ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ/ਮੋਗਾ, 27 ਅਕਤੂਬਰ
ਰੋਜ਼ੀ ਰੋਟੀ ਲਈ ਮਸਕਟ ਗਏ ਕਰੀਬ ਦੋ ਦਰਜਨ ਭਾਰਤੀਆਂ ਕੋਲ ਕੰਮ ਕਰਨ ਦਾ ਵੀਜ਼ਾ ਨਾ ਹੋਣ ਕਰਕੇ ਇੱਕ ਕੰਪਨੀ ਵੱਲੋਂ ਉਨ੍ਹਾਂ ਨੂੰ ਬੰਦੀ ਬਣਾ ਕੇ ਵੀਜ਼ਾ ਫੀਸ ਲਈ ਮੋਟੀ ਰਕਮ ਮੰਗੀ ਜਾ ਰਹੀ ਹੈ। ਇਨ੍ਹਾਂ ਭਾਰਤੀਆਂ ਵਿੱਚ ਚਾਰ ਨੌਜਵਾਨ ਪੰਜਾਬ ਦੇ ਵੀ ਸ਼ਾਮਲ ਹਨ। ਹਫ਼ਤੇ ਭਰ ਤੋਂ ਰੋਟੀ ਪਾਣੀ ਤੋਂ ਬਿਨਾਂ ਦਿਨ ਕੱਟ ਰਹੇ ਇਨ੍ਹਾਂ ਨੌਜਵਾਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਦਦ ਦੀ ਅਪੀਲ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਨੌਜਵਾਨਾਂ ਵਿੱਚ ਸੁਖਵਿੰਦਰ ਸਿੰਘ ਗੁਰਦਾਸਪੁਰ, ਗੁਰਲਾਲ ਸਿੰਘ ਮਾਨਸਾ, ਜਸਕਰਨ ਸਿੰਘ ਬਾਘਾਪੁਰਾਣਾ ਤੇ ਜਗਦੀਪ ਸਿੰਘ ਨਿਹਾਲ ਸਿੰਘ ਵਾਲਾ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਦੋ ਮੋਗਾ ਜ਼ਿਲ੍ਹੇ ਨਾਲ ਸਬੰਧਤ ਹੈ। ਨੌਜਵਾਨਾਂ ਨੇ ਨਿਹਾਲ ਸਿੰਘ ਵਾਲਾ ਤੋਂ ‘ਆਪ’ ਦੇ ਹਲਕਾ ਇੰਚਾਰਜ ਰਾਜਪਾਲ ਸਿੰਘ ਨੂੰ ਵੀਡੀਓ ਕਾਲ ਰਾਹੀਂ ਦੱਸਿਆ ਕਿ ਉਹ ਏਜੰਟਾਂ ਨੂੰ ਪ੍ਰਤੀ ਵਿਅਕਤੀ ਅੱਸੀ-ਨੱਬੇ ਹਜ਼ਾਰ ਰੁਪਏ ਦੇ ਕੇ ਮਸਕਟ ਪੁੱਜੇ ਸਨ, ਪਰ ਏਜੰਟਾਂ ਨੇ ਧੋਖੇ ਨਾਲ ਉਨ੍ਹਾਂ ਨੂੰ ਵਿਜ਼ੀਟਰ ਵੀਜ਼ੇ ’ਤੇ ਉਥੇ ਭੇਜਿਆ ਹੈ। ਹੁਣ ਉਨ੍ਹਾਂ ਕੋਲ ਵਰਕ ਪਰਮਿਟ ਨਾ ਹੋਣ ਕਰਕੇ ਕੰਪਨੀ ਵੱਲੋਂ ਪ੍ਰਤੀ ਵਿਅਕਤੀ ਅੱਸੀ-ਨੱਬੇ ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਅਤੇ ਹਫ਼ਤੇ ਭਰ ਤੋਂ ਉਨ੍ਹਾਂ ਨੂੰ ਖਾਣ ਲਈ ਵੀ ਕੁਝ ਨਹੀਂ ਦਿੱਤਾ ਗਿਆ। ਬਾਕੀ ਦੇ ਨੌਜਵਾਨ ਯੂਪੀ ਤੇ ਬਿਹਾਰ ਨਾਲ ਸਬੰਧਤ ਹਨ। ਪੀੜਤ ਨੌਜਵਾਨਾਂ ਨੇ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਮਦਦ ਕਰਕੇ ਉਨ੍ਹਾਂ ਨੂੰ ਵਾਪਸ ਪੰਜਾਬ ਮੰਗਵਾ ਲੈਣ ਅਤੇ ਉਨ੍ਹਾਂ ਨਾਲ ਧੋਖਾ ਕਰਨ ਵਾਲੇ ਏਜੰਟਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ। ‘ਆਪ’ ਦੇ ਹਲਕਾ ਇੰਚਾਰਜ ਰਾਜਪਾਲ ਸਿੰਘ ਨੇ ਦੱਸਿਆ ਕਿ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਪਰਕ ਕਰਕੇ ਨੌਜਵਾਨਾਂ ਦੀ ਰਿਹਾਈ ਲਈ ਚਾਰਾਜੋਈ ਕੀਤੀ ਜਾ ਰਹੀ ਹੈ।
