ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 23 ਅਗਸਤ
ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਪਿੱਚ ਤੋਂ ਨਵੀਂ ਸਿਆਸੀ ਪਾਰੀ ਖੇਡਣ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਅੱਜ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ।
ਇਸ ਮੌਕੇ ਉਨ੍ਹਾਂ ਸੰਕੇਤ ਦਿੱਤਾ ਕਿ ਭਾਜਪਾ ਵਿੱਚੋਂ ਕਈ ਆਗੂ ਪਾਰਟੀ ਛੱਡਣ ਲਈ ਤਿਆਰ ਹਨ। ਮੱਥਾ ਟੇਕਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਲਈ ਨਵੀਂ ਪਾਰਟੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪਾਰਟੀ ਦਾ ਸਮੁੱਚਾ ਧਿਆਨ ਪੰਜਾਬ ਤੇ ਪੰਜਾਬੀਆਂ ਦੇ ਵਿਕਾਸ ’ਤੇ ਕੇਂਦਰਿਤ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਕਿਸਾਨਾਂ ਦੇ ਹਿੱਤ ’ਚ ਆਵਾਜ਼ ਚੁੱਕੀ ਸੀ ਤਾਂ ਭਾਜਪਾ ਨੇ ਉਨ੍ਹਾਂ ਨੂੰ ਪਾਰਟੀ ’ਚੋਂ ਬਾਹਰ ਕਰ ਦਿੱਤਾ, ਜਿਸ ਮਗਰੋਂ ਵੀ ਉਨ੍ਹਾਂ ਗੁਰੂ ਘਰ ਦੀ ਸ਼ਰਨ ਲਈ ਸੀ।
ਸ੍ਰੀ ਜੋਸ਼ੀ ਵੱਲੋਂ ਇੱਥੇ 28 ਅਗਸਤ ਨੂੰ ਇੱਕ ਰੈਲੀ ਵੀ ਰੱਖੀ ਗਈ ਹੈ। ਉਨ੍ਹਾਂ ਸੰਕੇਤ ਦਿੱਤਾ ਕਿ ਇਸ ਪ੍ਰੋਗਰਾਮ ਵਿੱਚ ਕਈ ਹਮਖਿਆਲੀ ਭਾਜਪਾ ਆਗੂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਇਸ ਸਮਾਗਮ ਵਿੱਚ ਸੁਖਬੀਰ ਬਾਦਲ ਵੀ ਸ਼ਮੂਲੀਅਤ ਕਰਨਗੇ। ਸਿਆਸੀ ਹਲਕਿਆਂ ਵਿੱਚ ਇਹ ਚਰਚਾ ਚੱਲ ਰਹੀ ਹੈ ਕਿ ਭਾਜਪਾ ਦੇ ਅਜਿਹੇ ਵੱਡੇ ਆਗੂਆਂ ਦੀ ਸ਼ਮੂਲੀਅਤ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਭਾਈਚਾਰਕ ਸਾਂਝ ਵਾਲੀ ਦਿੱਖ ਮਿਲੇਗੀ ਤੇ ਇਸ ਨਾਲ ਸਿਆਸੀ ਲਾਹਾ ਵੀ ਮਿਲੇਗਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਹੀ ਐਲਾਨ ਕੀਤਾ ਗਿਆ ਹੈ ਕਿ ਅਕਾਲੀ ਸਰਕਾਰ ਬਣਨ ’ਤੇ ਕਿਸੇ ਹਿੰਦੂ ਆਗੂ ਨੂੰ ਉਪ-ਮੁੱਖ ਮੰਤਰੀ ਦਾ ਅਹੁਦਾ ਦਿੱਤਾ ਜਾਵੇਗਾ।