ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਸਤੰਬਰ
ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਧਾਇਕ ਪਾਰਟੀ ਵਿੰਗ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਲੋਕਤੰਤਰ ਦੀ ਰਾਖੀ ਲਈ ਉਹ ‘ਆਪ’ ਵੱਲੋਂ ਲਾਏ ਦੋਸ਼ਾਂ ਦੀ ਜਾਂਚ ਕਰਵਾਉਣ ਕਿ ਉਨ੍ਹਾਂ ਦੀ ਸਰਕਾਰ ਤੋੜਨ ਵਾਸਤੇ ਸੈਂਕੜੇ ਕਰੋੜ ਰੁਪਏ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਅਕਾਲੀ ਦਲ ਵਿਧਾਇਕ ਪਾਰਟੀ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਡਾ. ਸੁਖਵਿੰਦਰ ਕੁਮਾਰ, ਗਨੀਵ ਕੌਰ ਮਜੀਠੀਆ ਤੇ ਬਸਪਾ ਦੇ ਨਛੱਤਰਪਾਲ ਦੀ ਸ਼ਮੂਲੀਅਤ ਵਾਲੇ ਵਫਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਸੈਸ਼ਨ ਸੱਦ ਕੇ ਜਨਤਕ ਪੈਸਾ ਬਰਬਾਦ ਕਰਨ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇ ਤੇ ਚੱਲ ਰਹੇ ਵਿਸ਼ੇਸ਼ ਵਿਧਾਨ ਸਭਾ ਇਜਲਾਸ ਵਿਚ ਪੰਜਾਬੀਆਂ ਦੇ ਅਸਲ ਮੁੱਦਿਆਂ ’ਤੇ ਚਰਚਾ ਕਰਵਾਈ ਜਾਵੇ।