ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਸਤੰਬਰ
ਅਕਾਲੀ ਦਲ ਸੰਯੁਕਤ ਨਾਲ ਸਬੰਧਤ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਅੱਜ ਜਥੇਬੰਦੀ ਦਾ 77ਵਾਂ ਸਥਾਪਨਾ ਦਿਵਸ ਅਕਾਲ ਤਖ਼ਤ ’ਚ ਕਿਸਾਨੀ ਹਿੱਤਾਂ ਲਈ ਅਰਦਾਸ ਕਰਕੇ ਮਨਾਇਆ। ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਤੇ ਮਨਜੀਤ ਸਿੰਘ ਭੋਮਾ ਦੀ ਸਰਪ੍ਰਸਤੀ ਹੇਠ ਜਥੇਬੰਦੀ ਦੇ ਪ੍ਰਧਾਨ ਜਗਰੂਪ ਸਿੰਘ ਚੀਮਾ ਵੱਲੋਂ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਫੈਡਰੇਸ਼ਨ ਦੇ ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸਾਨਾਂ ਨਾਲ ਹਮਦਰਦੀ ਵਾਲਾ ਰਾਹ ਅਖ਼ਤਿਆਰ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਮੋਦੀ ਸਰਕਾਰ ਨੂੰ ਕੁਰਸੀ ਛੱਡਣੀ ਪਵੇਗੀ। ਇਸ ਮੌਕੇ ਅਕਾਲੀ ਆਗੂਆਂ ਅਤੇ ਸਾਬਕਾ ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੀ ਜਿੱਤ ਤੱਕ ਫੈਡਰੇਸ਼ਨ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ ਰਹੇਗੀ। ਇਸ ਮੌਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਤਿੰਨੋਂ ਖੇਤੀ ਕਾਨੂੰਨ ਬਿਨਾਂ ਦੇਰੀ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ-ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਫੈਡਰੇਸ਼ਨ ਦੀਆਂ ਇਕਾਈਆਂ ਮੁੜ ਸਥਾਪਤ ਕੀਤੀਆਂ ਜਾਣਗੀਆਂ। ਇਸ ਮੌਕੇ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਇਹ ਐਲਾਨ ਕੀਤਾ ਗਿਆ ਕਿ ਫੈਡਰੇਸ਼ਨ ਜਲਦੀ ਹੀ ਗੁਰਮਤਿ ਸਿਖਲਾਈ ਕੈਂਪ ਤੇ ਸੈਮੀਨਾਰ ਸ਼ੁਰੂ ਕਰਵਾਏਗੀ, ਜਿਸ ਦੀ ਸ਼ੁਰੂਆਤ 30 ਸਤੰਬਰ ਨੂੰ ਆਨੰਦਪੁਰ ਸਾਹਿਬ ਤੋਂ ਕੀਤੀ ਜਾਵੇਗੀ। ਜਥੇਬੰਦੀ ਵੱਲੋਂ ਸੰਦੀਪ ਕੌਰ ਕਾਸ਼ਤੀਵਾਲ, ਬਲਜਿੰਦਰ ਸਿੰਘ ਪਰਵਾਨਾ, ਰਣਜੀਤ ਸਿੰਘ ਦਮਦਮੀ ਟਕਸਾਲ, ਅੰਮ੍ਰਿਤਪਾਲ ਸਿੰਘ ਮਹਿਰੋਂ, ਦਿਲਬਾਗ ਸਿੰਘ ਸੁਲਤਾਨਵਿੰਡ, ਭੁਪਿੰਦਰ ਸਿੰਘ, ਜੁਗਰਾਜ ਸਿੰਘ, ਭੁਪਿੰਦਰ ਸਿੰਘ ਸੱਜਣ, ਪਰਮਜੀਤ ਸਿੰਘ ਅਕਾਲੀ, ਰਾਜਿੰਦਰ ਸਿੰਘ ਰਾਮਪੁਰ ਦਾ ਸਨਮਾਨ ਕੀਤਾ ਗਿਆ।