ਕਰਮਜੀਤ ਸਿੰਘ ਚਿੱਲਾ
ਬਨੂੜ, 17 ਨਵੰਬਰ
ਪਿਛਲੇ 38 ਦਿਨਾਂ ਤੋਂ ਅਜ਼ੀਜ਼ਪੁਰ ਦੇ ਟੌਲ ਪਲਾਜ਼ੇ ’ਤੇ ਖੇਤੀ ਕਾਨੂੰਨਾਂ ਵਿਰੁੱਧ ਧਰਨੇ ਉੱਤੇ ਬੈਠੇ ਕਿਸਾਨਾਂ ਦੀ ਹਮਾਇਤ ਵਿੱਚ ਅੱਜ ਇਲਾਕੇ ਦੇ ਧਾਰਮਿਕ ਮਹਾਪੁਰਸ਼ਾਂ ਨੇ ਵੀ ਸ਼ਮੂਲੀਅਤ ਕੀਤੀ। ਬਨੂੜ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਮੁੱਖ ਪ੍ਰਬੰਧਕ ਅਤੇ ਕਾਰ ਸੇਵਾ ਵਾਲੇ ਬਾਬਾ ਦਿਲਬਾਗ ਸਿੰਘ ਧਰਨੇ ਵਿੱਚ ਬੈਠੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨਿਰਮੈਲ ਸਿੰਘ ਜੌਲਾ ਕਲਾਂ, ਵੇਰਕਾ ਦੇ ਡਾਇਰੈਕਟਰ ਸੁਰਿੰਦਰ ਸਿੰਘ ਧਰਮਗੜ੍ਹ ਵੀ ਧਰਨਾਕਾਰੀਆਂ ਵਿੱਚ ਸ਼ਾਮਿਲ ਹੋਏ।
ਅੱਜ ਧਰਨੇ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਕਿਸਾਨ ਆਗੂਆਂ ਮਾਨ ਸਿੰਘ ਰਾਜਪੁਰਾ, ਹਰਜੀਤ ਸਿੰਘ ਟਹਿਲਪੁਰਾ, ਗੁਰਦਰਸ਼ਨ ਸਿੰਘ ਖਾਸਪੁਰ, ਜਸਵੰਤ ਸਿੰਘ ਨੰਡਿਆਲੀ, ਤਰਲੋਚਨ ਸਿੰਘ, ਮੋਹਨ ਸਿੰਘ ਸੋਢੀ, ਲਖਵਿੰਦਰ ਸਿੰਘ ਕਰਾਲਾ, ਕਿਰਪਾਲ ਸਿੰਘ ਸਿਆਊ, ਗੁਰਜੰਟ ਸਿੰਘ ਬੜ੍ਹੀ, ਉਜਾਗਰ ਸਿੰਘ ਧਮੌਲੀ ਨੇ ਸੰਬੋਧਨ ਕੀਤਾ। ਕਿਸਾਨ ਅਗੂਆਂ ਨੇ ਕੇਂਦਰ ਸਰਕਾਰ ਦੀ ਦੇਸ਼ ਦੇ ਅੰਨਦਾਤੇ ਪ੍ਰਤੀ ਅਪਣਾਈ ਬੇਰੁਖ਼ੀ ਦੀ ਆਲੋਚਨਾ ਕਰਦਿਆਂ ਚਿਤਾਵਨੀ ਦਿੱਤੀ ਕਿ ਕੇਂਦਰ ਨੂੰ ਕਿਸਾਨਾਂ ਨਾਲ ਟਕਰਾਅ ਮਹਿੰਗਾ ਪਵੇਗਾ। ਉਨ੍ਹਾਂ ਕਿਹਾ ਕਿ 26-27 ਨਵੰਬਰ ਦੇ ਦਿੱਲੀ ਘਿਰਾਓ ਲਈ ਪਿੰਡ ਪੱਧਰ ਉੱਤੇ ਮੀਟਿੰਗਾਂ ਕਰਕੇ ਕਿਸਾਨਾਂ ਤੇ ਹੋਰ ਵਰਗਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
ਇਸੇ ਦੌਰਾਨ ਧਰਨੇ ਵਿੱਚ ਸਾਬਕਾ ਫੌਜੀਆਂ ਦੀ ਐਸੋਸੀਏਸ਼ਨ ਵੱਲੋਂ ਪ੍ਰੇਮ ਸਿੰਘ ਬਨੂੜ, ਕੈਪਟਨ ਬੰਤ ਸਿੰਘ, ਬ੍ਰਿਜ ਲਾਲ ਆਦਿ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਾਬਕਾ ਫ਼ੌਜੀਆਂ ਨੇ ਕੇਂਦਰ ਸਰਕਾਰ ਵੱਲੋਂ ਫ਼ੌਜ ਦੀ ਨਫ਼ਰੀ ਵਿੱਚ ਕਟੌਤੀ ਕਰਨ ਦੀ ਤਜਵੀਜ਼ ਦੀ ਵੀ ਨਿਖੇਧੀ ਕੀਤੀ। ਟੌਲ ਤੋਂ ਸਮੁੱਚੇ ਵਾਹਨ ਬਿਨਾਂ ਵਸੂਲੀ ਲੰਘ ਰਹੇ ਹਨ।
ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਪਿੰਡਾਂ ’ਚ ਦਾਖ਼ਲੇ ਰੋਕਣ ਦਾ ਐਲਾਨ
ਚਮਕੌਰ ਸਾਹਿਬ (ਸੰਜੀਵ ਬੱਬੀ): ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਚਮਕੌਰ ਸਾਹਿਬ-ਰੂਪਨਗਰ ਸੜਕ ’ਤੇ ਸਥਿਤ ਪਿੰਡ ਕਮਾਲਪੁਰ ਟੌਲ ਪਲਾਜ਼ਾ ’ਤੇ ਅੱਜ 34ਵੇਂ ਦਿਨ ਵੀ ਧਰਨਾ ਜਾਰੀ ਰੱਖਦਿਆਂ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ। ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ, ਕਿਸਾਨ ਆਗੂ ਦਰਸ਼ਨ ਸਿੰਘ ਝੱਲੀਆਂ, ਸਹਾਰਾ ਸੇਵਾ ਸੁਸਾਇਟੀ ਦੇ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਸੰਗਤ ਸਿੰਘ ਅਤੇ ਬਾਈ ਪਰਮਿੰਦਰ ਸਿੰਘ ਸੇਖੋਂ ਆਦਿ ਕਿਸਾਨਾਂ ਨੇ ਕਿਹਾ ਕਿ ਕਾਨੂੰਨ ਰੱਦ ਹੋਣ ਤਕ ਟੌਲ ਪਲਾਜ਼ਿਆਂ ਸਣੇ ਰਿਲਾਇੰਸ ਦੇ ਪੰਪਾਂ ’ਤੇ ਧਰਨੇ ਜਾਰੀ ਰਹਿਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਇੱਕ ਪਾਸੇ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਦੀ ਤਿਆਰੀ ਕਰ ਰਹੀ ਹੈ, ਦੂਜੇ ਪਾਸੇ, ਕਿਸਾਨਾਂ ਨੂੰ ਉਜਾੜ ਕੇ ਵੱਡੇ ਘਰਾਣਿਆਂ ਨੂੰ ਜ਼ਮੀਨ ਦੇਣ ’ਤੇ ਤੁਲੀ ਹੋਈ ਹੈ। ਊਨ੍ਹਾਂ ਕਿਹਾ ਕਿ ਸੂਬੇ ਵਿਚ ਭਾਜਪਾ ਦੀ ਸਰਕਾਰ ਤੇ ਜ਼ਮੀਨਾਂ ’ਤੇ ਕਾਰਪੋਰੇਟਾਂ ਦੇ ਕਬਜ਼ੇ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਨੁਮਾਇੰਦਿਆਂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਨੇ ਪਿੰਡਾਂ ਵਿਚਲੀਆਂ ਸਬ-ਮੰਡੀਆਂ ਵਿੱਚ ਫ਼ਸਲ ਦੀ ਖ਼ਰੀਦ ਬੰਦ ਕਰ ਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ।