ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਦਸੰਬਰ
ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ’ਤੇ ਖੇਤੀ ਕਾਨੂੰਨਾਂ ਦੇ ਮਾਮਲੇ ਵਿਚ ਦੋਹਰੇ ਮਾਪਦੰਡ ਅਪਣਾਉਣ ਦੇ ਦੋਸ਼ ਲਾਉਂਦਿਆਂ ਆਖਿਆ ਕਿ ਉਸ ਨੇ ਦੁੱਖ-ਸੁੱਖ ਵਿਚ ਸਾਥ ਦੇਣ ਵਾਲੇ ਦੋਸਤ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਭਾਜਪਾ ਵਲੋਂ ਖੇਤੀ ਕਾਨੂੰਨਾਂ ਦੇ ਹੱਕ ਵਿਚ ਸ਼ੁਰੂ ਕੀਤੀ ਪ੍ਰਚਾਰ ਮੁਹਿੰਮ ਦੌਰਾਨ ਉਨ੍ਹਾਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਵਿਚ ਹਨ।
ਭਾਜਪਾ ਦੇ ਦਫਤਰ ਖੰਨਾ ਸਮਾਰਕ ਵਿਚ ਸ੍ਰੀ ਮਲਿਕ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਖੇਤੀ ਕਾਨੂੰਨਾਂ ਸਬੰਧੀ ਮੀਟਿੰਗਾਂ ਵਿਚ ਸ਼ਾਮਲ ਹੁੰਦੇ ਰਹੇ ਹਨ ਅਤੇ ਉਨ੍ਹਾਂ ਨੇ ਕਾਨੂੰਨਾਂ ਨੂੰ ਕਿਸਾਨ ਪੱਖੀ ਦੱਸਦਿਆਂ ਇਨ੍ਹਾਂ ਦੀ ਸ਼ਲਾਘਾ ਵੀ ਕੀਤੀ ਸੀ। ਇਸੇ ਤਰ੍ਹਾਂ ਸੰਸਦ ਮੈਂਬਰ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਨ੍ਹਾਂ ਕਾਨੂੰਨਾਂ ਦੀ ਸ਼ਲਾਘਾ ਕੀਤੀ ਸੀ।