ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 16 ਸਤੰਬਰ
ਸ੍ਰੀ ਗੁਰੂ ਰਾਮਦਾਸ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਦੇ ਜੋਤੀ ਜੋਤਿ ਦਿਵਸ ਦੇ 450 ਸਾਲ ਪੂਰੇ ਹੋਣ ਸਬੰਧੀ ਸਮਾਗਮ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਅਖੰਡ ਪਾਠ ਆਰੰਭ ਹੋਏ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਸਣੇ ਵੱਖ ਵੱਖ ਮਹਾਪੁਰਖ, ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਸੰਗਤ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਈ।
ਬੀਤੇ ਦਿਨ ਤੋਂ ਸ਼ੁਰੂ ਹੋਏ ਸ਼ਤਾਬਦੀ ਸਮਾਗਮਾਂ ਦੇ ਦੂਜੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਸਿੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਨੇ ਪੁਰਾਤਨ ਪਰੰਪਰਾ ਅਨੁਸਾਰ ਤੰਤੀ ਸਾਜ਼ਾਂ ਨਾਲ ਕੀਰਤਨ ਕੀਤਾ। ਇਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਗੁਰਮਤਿ ਸੰਗੀਤ, ਢਾਡੀ, ਕਵਿਸ਼ਰ, ਕਵਿਤਾ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਗੁਰਮਤਿ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਭਾਰਤ ਸਰਕਾਰ ਨੇ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੁਝ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਜੋ ਅੱਜ ਤੱਕ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸ਼ਤਾਬਦੀ ਨੂੰ ਸਮਰਪਿਤ ਹੋ ਕੇ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਮਤਿ ਸੰਗੀਤ ਵਿੱਚ ਭਾਗ ਲੈਣ ਵਾਲੇ ਸਿੱਖ ਮਿਸ਼ਨਰੀ ਕਾਲਜਾਂ ਤੇ ਸਕੂਲਾਂ ਨੂੰ 21-21 ਹਜ਼ਾਰ ਰੁਪਏ ਦੀ ਉਤਸ਼ਾਹੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਲੰਗਰ ਵਿੱਚ ਸੇਵਾ
ਸ਼ਤਾਬਦੀ ਸਮਾਗਮ ਦੇ ਦੂਜੇ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਿੱਥੇ ਵੱਖ-ਵੱਖ ਜਥੇਬੰਦੀਆਂ ਤੇ ਸੰਪਰਦਾਵਾਂ ਵੱਲੋਂ ਲਗਾਏ ਲੰਗਰਾਂ ਵਿੱਚ ਜਾ ਕੇ ਸਮੁੱਚੇ ਪ੍ਰਬੰਧਾਂ ਨੂੰ ਵਾਚਿਆ ਉੱਥੇ ਹੀ ਉਨ੍ਹਾਂ ਖੁਦ ਵੀ ਸੰਗਤ ਨੂੰ ਲੰਗਰ ਵਰਤਾਉਣ ਦੀ ਸੇਵਾ ਕੀਤੀ। ਹਰਜਿੰਦਰ ਸਿੰਘ ਧਾਮੀ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀਆਂ ਲੰਗਰ ਸੇਵਾਵਾਂ ਦੀ ਸ਼ਲਾਘਾ ਕਰਨ ਦੇ ਨਾਲ-ਨਾਲ ਉਨ੍ਹਾਂ ਵੱਲੋਂ ਤਿਆਰ ਕੀਤੀ ਗਈ ਲੰਗਰ ਹਾਲ ਦੀ ਨਵੀਂ ਇਮਾਰਤ ਦੇ ਕਾਰਜਾਂ ’ਤੇ ਵੀ ਤਸੱਲੀ ਪ੍ਰਗਟਾਈ। ਐਡਵੋਕੇਟ ਧਾਮੀ ਨੇ ਦਮਦਮੀ ਟਕਸਾਲ ਤੋਂ ਇਲਾਵਾ ਹੋਰ ਕਾਰ ਸੇਵਾ ਸਪੰਰਦਾਵਾਂ, ਨਿਹੰਗ ਸਿੰਘ ਦਲਾਂ, ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤ ਵੱਲੋਂ ਲਗਾਏ ਗਏ ਲੰਗਰਾਂ ਦੀ ਵੀ ਸ਼ਲਾਘਾ ਕੀਤੀ।
ਪੈਦਲ ਨਗਰ ਕੀਰਤਨ ਅੱਜ ਸਜਾਇਆ ਜਾਵੇਗਾ
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਤਹਿਤ ਭਲਕੇ 17 ਸਤੰਬਰ ਨੂੰ ਗੁਰਦੁਆਰਾ ਸ੍ਰੀ ਤਪਿਆਣਾ ਸਾਹਿਬ ਸ੍ਰੀ ਖਡੂਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਤੱਕ ਪੰਥਕ ਰਵਾਇਤਾਂ ਤੇ ਖ਼ਾਲਸਾਈ ਜਾਹੋ-ਜਲਾਲ ਨਾਲ ਅਲੌਕਿਕ ਪੈਦਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਖ਼ਾਲਸਾ ਪੰਥ ਦੀਆਂ ਸਮੂਹ ਜਥੇਬੰਦੀਆਂ, ਸੰਪਰਦਾਵਾਂ, ਨਿਹੰਗ ਸਿੰਘ ਦਲ, ਸਭਾ ਸੁਸਾਇਟੀਆਂ ਅਤੇ ਸੰਗਤਾਂ ਵੱਲੋਂ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਪੁਰਾਤਨ ਰਵਾਇਤ ਤਹਿਤ ਸਜਾਏ ਜਾ ਰਹੇ ਇਸ ਨਗਰ ਕੀਰਤਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹਨ।