ਬਠਿੰਡਾ (ਮਨੋਜ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਦਲ ਪਰਿਵਾਰ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਭ੍ਰਿਸ਼ਟਾਚਾਰ ਵਧਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਨੂੰ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਕਮਾਂਡ ਸੁਖਬੀਰ ਸਿੰਘ ਬਾਦਲ ਕੋਲ ਆਉਣ ਕਾਰਨ ਪਾਰਟੀ ਦਾ ਨਿਘਾਰ ਹੋਇਆ ਹੈ।
ਸ੍ਰੀ ਢੀਂਡਸਾ ਨੇ ਕਿਹਾ ਕਿ ਬਾਦਲਾਂ ਦੀ ਅਗਵਾਈ ਵਾਲਾ ਸ਼੍ਰੋਮਣੀ ਅਕਾਲੀ ਦਲ ਮੂਲ ਸਿਧਾਂਤਾਂ ਤੋਂ ਥਿੜਕ ਗਿਆ ਹੈ। ਇਸ ਵੇਲੇ ਹਾਲਾਤ ਇਹ ਹਨ ਕਿ ਕਿਸਾਨਾਂ ਦਾ ਮਸੀਹਾ ਕਹੇ ਜਾਂਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵੀ ਕੋਈ ਪੁੱਛ-ਪ੍ਰਤੀਤ ਨਹੀਂ ਰਹੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਉਨ੍ਹਾਂ ਦੀ ਪਾਰਟੀ ਦਾ ਨਿਸ਼ਾਨਾ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਦੇ ਕਬਜ਼ੇ ਵਿੱਚੋਂ ਛੁਡਵਾਉਣਾ ਅਤੇ ਇਸ ਸੰਸਥਾ ਨੂੰ ਲੋਕਤੰਤਰੀ ਲੀਹਾਂ ’ਤੇ ਤੋਰਨਾ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਚੋਣਾਂ ’ਚ ਗੱਠਜੋੜ ਬਾਰੇ ਫ਼ੈਸਲਾ ਕਰੇਗੀ। ਉਨ੍ਹਾਂ ਭਾਜਪਾ ਨਾਲ ਗੱਠਜੋੜ ਕਰਨ ਤੋਂ ਇਨਕਾਰ ਕੀਤਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਜਿਹੜੇ ਆਗੂ ਸ਼੍ਰੋਮਣੀ ਕਮੇਟੀ ਦੀ ਚੋਣ ਲੜਨਗੇ, ਉਹ ਕੋਈ ਸਿਆਸੀ ਅਹੁਦਾ ਨਹੀਂ ਲੈਣਗੇ, ਜਿਸ ਸਬੰਧੀ ਲਿਖਤੀ ਰੂਪ ’ਚ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਸੰਵਿਧਾਨ ਤਿਆਰ ਕਰ ਲਿਆ ਗਿਆ ਹੈ ਅਤੇ ਅਗਲੇ ਕੁਝ ਦਿਨਾਂ ’ਚ ਇਸ ਬਾਰੇ ਵਿਚਾਰ ਕਰ ਕੇ ਅੰਤਿਮ ਰੂਪ ਦਿੱਤਾ ਜਾਵੇਗਾ।