ਖੇਤਰੀ ਪ੍ਰਤੀਨਿਧ
ਪਟਿਆਲਾ, 29 ਦਸੰਬਰ
ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਦੇਸ਼ ਦੀਆਂ ਖੇਤਰੀ ਪਾਰਟੀਆਂ ਨੂੰ ਕਿਸਾਨਾਂ ਦੇ ਹੱਕ ਵਿੱਚ ਅਜਿਹਾ ਮਾਹੌਲ ਸਿਰਜਣ ਦਾ ਸੱਦਾ ਦਿੱਤਾ ਹੈ, ਜਿਸ ਨਾਲ ਕਿਸਾਨਾਂ ਦੇ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਪ੍ਰਭਾਵ ਨੂੰ ਪੂਰੀ ਤਾਕਤ ਮਿਲ ਸਕੇ। ਇੱਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਜਿੱਤਣ ’ਤੇ ਦੇਸ਼ ਸੰਘੀ ਢਾਂਚੇ ਦੀ ਵੀ ਅੱਧੀ ਲੜਾਈ ਜਿੱਤ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਇਸ ਵੇਲੇ ਕਿਸਾਨੀ ਸੰਘਰਸ਼ ਦੀ ਹਰ ਪੱਖੋਂ ਮਦਦ ਕੀਤੀ ਜਾ ਰਹੀ ਹੈ। ਕਿਸਾਨੀ ਮੋਰਚਾ ਫ਼ਤਹਿ ਕਰਨ ਮਗਰੋਂ ਉਨ੍ਹਾਂ ਦੀ ਪਾਰਟੀ ਖੇਤਰੀ ਪਾਰਟੀਆਂ ਨਾਲ ਮਿਲ ਕੇ ਸੰਘੀ ਢਾਂਚਾ ਮਜ਼ਬੂਤ ਕਰਨ ਲਈ ਢੁਕਵਾਂ ਮਾਹੌਲ ਸਿਰਜੇਗੀ।