ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਨਵੰਬਰ
ਖੇਤੀ ਕਾਨੂੰਨਾਂ ਵਿਰੁਧ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦੇਣ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਵਿਚ ਕਿਸਾਨਾਂ ’ਤੇ ਕੀਤੇ ਗਏ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਵਰਗਾਂ ਦੇ ਲੋਕਾਂ ਨੂੰ ਕਿਸਾਨਾਂ ਦੀ ਮਦਦ ਕਰਨ ਵਾਸਤੇ ਆਖਿਆ। ਵੀਡਿਓ ਸੁਨੇਹੇ ਰਾਹੀਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅੰਗਰੇਜ਼ ਸਰਕਾਰ ਵਲੋਂ ਲੋਕ ਰੋਹ ਨੂੰ ਦਬਾਉਣ ਲਈ ਲੋਕਾਂ ’ਤੇ ਤਸ਼ੱਦਦ ਕੀਤਾ ਜਾਂਦਾ ਹੈ ਪਰ ਅੱਜ ਅਜ਼ਾਦ ਭਾਰਤ ਵਿਚ ਹਰਿਆਣਾ ਸਰਕਾਰ ਵਲੋਂ ਕਿਸਾਨਾਂ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਸਰਦੀ ਦੇ ਮੌਸਮ ਵਿਚ ਠੰਢੇ ਪਾਣੀ ਦੀਆਂ ਬੁਛਾੜਾਂ ਕਿਸਾਨਾਂ ’ਤੇ ਮਾਰੀਆਂ ਗਈਆਂ ਹਨ, ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ ਗਿਆ ਹੈ, ਜੋ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅੰਨਾ ਹਜ਼ਾਰੇ ਲੋਕਪਾਲ ਬਿੱਲ ਦੇ ਖਿਲਾਫ ਮੋਰਚਾ ਲਾ ਸਕਦਾ ਹੈ, ਧਰਨਾ ਦੇ ਸਕਦਾ ਹੈ ਅਤੇ ਆਪਣੀ ਆਵਾਜ਼ ਭਾਰਤੀ ਪਾਰਲੀਮੈਂਟ ਤਕ ਪਹੁੰਚਾਉਣ ਦਾ ਯਤਨ ਕਰ ਸਕਦਾ ਹੈ ਪਰ ਭਾਰਤੀ ਕਿਸਾਨ ਅਜਿਹਾ ਕਿਉਂ ਨਹੀਂ ਕਰ ਸਕਦੇ।