ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 31 ਅਕਤੂਬਰ
ਸ੍ਰੀ ਦਰਬਾਰ ਸਾਹਿਬ ’ਤੇ ਫੌਜੀ ਹਮਲੇ ਦੇ ਦੋਸ਼ ਹੇਠ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਬੇਅੰਤ ਸਿੰਘ ਦੀ ਯਾਦ ਵਿੱਚ ਅੱਜ ਇਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਬਰਸੀ ਸਮਾਗਮ ਮਨਾਇਆ ਗਿਆ। ਇਸ ਮੌਕੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।
ਬੇਅੰਤ ਸਿੰਘ ਨਮਿੱਤ ਗੁਰਦੁਆਰਾ ਝੰਡੇ ਬੁੰਗੇ ਵਿੱਚ ਰੱਖੇ ਗਏ ਅਖੰਡ ਪਾਠ ਦੇ ਭੋਗ ਪਾਏ ਗਏ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਸਿੱਖ ਜਥੇਬੰਦੀਆਂ ਨਾਲ ਸਬੰਧਤ ਆਗੂ ਹਾਜ਼ਰ ਸਨ। ਇਸ ਮਗਰੋਂ ਸਤਵੰਤ ਸਿੰਘ ਦੇੇ ਭਤੀਜੇ ਸੁਖਵਿੰਦਰ ਸਿੰਘ ਅਵਾਣ ਤੇ ਭਰਾ ਮਨਜੀਤ ਸਿੰਘ ਨੂੰ ਸਿਰੋਪਾਓ ਭੇਟ ਕੀਤੇ ਗਏ। ਜਦਕਿ ਬੇਅੰਤ ਸਿੰਘ ਦੇ ਪਰਿਵਾਰ ਵਿੱਚੋਂ ਇਸ ਮੌਕੇ ਕੋਈ ਹਾਜ਼ਰ ਨਹੀਂ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਅਜਾਇਬ ਸਿੰਘ ਅਭਿਆਸੀ, ਅਕਾਲੀ ਦਲ ਸੰਯੁਕਤ ਵਲੋਂ ਭਾਈ ਮੋਹਕਮ ਸਿੰਘ, ਸਿੱਖ ਨੌਜਵਾਨ ਆਗੂ ਜਰਨੈਲ ਸਿੰਘ ਸਖੀਰਾ, ਨਰਾਇਣ ਸਿੰਘ, ਅਕਾਲੀ ਦਲ ਅੰਮ੍ਰਿਤਸਰ ਵਲੋਂ ਹਰਬੀਰ ਸਿੰਘ ਸੰਧੂ ਤੇ ਹੋਰ ਹਾਜ਼ਰ ਸਨ।
ਕਾਂਗਰਸੀ ਆਗੂਆਂ ਨੇ ਇੰਦਰਾ ਗਾਂਧੀ ਦੀ ਬਰਸੀ ਮਨਾਈ
ਇਸ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਵੱਲੋਂ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮਨਾਈ ਗਈ। ਕਾਂਗਰਸ ਭਵਨ ਵਿੱਚ ਮਨਾਏ ਬਰਸੀ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਜਤਿੰਦਰ ਸੋਨੀਆ ਦੀ ਅਗਵਾਈ ਹੇਠ ਹੋਰ ਆਗੂਆਂ ਤੇ ਅਹੁਦੇਦਾਰਾਂ ਨੇ ਮਰਹੂਮ ਇੰਦਰਾ ਗਾਂਧੀ ਦੀ ਤਸਵੀਰ ’ਤੇ ਫੁਲ ਮਾਲਾ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।