ਰਾਘਵ ਚੱਢਾ ਵੱਲੋਂ ਅਬੂਧਾਬੀ ’ਚ ਫਸੇ ਪੰਜਾਬੀਆਂ ਨੂੰ ਕੱਢਣ ਲਈ ਕੇਂਦਰ ਨੂੰ ਪੱਤਰ
ਚੰਡੀਗੜ੍ਹ (ਆਤਿਸ਼ ਗੁਪਤਾ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅਬੂਧਾਬੀ ਵਿੱਚ ਫਸੇ 100 ਪਰਵਾਸੀ ਪੰਜਾਬੀ ਮਜ਼ਦੂਰਾਂ ਦੀ ਸੁਰੱਖਿਅਤ ਅਤੇ ਜਲਦ ਘਰ ਵਾਪਸੀ ਲਈ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਦਖ਼ਲ ਦੀ ਮੰਗ ਕੀਤੀ ਹੈ। ਸ੍ਰੀ ਚੱਢਾ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਆਬੂਧਾਬੀ ਵਿੱਚ ਇੱਕ ਨਿੱਜੀ ਫਰਮ, ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਨੇ ਉੱਥੇ ਕੰਮ ਕਰਦੇ ਪੰਜਾਬ ਦੇ 100 ਦੇ ਕਰੀਬ ਮੂਲ ਨਿਵਾਸੀਆਂ ਦੇ ਕੰਟਰੈਕਟ ਖਤਮ ਕਰ ਦਿੱਤੇ ਹਨ ਤੇ ਉਨ੍ਹਾਂ ਦੇ ਪਾਸਪੋਰਟ ਵਾਪਸ ਕਰਨ ਤੋਂ ਵੀ ਮਨ੍ਹਾਂ ਕਰ ਰਹੇ ਹਨ। ਇਸ ਕਾਰਨ ਇਹ ਪੰਜਾਬੀ ਬਿਨਾਂ ਪਾਸਪੋਰਟ ਅਬੂਧਾਬੀ ਵਿੱਚ ਫਸੇ ਹੋਏ ਹਨ। ਸੰਸਦ ਮੈਂਬਰ ਨੇ ਕਿਹਾ ਕਿ ਆਨਲਾਈਨ ਅਰਜ਼ੀਆਂ ਦੇਣ ਅਤੇ ਪਰਿਵਾਰ ਵੱਲੋਂ ਟਿਕਟਾਂ ਦੇ ਪ੍ਰਬੰਧ ਕਰਨ ਲਈ ਤਿਆਰ ਰਹਿਣ ਦੇ ਬਾਵਜੂਦ ਉਹ ਕਾਮੇ ਭਾਰਤ ਪਰਤਣ ਤੋਂ ਅਸਮਰੱਥ ਹਨ। ‘ਆਪ’ ਦੇ ਸੀਨੀਅਰ ਆਗੂ ਨੇ ਕੇਂਦਰੀ ਮੰਤਰੀ ਨੂੰ ਫੌਰੀ ਦਖ਼ਲ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਉੱਥੇ ਫਸੇ ਹੋਏ ਲੋਕਾਂ ਨਾਲ ਸੰਪਰਕ ਸਥਾਪਿਤ ਕਰਨ ਲਈ ਦੁਬਈ ਵਿੱਚ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਜਾਰੀ ਕੀਤੇ ਜਾਣ। ਸ੍ਰੀ ਚੱਢਾ ਨੇ ਟਵੀਟ ਕਰਦਿਆਂ ਕਿਹਾ, “ਮੈਂ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਯੂਏਈ ਦੇ ਅਬੂਧਾਬੀ ਵਿੱਚ ਫਸੇ ਪੰਜਾਬ ਦੇ ਪਰਵਾਸੀ ਮਜ਼ਦੂਰਾਂ ਦੀ ਵਾਪਸੀ ਲਈ ਡਾ. ਐੱਸ ਜੈ ਸ਼ੰਕਰ ਨੂੰ ਤੁਰੰਤ ਇਸ ਮਾਮਲੇ ’ਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਅਸੀਂ ਆਪਣੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।’’