ਦਵਿੰਦਰ ਪਾਲ
ਚੰਡੀਗੜ੍ਹ, 23 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੇਸ਼ ਵਿਚ ਤਾਨਾਸ਼ਾਹੀ ਰੁਝਾਨਾਂ ਖ਼ਿਲਾਫ਼ ਦੇਸ਼ ਵਿਆਪਕੀ ਇਕਜੁੱਟ ਲਹਿਰ ਚਲਾਉਣ ਦਾ ਸੱਦਾ ਦਿੱਤਾ ਅਤੇ ਆਖਿਆ ਕਿ ਦੇਸ਼ ਵਿਚ ਅਸਲ ਸੰਘੀ ਢਾਂਚਾ ਸਥਾਪਿਤ ਕਰਨ ਲਈ ਅਜਿਹੀ ਮੁਹਿੰਮ ਜ਼ਰੂਰੀ ਹੈ। ਕਿਸਾਨ ਰੈਲੀ ਤੋਂ ਪਹਿਲਾਂ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਚੇਅਰਪਰਸਨ ਮਮਤਾ ਬੈਨਰਜੀ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਲਿਖੇ ਪੱਤਰ ਵਿੱਚ ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਅਤੇ ਪੱਛਮੀ ਬੰਗਾਲ ਨੇ ਹਮੇਸ਼ਾ ਰਾਜਾਂ ਲਈ ਸਹੀ ਵਿੱਤੀ ਤਾਕਤਾਂ ਤੇ ਸਿਆਸੀ ਖੁਦਮੁਖ਼ਤਿਆਰੀ ਦੀ ਲੜਾਈ ਲੜੀ ਹੈ ਤੇ ਸੂਬੇ ਮਜ਼ਬੂਤ ਹੋਣ ਦੀ ਬਦੌਲਤ ਭਾਰਤ ਇਕ ਮਜ਼ਬੂਤ ਸੰਘੀ ਰਾਜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਰਵਾਇਤ ਜਾਰੀ ਰੱਖਣੀ ਚਾਹੀਦੀ ਹੈ ਅਤੇ ਹਮਖਿਆਲੀ ਪਾਰਟੀਆਂ ਨੂੰ ਸੰਵਿਧਾਨ ਨਿਰਮਾਤਿਆਂ ਦੀਆਂ ਭਾਵਨਾਵਾਂ ਅਨੁਸਾਰ ਦੇਸ਼ ਵਿੱਚ ਸਹੀ ਸੰਘੀ ਢਾਂਚਾ ਸਥਾਪਿਤ ਕਰਨ ਵਾਸਤੇ ਸਟੈਂਡ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਉਹ ਰਾਜਾਂ ਦੀਆਂ ਸ਼ਕਤੀਆਂ ਕੇਂਦਰ ਵੱਲੋਂ ਆਨੇ-ਬਹਾਨੇ ਐਕਟ ਪਾਸ ਕਰ ਕੇ ਖੋਰਾ ਲੱਗਦੀਆਂ ਵੇਖੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਸਮੇਤ ਰਾਜ ਸੂਚੀ ਦੇ ਅਨੇਕਾਂ ਵਿਸ਼ਿਆਂ ’ਤੇ ਕਾਨੂੰਨ ਬਣਾਏ ਹਨ, ਜਿਸ ਕਾਰਨ ਦੇਸ਼ ਵਿਚ ਮੌਜੂਦਾ ਸਮੇਂ ਵਿਚ ਕਿਸਾਨ ਅੰਦੋਲਨ ਚੱਲ ਰਿਹਾ ਹੈ। ਮਮਤਾ ਬੈਨਰਜੀ ਨੂੰ ਕਿਸਾਨੀ ਹੱਕਾਂ ਲਈ ਲੜਾਈ ਵਾਸਤੇ ਸ਼ੁਭਕਾਮਨਾਵਾਂ ਭੇਟ ਕਰਦਿਆਂ ਸਰਦਾਰ ਬਾਦਲ ਨੇ ਉਨ੍ਹਾਂ ਨੂੰ ਟੀਐਮਸੀ ਦੇ ਸੰਸਦ ਮੈਂਬਰਾਂ ਦੀ ਪੰਜ ਮੈਂਬਰੀ ਟੀਮ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਵਾਸਤੇ ਭੇਜਣ ਦੀ ਵਧਾਈ ਵੀ ਦਿੱਤੀ ਤੇ ਕਿਹਾ ਕਿ ਤੁਸੀਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਅਗਲੇ ਹਫਤੇ ਤੋਂ ਕਈ ਲੜੀਵਾਰ ਪ੍ਰੋਗਰਾਮ ਐਲਾਨ ਕੇ ਕਿਸਾਨ ਸੰਘਰਸ਼ ਨੂੰ ਮਜ਼ਬੂਤ ਕੀਤਾ ਹੈ। ਇਸ ਬਦੌਲਤ ਕਿਸਾਨ ਅੰਦੋਲਨ ਨੂੰ ਸਹੀ ਅਰਥਾਂ ਵਿਚ ਕਿਸਾਨ ਅੰਦੋਲਨ ਬਣਾਉਣ ਵਿਚ ਮਦਦ ਮਿਲੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਰਾਜਾਂ ਤੇ ਰਾਜ ਸਰਕਾਰਾਂ ਨੂੰ ਵੱਧ ਅਧਿਕਾਰਾਂ ਦੀ ਵਕਾਲਤ ਕਰਦਾ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਨਾਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਵਿੱਚ ਰਾਜ ਸਰਕਾਰਾਂ ਜ਼ਿਆਦਾ ਸਰਗਰਮ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਵਾਸਤੇ ਤੇ ਸੰਘੀ ਢਾਂਚੇ ਦੇ ਹੱਕ ਵਿਚ ਵੱਧ ਚੜ੍ਹ ਕੇ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਤੁਹਾਡੇ ਵੱਲੋਂ ਕਿਸਾਨ ਸੰਘਰਸ਼ ਦੀ ਡਟਵੀਂ ਹਮਾਇਤ ਕਰਨ ਨਾਲ ਸਾਡੇ ਸਾਂਝੇ ਯਤਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਕਰ ਦੇਣਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਟੀਐੱਮਸੀ ਆਗੂ ਨੂੰ ਇਹ ਵੀ ਦੱਸਿਆ ਕਿ ਪਾਰਟੀ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਰਦਾਰ ਸਿਕੰਦਰ ਸਿੰਘ ਮਲੂਕਾ ਦੀ ਸ਼ਮੂਲੀਅਤ ਵਾਲੀ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਹੈ ਜੋ ਇਸ ਮਾਮਲ ’ਤੇ ਹਮ ਖਿਆਲੀ ਪਾਰਟੀਆਂ ਨਾਲ ਰਾਏ ਮਸ਼ਵਰਾ ਕਰਨਗੇ। ਉਨ੍ਹਾਂ ਕਿਹਾ ਕਿ ਟੀਐੱਮਸੀ ਦੀ ਚੇਅਰਪਸਨ ਨਾਲ ਮੁਲਾਕਾਤ ਕਰਨ ਤੋਂ ਇਲਾਵਾ ਕਮੇਟੀ ਮੈਂਬਰਾਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਤੇ ਐੱਨਸੀਪੀ ਦੇ ਆਗੂ ਸ਼ਰਦ ਪਵਾਰ ਨਾਲ ਵੀ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਬਾਅ ਪਾਉਣ ਵਾਸਤੇ ਯਤਨ ਕਰਦਾ ਰਹੇਗਾ।