ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਸਤੰਬਰ
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਵਿੱਚ ਸੇਵਾਮੁਕਤ ਵਿਜ਼ਟਿੰਗ ਪ੍ਰੋਫੈਸਰ ਭਰਤੀ ਕਰਨ ਦਾ ਫ਼ੈਸਲੇ ਦਾ ਵਿਰੋਧ ਕਰਦਿਆਂ ਮੰਗ ਕੀਤੀ ਕਿ ਇਹ ਫ਼ੈਸਲਾ ਰੱਦ ਕੀਤਾ ਜਾਵੇ। ਪੀਐੱਸਯੂ ਦੇ ਸੂਬਾ ਪ੍ਰਧਾਨ ਰਣਵੀਰ ਰੰਧਾਵਾ, ਜਨਰਲ ਸਕੱਤਰ ਅਮਨਦੀਪ ਸਿੰਘ ਖਿਓਵਾਲੀ ਨੇ ਕਿਹਾ ਕਿ ਕਾਲਜਾਂ ਅੰਦਰ ਸੇਵਾਮੁਕਤ ਪ੍ਰੋਫੈਸਰਾਂ ਨੂੰ ਭਰਤੀ ਕਰ ਕੇ ਸਰਕਾਰ ਨਿੱਜੀਕਰਨ ਦੀ ਨੀਤੀ ਲਾਗੂ ਕਰ ਰਹੀ ਹੈ। ਕਾਲਜਾਂ ਵਿੱਚ ਸਰਕਾਰੀ ਰੈਗੂਲਰ ਪ੍ਰੋਫੈਸਰਾਂ ਦਾ ਪ੍ਰਬੰਧ ਕਰਨ ਦੀ ਬਜਾਇ ਸਰਕਾਰ ਡੰਗ ਟਪਾਊ ਨੀਤੀ ਉੱਪਰ ਚੱਲ ਰਹੀ ਹੈ। ਸਰਕਾਰ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਨੌਜਵਾਨਾਂ ਨੂੰ ਕਾਲਜਾਂ ਵਿੱਚ ਨੌਕਰੀ ਦੇਣ ਦੀ ਬਜਾਇ ਉਨ੍ਹਾਂ ਦੀ ਜ਼ਿੰਦਗੀ ਨਾਲ ਮਜ਼ਾਕ ਕਰ ਰਹੀ ਹੈ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਇਹ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ।