ਡਾ. ਹਿਮਾਂਸ਼ੂ ਸੂਦ/ਅਜੈ ਮਲਹੋਤਰਾ
ਫ਼ਤਹਿਗੜ੍ਹ ਸਾਹਿਬ, 27 ਦਸੰਬਰ
ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਤਿੰਨ ਰੋਜ਼ਾ ਸ਼ਹੀਦੀ ਸਭਾ ਅੱਜ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਤਕ ਨਗਰ ਕੀਰਤਨ ਕੱਢਣ ਤੇ ਅਰਦਾਸ ਮਗਰੋਂ ਸਮਾਪਤ ਹੋ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੱਤਾ।
ਨਗਰ ਕੀਰਤਨ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਆਦਿ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਗੁਰੂ ਇਤਿਹਾਸ ਬਾਰੇ ਚਾਨਣਾ ਪਾਇਆ ਤੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਬੀਬੀ ਜਗੀਰ ਕੌਰ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਵਿੱਚ ਗਤਕਾ ਅਖਾੜਿਆਂ ਨੇ ਜੌਹਰ ਦਿਖਾਏ। ਨਗਰ ਕੀਰਤਨ ਵਿੱਚ ਦੇਸ਼-ਵਿਦੇਸ਼ ਤੋਂ ਪੁੱਜੇ ਲੱਖਾਂ ਸ਼ਰਧਾਲੂ ਨੰਗੇ ਪੈਰੀਂ ਸ਼ਾਮਲ ਹੋਏ। ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋਣ ਵੇਲੇ ਸੰਗਤ ਨੇ ਫੁੱਲਾਂ ਦੀ ਵਰਖਾ ਕੀਤੀ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਮਾਪਤੀ ਮੌਕੇ ਗਿਆਨੀ ਜਗਤਾਰ ਸਿੰਘ ਨੇ ਸੋਹਲਾ ਸਾਹਿਬ ਦਾ ਪਾਠ ਕੀਤਾ ਅਤੇ ਅਰਦਾਸ ਗਿਆਨੀ ਰਘਬੀਰ ਸਿੰਘ ਨੇ ਕੀਤੀ। ਸਟੇਜ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਨਿਭਾਈ। ਇਸੇ ਦੌਰਾਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਾਠ ਦੇ ਭੋਗ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਸਿੱਖ ਪੰਥ ਅਤੇ ਕਿਸਾਨ ਮੋਰਚੇ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪੰਜ ਪਿਆਰਿਆਂ ਨੂੰ ਸਿਰਪਾਓ ਦਿੱਤੇ।
ਸਾਹਿਬਜ਼ਾਦਿਆਂ ਨੇ ਧਰਮ ਦੇ ਅਕੀਦੇ ’ਤੇ ਪਹਿਰਾ ਦੇਣ ਦੀ ਜਾਚ ਦੱਸੀ: ਜਗੀਰ ਕੌਰ
ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਕਿ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆਂ ਦੇ ਧਾਰਮਿਕ ਇਤਿਹਾਸ ਵਿੱਚ ਵਿਲੱਖਣ ਹੈ, ਜਿਸ ਨੇ ਪੂਰੀ ਦੁਨੀਆਂ ਨੂੰ ਧਰਮ ਦੇ ਅਕੀਦੇ ’ਤੇ ਪਹਿਰਾ ਦੇਣ ਦੀ ਜਾਚ ਸਿਖਾਈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਬਿਖੜੇ ਸਮੇਂ ਹਿੰਮਤ ਦਾ ਪੱਲਾ ਫੜ ਕੇ ਧਰਮ ਵਿੱਚ ਪਰਿਪੱਕ ਰਹਿਣਾ ਸਿਖਾਉਂਦੀਆਂ ਹਨ। ਸਿੱਖ ਕੌਮ ਨੂੰ ਆਪਣੇ ਸ਼ਹੀਦੀ ਵਿਰਸੇ ’ਤੇ ਮਾਣ ਹੈ ਅਤੇ ਹਮੇਸ਼ਾ ਰਹੇਗਾ।
ਛੋਟੇ ਸਾਹਿਬਜ਼ਾਦਿਆਂ ਨੇ ਇਤਿਹਾਸ ਦੀ ਸਭ ਤੋਂ ਵੱਡੀ ਉਦਾਹਰਨ ਪੇਸ਼ ਕੀਤੀ: ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੀਆਂ ਸ਼ਹਾਦਤਾਂ ਦਾ ਇਤਿਹਾਸ ਦੱਸਿਆ। ਉਨ੍ਹਾਂ ਕਿਹਾ ਕਿ ਸ਼ਹਾਦਤ ਹਮੇਸ਼ਾ ਧਰਮ ਦੀ ਖ਼ਾਤਰ ਦਿੱਤੀ ਜਾਂਦੀ ਹੈ ਅਤੇ ਇਸ ਸਬੰਧੀ ਸਾਹਿਬਜ਼ਾਦਿਆਂ ਨੇ ਇਤਿਹਾਸ ਦੀ ਸਭ ਤੋਂ ਵੱਡੀ ਉਦਾਹਰਨ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਜ਼ੁਲਮ ਦੀ ਸਿਖ਼ਰ ਹੋਈ, ਸਿੱਖ ਕੌਮ ਦੇ ਸੂਰਬੀਰਾਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦਿਆਂ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਸਾਨ ਸੰਘਰਸ਼ ਦਾ ਜ਼ਿਕਰ ਕਰਦਿਆਂ ਇਸ ਨੂੰ ਧਰਮ ਦੀਆਂ ਰਵਾਇਤਾਂ ਦੀ ਪਹਿਰੇਦਾਰੀ ਕਰਾਰ ਦਿੱਤਾ ਅਤੇ ਸੰਗਤ ਨੂੰ ਆਪਣੇ ਇਤਿਹਾਸ ਨਾਲ ਜੁੜਨ ਦੀ ਅਪੀਲ ਕੀਤੀ।