ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 13 ਸਤੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਸਬੰਧਿਤ ਕਾਰਕੁਨਾਂ ਨੇ ਹਲਕੇ ਦੇ ਪਿੰਡਾਂ ਵਿਚ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਪੁਤਲੇ ਫੂਕੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਜਨਤਾ ਦਰਬਾਰ ਦੌਰਾਨ ਕਿਸਾਨਾਂ ਨੇ ਵਿਧਾਇਕ ਤੋਂ ਸਵਾਲ ਪੁੱਛਣ ਦਾ ਪ੍ਰੋਗਰਾਮ ਬਣਾਇਆ ਸੀ। ਪਰ ਵਿਧਾਇਕ ਨੇ ਕਿਸਾਨ ਰੋਹ ਕਰ ਕੇ ਜਨਤਾ ਦਰਬਾਰ ਰੱਦ ਕਰ ਦਿੱਤਾ। ਇਸ ਮੌਕੇ ਵਿਧਾਇਕ ਨੇ ਮੀਡੀਆ ਨੂੰ ਦਿੱਤੇ ਬਿਆਨ ਵਿਚ ਕਿਸਾਨਾਂ ਖ਼ਿਲਾਫ਼ ਕਥਿਤ ਭੱਦੀ ਸ਼ਬਦਾਵਲੀ ਵਰਤੀ ਗਈ ਸੀ।
ਕਿਸਾਨ ਆਗੂ ਗੁਰਪ੍ਰੀਤ ਸਿੰਘ ਅਤੇ ਸੋਹਣ ਸਿੰਘ ਗਿੱਲ ਦੀ ਅਗਵਾਈ ਵਿੱਚ ਹਲਕੇ ਦੇ ਪਿੰਡ ਸ਼ੀਹਭੱਟੀ, ਕੋਟਲ ਹਰਚੰਦਾਂ, ਨਾਨੋਵਾਲ ਖੁਰਦ, ਗੁਨੋਪੁਰ ਅਤੇ ਕਸਬਾ ਪੁਰਾਣਾ ਸ਼ਾਲਾ ਵਿੱਚ ਵਿਧਾਇਕ ਦੇ ਪੁਤਲੇ ਫੂਕੇ ਗਏ। ਇਸ ਦੌਰਾਨ ਕਿਸਾਨਾਂ ਨੇ ਟਰੈਫਿਕ ਜਾਮ ਕਰ ਕੇ ਵਿਧਾਇਕ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕਿਹਾ ਕਿ ਮੁਆਫ਼ੀ ਮੰਗਣ ਤਕ ਵਿਰੋਧ ਜਾਰੀ ਰਹੇਗਾ।
ਸ੍ਰੀ ਹਰਗੋਬਿੰਦਪੁਰ (ਗੁਰਭੇਜ ਸਿੰਘ ਰਾਣਾ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਜ਼ੋਨ ਦਮਦਮਾ ਸਾਹਿਬ ਦੇ ਪ੍ਰਧਾਨ ਹਰਦੀਪ ਸਿੰਘ ਫ਼ੌਜੀ, ਜਨਰਲ ਸਕੱਤਰ ਪਰਮਿੰਦਰ ਸਿੰਘ ਚੀਮਾ ਖੁੱਡੀ, ਸੂਬੇਦਾਰ ਰਛਪਾਲ ਸਿੰਘ ਭਰਥ ਦੀ ਅਗਵਾਈ ਵਿੱਚ ਕਿਸਾਨਾਂ ਖ਼ਿਲਾਫ਼ ਭੱਦੀ ਸ਼ਬਦਾਵਲੀ ਬੋਲਣ ਦੇ ਵਿਰੋਧ ਵਿਧਾਇਕ ਬਾਜਵਾ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਕਿਹਾ ਕਿ ਪਿੰਡਾਂ ਵਿੱਚ ਹਰ ਸਿਆਸੀ ਪਾਰਟੀ ਦਾ ਸ਼ਾਂਤੀਪੂਰਵਕ ਵਿਰੋਧ ਕੀਤਾ ਜਾਵੇਗਾ।
ਟਾਂਡਾ (ਪੱਤਰ ਪ੍ਰੇਰਕ): ਖੇਤੀ ਕਾਨੂੰਨਾਂ ਵਿਰੁੱਧ ਅਤੇ ਦਿੱਲੀ ਵਿੱਚ ਚੱਲ ਰਹੇ ਅੰਦੋਲਨ ਲਈ ਲਾਮਬੰਦ ਕਰਨ ਲਈ ਕਿਸਾਨਾਂ ਦੀ ਮੀਟਿੰਗ ਪਿੰਡ ਝਾਵਾਂ ਵਿਚ ਹੋਈ। ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂ ਅਮਰਜੀਤ ਸਿੰਘ ਰੜ੍ਹਾ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਸੰਘਰਸ਼ ਜਾਰੀ ਰਹੇਗਾ।
