ਦਵਿੰਦਰ ਪਾਲ
ਚੰਡੀਗੜ੍ਹ, 23 ਜੂਨ
ਪੰਜਾਬ ਦੇ ਅਕਾਲੀ ਅਤੇ ਕਾਂਗਰਸੀ ਵਿਧਾਇਕਾਂ ਨੇ ਸੂਬੇ ਦੇ ਸਹਿਕਾਰੀ ਬੈਂਕਾਂ ਦਾ ਕੇਂਦਰੀਕਰਨ ਕੀਤੇ ਜਾਣ ਦੇ ਪ੍ਰਸਤਾਵ ਦਾ ਤਿੱਖਾ ਵਿਰੋਧ ਕੀਤਾ ਹੈ। ਦੋਹਾਂ ਪਾਰਟੀਆਂ ਦੇ ਵਿਧਾਇਕਾਂ ਅਤੇ ਆਗੂਆਂ ਨੇ ਅੱਜ ਇੱਥੇ ਪੰਜਾਬ ਭਵਨ ’ਚ ਮੀਟਿੰਗ ਕਰਕੇ ਕਿਹਾ ਕਿ ਸਹਿਕਾਰਤਾ ਲਹਿਰ ਨੂੰ ਬਚਾਉਣ ਲਈ ਸਭ ਤੋਂ ਪਹਿਲਾਂ ਸਹਿਕਾਰੀ ਅਦਾਰਿਆਂ ਨੂੰ ਅਫ਼ਸਰਸ਼ਾਹੀ ਦੀ ਗੁਲਾਮੀ ਹੇਠੋਂ ਕੱਢਿਆ ਜਾਵੇ। ਕੇਂਦਰੀਕਰਨ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਸਹਿਕਾਰੀ ਅਦਾਰੇ ਪੂਰੀ ਤਰ੍ਹਾਂ ਅਫਸਰਸ਼ਾਹੀ ਦੀ ਜਕੜ ਵਿੱਚ ਆ ਜਾਣਗੇ ਤੇ ਇਹ ਅਦਾਰੇ ਮਹਿਜ਼ ਨਾਂ ਦੇ ਹੀ ਸਹਿਕਾਰੀ ਰਹਿ ਜਾਣਗੇ।
ਇਸ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਾਬਕਾ ਕਾਂਗਰਸੀ ਮੰਤਰੀ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸਹਿਕਾਰੀ ਅਦਾਰਿਆਂ ਦੇ ਕੇਂਦਰੀਕਰਨ ਦਾ ਮਤਲਬ ਕਿਸਾਨਾਂ ਦੀਆਂ ਇਨ੍ਹਾਂ ਸੰਸਥਾਵਾਂ ਤੋਂ ਕਿਸਾਨੀ ਨੂੰ ਬੇਦਖਲ ਕਰਨਾ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਅਦਾਰਿਆਂ ਨੂੰ ਕਿਸੇ ਵੀ ਕੀਮਤ ’ਤੇ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ। ਕਾਂਗਰਸੀ ਵਿਧਾਇਕ ਨੇ ਕਿਹਾ ਕਿ ਦੇਸ਼ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਸਾਡੇ ਪੁਰਖਿਆਂ ਨੇ ਬਹੁਤ ਕੁਰਬਾਨੀਆਂ ਕੀਤੀਆਂ ਹਨ। ਮੌਜੂਦਾ ਸਮੇਂ ਜਿਸ ਤਰ੍ਹਾਂ ਕਿਸਾਨੀ ਆਰਥਿਕ ਅਤੇ ਮੰਡੀਕਰਨ ਦੇ ਸੰਕਟ ਨਾਲ ਜੂਝ ਰਹੀ ਹੈ, ਉਸ ’ਚੋਂ ਕੱਢਣ ਲਈ ਸਹਿਕਾਰੀ ਅਦਾਰੇ ਹੀ ਸਹਾਈ ਹੋ ਸਕਦੇ ਹਨ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਹ ਬੈਂਕਾਂ ਪੂਰੇ ਪੰਜਾਬ ਦੇ ਕਿਸਾਨਾਂ, ਗਰੀਬ ਵਰਗ ਅਤੇ ਪੇਂਡੂ ਵਰਗ ਦੀ ਨੁਮਾਇੰਦਗੀ ਕਰਦੀਆਂ ਹਨ। ਇਨ੍ਹਾਂ ਦੇ ਰਲੇਵੇਂ ਨਾਲ ਸਹਿਕਾਰੀ ਬੈਂਕਾਂ ਦੀ ਪਰਿਭਾਸ਼ਾ ਖ਼ਤਮ ਹੋ ਕੇ ਸਰਕਾਰੀ ਬੈਂਕ ਬਣ ਜਾਵੇਗੀ, ਜੋ ਕਿ ਸਹਿਕਾਰਤਾ ਦੇ ਮੂਲ ਸਿਧਾਂਤਾਂ ਦੇ ਉਲਟ ਹੈ ।
