ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 22 ਅਪਰੈਲ
ਜਬਰ-ਜਨਾਹ ਮਾਮਲੇ ’ਚ ਭਗੌੜਾ ਐਲਾਨੇ ਜਾਣ ਤੋਂ ਬਾਅਦ ਅਦਾਲਤ ਦੇ ਹੁਕਮਾਂ ਨੇ ਥਾਣਾ ਡਿਵੀਜ਼ਨ ਨੰਬਰ-6 ਦੀ ਪੁਲੀਸ ਨੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਇੱਕ ਹੋਰ ਕੇਸ ਦਰਜ ਕੀਤਾ ਹੈ। ਇਸ ਕੇਸ ਵਿੱਚ ਸਿਮਰਜੀਤ ਬੈਂਸ ਸਣੇ ਕਰਮਜੀਤ ਸਿੰਘ ਬੈਂਸ, ਪਰਮਜੀਤ ਸਿੰਘ ਬੈਂਸ, ਸੁਖਚੈਨ ਸਿੰਘ, ਪ੍ਰਦੀਪ ਕੁਮਾਰ ਉਰਫ਼ ਗੋਗੀ ਸ਼ਰਮਾ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪੁਲੀਸ ਦੀਆਂ ਟੀਮਾਂ ਨੇ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਦੀ ਭਾਲ ’ਚ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਐੱਸਐੱਚਓ ਮਧੂ ਬਾਲਾ ਨੇ ਦੱਸਿਆ ਕਿ ਅਦਾਲਤ ਦੇ ਹੁਕਮਾਂ ’ਤੇ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ 174-ਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸਾਰੇ ਮੁਲਜ਼ਮਾਂ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ। ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।