਂ ਕਰ ਚੁੱਕੇ ਕਿਸਾਨਾਂ ਦੀਆਂ ਵਿਧਵਾਵਾਂ ਵੀ ਪਹੁੰਚੀਆਂ, ਜਿਨ੍ਹਾਂ ਨੇ ਖੁਦਕੁਸ਼ੀਆਂ ਕਰ ਚੁੱਕੇ ਪਰਿਵਾਰਕ ਮੈਂਬਰਾਂ ਦੀਆਂ ਤਸਵੀਰਾਂ ਫੜ ਕੇ ਆਪਣੀ ਦਾਸਤਾਂ ਬਿਆਨੀ ਤੇ ਸੂਬਾ ਸਰਕਾਰ ਤੋਂ ਕਰਜ਼ੇ ਮੁਆਫ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਨਸ਼ਿਆਂ ਕਾਰਨ ਜਾਨਾਂ ਗੁਆ ਚੁੱਕੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਸੂਬਾ ਸਰਕਾਰ ਤੋਂ ਨਸ਼ਿਆਂ ਦੇ ਖਾਤਮੇ ਦੀ ਮੰਗ ਕੀਤੀ।
ਜ਼ਿਲ੍ਹਾ ਮਾਨਸਾ ਦੇ ਪਿੰਡ ਟਾਹਲੀਆਂ ਦੀ ਚਰਨਜੀਤ ਕੌਰ ਦੇ ਪਤੀ ਜਗਤਾਰ ਸਿੰਘ ਨੇ ਕਰਜ਼ੇ ਦੇ ਬੋਝ ਹੇਠ ਚਾਰ ਸਾਲ ਪਹਿਲਾਂ ਸਪਰੇਅ ਪੀਅ ਕੇ ਖੁਦਕੁਸ਼ੀ ਕਰ ਲਈ ਸੀ। ਚਰਨਜੀਤ ਹੁਣ ਦਿਹਾੜੀਆਂ ਕਰਕੇ ਆਪਣੇ ਚਾਰ ਬੱਚਿਆਂ ਦੀ ਦੇਖਭਾਲ ਕਰ ਰਹੀ ਹੈ। ਉਸ ਨੇ ਦੱਸਿਆ ਕਿ ਉਸ ਦੇ ਬੱਚੇ 5ਵੀਂ, 7ਵੀਂ, 10ਵੀਂ ਜਮਾਤ ਵਿੱਚ ਪੜ੍ਹ ਰਹੇ ਹਨ ਅਤੇ ਘਰ ਵਿੱਚ ਕੋਈ ਕਮਾਉਣ ਵਾਲਾ ਨਾ ਹੋਣ ਕਰਕੇ ਉਹ ਦਿਹਾੜੀ ਕਰਕੇ ਘਰ ਦਾ ਗੁਜ਼ਾਰਾ ਕਰ ਰਹੀ ਹੈ। ਇਸੇ ਪਿੰਡ ਦੀ ਗੁਰਜੀਤ ਕੌਰ ਨੇ ਦੱਸਿਆ ਕਿ ਸਾਲ 2016 ਵਿੱਚ ਉਸ ਦੇ ਪਤੀ ਮੁਖਤਿਆਰ ਸਿੰਘ ਨੇ 4-5 ਲੱਖ ਰੁਪਏ ਦੇ ਕਰਜ਼ੇ ਕਰਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਉਸ ਦੇ ਚਾਰ ਬੱਚੇ ਹਨ, ਜਿਨ੍ਹਾਂ ਨੇ ਕਰਜ਼ਾ ਚੜ੍ਹਨ ਕਰਕੇ ਉਸ ਨੂੰ ਘਰੋਂ ਬਾਹਰ ਕਰ ਦਿੱਤਾ ਹੈ ਅਤੇ ਅੱਜ ਉਹ ਇਕੱਲੀ ਰਹਿ ਕੇ ਆਪਣਾ ਗੁਜ਼ਾਰਾ ਕਰਨ ਲਈ ਮਜਬੂਰ ਹੈ।
ਪਿੰਡ ਟਾਹਲੀਆਂ ਦੀ ਅਮਰਜੀਤ ਕੌਰ ਨੇ ਕਿਹਾ ਕਿ ਉਸ ਦਾ ਪੁੱਤ ਕਰਮਜੀਤ ਸਿੰਘ ਨਸ਼ੇ ਕਰਦੇ ਸੀ, ਜਿਸ ਦੇ ਸਿਰ ਦੋ ਲੱਖ ਰੁਪਏ ਕਰਜ਼ਾ ਚੜ੍ਹ ਗਿਆ। ਇਸ ਕਰਕੇ ਉਸ ਦੇ ਪੁੱਤ ਨੇ ਖੁਦਕੁਸ਼ੀ ਕਰ ਲਈ। ਉਸ ਤੋਂ ਬਾਅਦ ਕਰਜ਼ਾ ਨਾ ਲਾਹੁਣ ਕਰਕੇ ਉਸ ਦੇ ਪਤੀ ਗੁਰਤੇਜ ਸਿੰਘ ਨੇ ਵੀ ਖੁਦਕੁਸ਼ੀ ਕਰ ਲਈ। ਹੁਣ ਉਹ ਇਕੱਲੀ ਲੋਕਾਂ ਦੇ ਘਰਾਂ ਵਿੱਚ ਕੰਮ ਕਰਕੇ ਆਪਣਾ ਗੁਜ਼ਾਰਾ ਕਰ ਰਹੀ ਹੈ। ਇਸੇ ਪਿੰਡ ਦੀ ਲਾਭ ਕੌਰ ਨੇ ਕਿਹਾ ਕਿ ਉਸ ਦੇ ਪਤੀ ਨੇ ਸਾਲ 2020 ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ, ਅੱਜ ਉਸ ਦੇ ਪਰਿਵਾਰ ਵਿੱਚ ਹੋਰ ਕੋਈ ਮੈਂਬਰ ਨਾ ਹੋਣ ਕਰਕੇ ਉਸ ਨੂੰ ਇਕੱਲਿਆਂ ਹੀ ਗੁਜ਼ਾਰਾ ਕਰਨਾ ਪੈ ਰਿਹਾ ਹੈ।
ਮਾਨਸਾ ਦੇ ਪਿੰਡ ਅੱਕਾਂਵਾਲੀ ਦੀ ਸੁਰਜੀਤ ਕੌਰ ਨੇ ਕਿਹਾ ਕਿ ਉਸ ਦੇ ਪਤੀ ਜਨਤਾ ਸਿੰਘ ਦੀ ਪਹਿਲਾਂ ਮੌਤ ਹੋ ਚੁੱਕੀ ਹੈ। ਉਸ ਤੋਂ ਬਾਅਦ ਉਸ ਦੇ ਪੁੱਤ ਤਰਸੇਮ ਸਿੰਘ ਨੇ ਵੀ ਖੇਤੀ ਸੰਕਟ ਕਾਰਨ ਖੁਦਕੁਸ਼ੀ ਕਰ ਲਈ। ਤਰਸੇਮ ਸਿੰਘ ਦੀਆਂ ਚਾਰ ਧੀਆਂ ਹਨ, ਜਿਨ੍ਹਾਂ ਦਾ ਪਾਲਣ ਪੋਸ਼ਣ ਕਰਨਾ ਮੁਸ਼ਕਲ ਹੋਇਆ ਪਿਆ ਹੈ।