ਭੋਗਪੁਰ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਕੌਮੀ ਮਾਰਗ ’ਤੇ ਅੱਡਾ ਕਿਸ਼ਨਗੜ੍ਹ ਚੌਕ ਵਿੱਚ ਧਰਨਾ ਲਾਇਆ ਜਾਵੇਗਾ। ਮੋਰਚੇ ਦੀ ਕਿਸ਼ਨਗੜ੍ਹ ਚੌਕ ਵਿੱਚ ਹੋਈ ਮੀਟਿੰਗ ਵਿਚ ਪ੍ਰਧਾਨ ਹਰਸ਼ਿਵੰਦਰ ਸਿੰਘ, ਭਗਵੰਤ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਅਟਵਾਲ ਆਦਿ ਹਾਜ਼ਰ ਸਨ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਮੋਰਚੇ ਦਾ ਕੋਈ ਵੀ ਅਹੁਦੇਦਾਰ ਵੇਰਕਾ ਮਿਲਕ ਪਲਾਂਟ ਜਲੰਧਰ ਦੇ ਡਾਇਰੈਕਟਰਜ਼ ਦੀਆਂ ਹੋ ਰਹੀਆਂ ਚੋਣਾਂ ਵਿਚ ਹਿੱਸਾ ਨਹੀਂ ਲਵੇਗਾ।
ਆਦਮਪੁਰ ਦੋਆਬਾ (ਹਤਿੰਦਰ ਮਹਿਤਾ): ਇੱਥੇ ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਅਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਰੈਲੀ ਕੀਤੀ ਗਈ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ, ਕਿਰਪਾਲ ਸਿੰਘ ਮੂਸਾਪੁਰ, ਸਤਨਾਮ ਸਿੰਘ ਸਾਹਨੀ ਵੀ ਪੁੱਜੇ। ਰੈਲੀ ਵਿਚ ਦਿੱਲੀ ਸੰਘਰਸ਼ ਨੂੰ ਮਜ਼ਬੂਤ ਕਰਨ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ 27 ਸਤੰਬਰ ਦੇ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਗਿਆ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਖੇਤੀ ਕਾਨੂੰਨਾਂ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਥਾਨਕ ਜੀਓ ਰਿਲਾਇੰਸ ਦਫ਼ਤਰ ਬਾਹਰ ਦਿੱਤਾ ਜਾ ਰਿਹਾ ਧਰਨਾ ਅੱਜ 306ਵੇਂ ਦਿਨ ’ਚ ਪੁੱਜ ਗਿਆ ਹੈ।
ਖੇਤੀ ਕਾਨੂੰਨ ਦੇਸ਼ ਦੇ ਹਰ ਵਰਗ ਨੂੰ ਢਾਹ ਲਾਉਣਗੇ: ਪਨੂੰ
ਭਿੱਖੀਵਿੰਡ (ਨਰਿੰਦਰ ਸਿੰਘ): ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਅਮਰਕੋਟ ਦਾਣਾ ਮੰਡੀ ਵਿਚ ਰੈਲੀ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਕੰਵਲਪ੍ਰੀਤ ਸਿੰਘ ਪੰਨੂ ਨੇ ਕਿਹਾ ਖੇਤੀ ਕਾਨੂੰਨ ਦੇਸ਼ ਦੇ ਹਰ ਵਰਗ ਨੂੰ ਢਾਹ ਲਾਉਣਗੇ। ਖੇਤੀ ਨਾਲ ਜੁੜੇ ਸਾਰੇ ਕਿਸਾਨ ਖ਼ਤਮ ਹੋ ਜਾਣਗੇ। ਜਨਤਕ ਵੰਡ ਪ੍ਰਣਾਲੀ ਦਾ ਭੋਗ ਪੈ ਜਾਵੇਗਾ। ਕਰੋੜਾਂ ਲੋਕ ਭੁਖਮਰੀ ਦਾ ਸ਼ਿਕਾਰ ਹੋਣਗੇ। ਸ੍ਰੀ ਪੰਨੂ ਨੇ ਕਿਸਾਨਾਂ-ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਪਰਿਵਾਰਾਂ ਸਣੇ ਦਿੱਲੀ ਅੰਦੋਲਨ ਵਿਚ ਸ਼ਾਮਿਲ ਹੋਣ।