ਦਵਿੰਦਰ ਪਾਲ
ਚੰਡੀਗੜ੍ਹ, 12 ਅਗਸਤ
ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਨਾਲ ਸਬੰਧਤ ਨੇਤਾਵਾਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ, ਟੌਲ ਪਲਾਜ਼ਿਆਂ, ਅੰਬਾਨੀ ਅਤੇ ਅਡਾਨੀ ਟਿਕਾਣਿਆਂ, ਪੈਟਰੋਲ ਪੰਪਾਂ ਆਦਿ ਸਵਾ ਸੌ ਤੋਂ ਵੱਧ ਥਾਵਾਂ ’ਤੇ ਚੱਲ ਰਹੇ ਧਰਨਿਆਂ ਦੌਰਾਨ ਬੁਲਾਰਿਆਂ ਨੇ ਹਾਕਮਾਂ ਨੂੰ ‘ਅਸਲ ਆਜ਼ਾਦੀ’ ਦੇ ਅਰਥ ਸਮਝਾਉਣ ਅਤੇ ਖੇਤੀ ਕਾਨੂੰਨ ਵਾਪਸ ਕਰਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜਾ ‘ਅਧੂਰੀ ਆਜ਼ਾਦੀ’ ਵਾਲੇ ਦਿਨ ਵਜੋਂ ਮਨਾਉਣ ਦਾ ਸੱਦਾ ਦਿੱਤਾ ਹੈ। ਬੁਲਾਰਿਆਂ ਨੇ ਕਿਹਾ ਕਿ ਇਸ ਸਮੇਂ ਭਾਜਪਾ ਨੇ ਮੁਲਕ ਭਰ ਵਿੱਚ ਜਿਸ ਤਰ੍ਹਾਂ ਦਾ ਮਾਹੌਲ ਸਿਰਜ ਦਿੱਤਾ ਹੈ, ਉਸ ਤੋਂ ਸਪੱਸ਼ਟ ਹੈ ਕਿ ਹਾਕਮਾਂ ਨੂੰ ਅਸਲ ਆਜ਼ਾਦੀ ਦੇ ਅਰਥ ਸਮਝਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਤੇ ਹੋਰਨਾਂ ਦੇਸ਼ ਭਗਤਾਂ ਦਾ ਮਨੁੱਖੀ ਦੀ ਮਨੁੱਖ ਹੱਥੋਂ ਲੁੱਟ ਰਹਿਤ ਸਮਾਜ ਸਿਰਜਣ ਦਾ ਜੋ ਸੁਪਨਾ ਸਾਕਾਰ ਨਹੀਂ ਹੋਇਆ ਹੈ, ਜਿਸ ਲਈ ਦੇਸ਼ ਭਰ ’ਚ ਲਾਮਬੰਦੀ ਮੁਹਿੰਮ ਵਿੱਢਣ ਦੀ ਲੋੜ ਹੈ। ਆਗੂਆਂ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ’ਤੇ ਭ੍ਰਿਸ਼ਟ ਤੇ ਲੋਕ ਦੋਖੀ ਰਾਜ ਪ੍ਰਬੰਧ ਦੇ ਪੁਤਲੇ ਫੂਕੇ ਜਾਣਗੇ। ਸੰਯੁਕਤ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਮੋਰਚਿਆਂ ਦੀ ਮਜ਼ਬੂਤੀ ਲਈ ਰੋਜ਼ਾਨਾ ਕਿਸਾਨਾਂ ਦੇ ਵੱਡੇ ਜਥੇ ਰਵਾਨਾ ਹੋ ਰਹੇ ਹਨ। ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਅੱਜ ਇੱਥੇ ਦੱਸਿਆ ਕਿ ਭਲਕੇ 13 ਅਗਸਤ ਨੂੰ ਮਾਲਵੇ ਦੇ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਦਾ ਜਥਾ ਸਿੰਘੂ ਹੱਦ ਵੱਲ ਰਵਾਨਾ ਹੋਵੇਗਾ।