ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜਨਵਰੀ
ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਨਵੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਰਵੱਈਆ ਪੰਜਾਬ ਤੇ ਪੰਜਾਬੀਅਤ ਵਿਰੋਧੀ ਕਰਾਰ ਦਿੱਤਾ ਹੈ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ‘ਆਪ’ ਵੱਲ ਝੁਕਾਉਣ ਲਈ ਜਾਰੀ ਕੀਤੇ ਗੀਤ ਨੂੰ ਪੰਜਾਬੀਆਂ ’ਤੇ ਹਮਲਾ ਕਰਾਰ ਦਿੱਤਾ ਹੈ। ਕੋਰ ਕਮੇਟੀ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਅਤੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ‘ਆਪ’ ਮੁਖੀ ਅਰਵਿੰਦਰ ਕੇਜਰੀਵਾਲ ਨੂੰ ਕੇਂਦਰ ਬਿੰਦੂ ਬਣਾ ਕੇ ਜਾਰੀ ਕੀਤੇ ਇਸ ਗਾਣੇ ਤੋਂ ਸਪੱਸ਼ਟ ਹੋ ਗਿਆ ਹੈ ਕਿ ‘ਆਪ’ ਮੁਖੀ ਦੀ ਸੋਚ ਇੱਕ ਧਾੜਵੀ ਵਰਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੁੱਢ ਤੋਂ ਪੰਜਾਬੀਆਂ ਦਾ ਹੈ ਤੇ ਪੰਜਾਬੀਆਂ ਦਾ ਹੀ ਰਹੇਗਾ। ਉਨ੍ਹਾਂ ਕਿਹਾ ਕਿ ਸ੍ਰੀ ਕੇਜਰੀਵਾਲ ਵੱਲੋਂ ਆਪਣੀ ਸ਼ਖ਼ਸੀਅਤ ਨੂੰ ਪੰਜਾਬੀਆਂ ’ਤੇ ਥੋਪਣ ਤੋਂ ਸਾਬਤ ਹੁੰਦਾ ਹੈ ਕਿ ਇਸ ਆਗੂ ਕੋਲ ਜਾਂ ਤਾਂ ਪੰਜਾਬ ਵਿੱਚ ਕੋਈ ਲੀਡਰ ਨਹੀਂ ਜਾਂ ਉਹ ਆਪਣੇ ਆਗੂਆਂ ਦੀ ਤੌਹੀਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਪਾਰਟੀ ਨੇ ਇਸ ਗਾਣੇ ਰਾਹੀਂ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੀ ਤੌਹੀਨ ਕੀਤੀ ਹੈ ਤੇ ਪੰਜਾਬੀ ਕਿਸੇ ਵੀ ਕੀਮਤ ’ਤੇ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਆਗੂਆਂ ਨੇ ਕਿਹਾ ਕਿ ਹਾਲ ਹੀ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਸਾਨ ਆਗੂ ਬਲਬੀਰ ਸਿੰਘ ਦੀ ਤੌਹੀਨ ਕੀਤੀ ਤੇ ਇਸ ਤੋਂ ਪਹਿਲਾਂ ਸੁੱਚਾ ਸਿੰਘ ਛੋਟੇਪੁਰ, ਐੱਚਐੱਸ ਫੂਲਕਾ, ਸੁਖਪਾਲ ਸਿੰਘ ਖਹਿਰਾ ਵੀ ਕੇਜਰੀਵਾਲ ਦੇ ਹੰਕਾਰ ਅਤੇ ਪੰਜਾਬੀਆਂ ਵਿਰੋਧੀ ਨੀਤੀ ਦਾ ਸ਼ਿਕਾਰ ਹੋ ਚੁੱਕੇ ਹਨ।