ਇਸ ਮੌਕੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸਹਿਕਾਰਤਾ ਦੀ ਤਿੰਨ ਪੱਧਰੀ ਪ੍ਰਣਾਲੀ ਸਹਿਕਾਰੀ ਬੈਂਕਾਂ ਦਾ ਮੁੱਢਲਾ ਅਸੂਲ ਹੈ। ਉਸ ਨੂੰ ਖ਼ਤਮ ਕਰਕੇ ਕੇਂਦਰੀਕਰਨ ਕੀਤਾ ਜਾ ਰਿਹਾ ਹੈ, ਜੋ ਸਹਿਕਾਰਤਾ ਦੇ ਸਿਧਾਂਤਾਂ ਦੇ ਖ਼ਿਲਾਫ਼ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਸਹਿਕਾਰੀ ਬੈਂਕਾਂ ਦੀ ਮਦਦ ਕਰਕੇ ਬੈਂਕਾਂ ਨੂੰ ਘਾਟੇ ’ਚੋਂ ਉਭਾਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ।
ਇਸ ਮੀਟਿੰਗ ਵਿੱਚ ਸੁਝਾਅ ਦਿੱਤਾ ਗਿਆ ਕਿ ਸਰਕਾਰ ਨੂੰ ਆਪਣੇ ਵੱਖ ਵੱਖ ਮਹਿਕਮਿਆਂ ਦੇ ਫੰਡ ਇਨ੍ਹਾਂ ਸਹਿਕਾਰੀ ਬੈਂਕਾਂ ਵਿਚ ਰੱਖਣੇ ਚਾਹੀਦੇ ਹਨ। ਰਾਣਾ ਗੁਰਜੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਇਸ ਰਲੇਵੇਂ ਦਾ ਵਿਰੋਧ ਕੀਤਾ ਜਾਵੇਗਾ। ਮੀਟਿੰਗ ਵਿੱਚ ਅੰਗਦ ਸੈਣੀ, ਪਰਗਟ ਸਿੰਘ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਚੌਧਰੀ ਦਰਸ਼ਨ ਲਾਲ ਮੰਗੂਪੁਰ ਸਾਰੇ ਵਿਧਾਇਕ, ਸਾਬਕਾ ਚੇਅਰਮੈਨ ਅਵਤਾਰ ਸਿੰਘ ਜ਼ੀਰਾ, ਤਜਿੰਦਰ ਸਿੰਘ ਮਿੱਡੂ ਖੇੜਾ ਸਾਬਕਾ ਚੇਅਰਮੈਨ ਜ਼ਿਲ੍ਹਾ ਸਹਿਕਾਰੀ ਬੈਂਕ, ਗੁਰਪ੍ਰੀਤ ਸਿੰਘ ਮਲੂਕਾ ਸਾਬਕਾ ਐੱਮਡੀ ਸੈਂਟਰਲ ਕੋਆਪਰੇਟਿਵ ਬੈਂਕ ਬਠਿੰਡਾ, ਜੈਸਰਤ ਸਿੰਘ ਸੰਧੂ ਵਾਈਸ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ, ਹਰਜੀਤ ਸਿੰਘ ਪਰਮਾਰ ਚੇਅਰਮੈਨ ਜ਼ਿਲ੍ਹਾ ਸਹਿਕਾਰੀ ਬੈਂਕ ਕਪੂਰਥਲਾ, ਸਤਿੰਦਰਪਾਲ ਸਿੰਘ ਢੱਟ ਸਾਬਕਾ ਚੇਅਰਮੈਨ, ਪਰਮਿੰਦਰ ਸਿੰਘ ਪੰਨੂ ਡਾਇਰੈਕਟਰ ਪੰਜਾਬ ਰਾਜ ਸਹਿਕਾਰੀ ਬੈਂਕ, ਮਨੀਸ਼ ਖੰਨਾ ਸੀਨੀਅਰ ਸਹਿਕਾਰੀ ਆਗੂ, ਰਣਜੀਤ ਸਿੰਘ ਡਾਇਰੈਕਟਰ ਪੰਜਾਬ ਰਾਜ ਸਹਿਕਾਰੀ ਬੈਂਕ ਤੇ ਹੋਰਾਂ ਨੇ ਹਿੱਸਾ ਲਿਆ।
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਪ੍ਰਸਤਾਵ ਦਾ ਵਿਰੋਧ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਵੀ ਇਸ ਮੀਟਿੰਗ ਵਿੱਚ ਉਚੇਚੇ ਤੌਰ ’ਤੇ ਪਹੁੰਚ ਕੇ ਸਰਕਾਰ ਦੇ ਪ੍ਰਸਤਾਵ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਪੰਜਾਬ ਵਿੱਚ ਸਹਿਕਾਰੀ ਸਭਾਵਾਂ ਜਾਂ ਬੈਂਕ ਮਹਿਜ਼ ਕਰਜ਼ੇ ਦੇਣ ਤੱਕ ਸੀਮਤ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਸਹਿਕਾਰੀ ਅਦਾਰੇ ਕਿਸਾਨੀ ਦੀ ਆਤਮਾ ਹੈ ਤੇ ਜੇ ਆਤਮਾ ਹੀ ਮਰ ਗਈ ਤਾਂ ਕਿਸਾਨੀ ਨੂੰ ਕੋਈ ਨਹੀਂ ਬਚਾ ਸਕਦਾ।