ਪੱਤਰ ਪ੍ਰੇਰਕ
ਅੰਮ੍ਰਿਤਸਰ, 18 ਜੁਲਾਈ
ਹਵਾਈ ਕੰਪਨੀ ਸਿੰਗਾਪੁਰ ਏਅਰਲਾਈਨਜ਼ ਨੇ ਆਪਣੀ ਭਾਈਵਾਲ ਘੱਟ ਕਿਰਾਏ ਵਾਲੀ ਸਸਤੀ ਏਅਰਲਾਈਨਜ਼ ਫਲਾਈ ਸਕੂਟ ਨਾਲ ਮਿਲ ਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਸਿੰਗਾਪੁਰ ਰਾਹੀਂ ਕੈਨੇਡਾ ਦੇ ਸ਼ਹਿਰ ਵੈਨਕੂਵਰ ਦੇ ਹਵਾਈ ਅੱਡੇ ਨਾਲ ਜੋੜ ਦਿੱਤਾ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਜਥੇਬੰਦੀ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਸਿੰਗਾਪੁਰ ਏਅਰਲਾਈਨ ਤੇ ਇਸ ਦੀ ਭਾਈਵਾਲ ਸਕੂਟ ਹੁਣ ਅੰਮ੍ਰਿਤਸਰ ਨੂੰ ਕੈਨੇਡਾ ਦੇ ਵੈਨਕੂਵਰ ਸਣੇ ਅਮਰੀਕਾ ਦੇ ਸਾਂ ਫਰਾਂਸਿਸਕੋ, ਸਿਆਟਲ ਅਤੇ ਲਾਸ ਏਂਜਲਸ ਸ਼ਹਿਰਾਂ ਨਾਲ ਵੀ ਜੋੜਦੀ ਹੈ। ਇਸ ਨਾਲ ਅੰਮ੍ਰਿਤਸਰ ਤੋਂ ਕੌਮਾਂਤਰੀ ਹਵਾਈ ਸਫ਼ਰ ਨੂੰ ਹੋਰ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਫਲਾਈ ਅੰਮ੍ਰਿਤਸਰ ਦੀ ਟੀਮ ਨੇ ਸਕੂਟ ਏਅਰਲਾਈਨ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰ ਕੇ ਅੰਮ੍ਰਿਤਸਰ ਲਈ ਹਫ਼ਤੇ ਵਿੱਚ ਉਡਾਣਾਂ ਦੀ ਗਿਣਤੀ 10 ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਸਕੂਟ ਦੀ ਉਡਾਣ 7.40 ਵਜੇ ਰਵਾਨਾ ਹੁੰਦੀ ਹੈ ਤੇ ਸਥਾਨਕ ਸਮੇਂ ਅਨੁਸਾਰ ਸਵੇਰੇ 4.05 ਪੁੱਜਦੀ ਹੈ।