ਦਵਿੰਦਰ ਪਾਲ
ਚੰਡੀਗੜ੍ਹ, 15 ਅਕਤੂਬਰ
ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ਉਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਅੱਗੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਜਾਰੀ ਧਰਨਿਆਂ ਦੌਰਾਨ ਬੁਲਾਰਿਆਂ ਨੇ ਕਿਸਾਨ ਵਿਰੋਧੀ ਤਾਕਤਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਹਿੰਸਾ ਕਿਸਾਨ ਅੰਦੋਲਨ ਨੂੰ ਫੇਲ੍ਹ ਨਹੀਂ ਕਰ ਸਕਦੀ। ਆਗੂਆਂ ਨੇ ਸੰਘਰਸ਼ੀ ਅਖਾੜਿਆਂ ਤੋਂ ਦਿੱਲੀ ਦੀ ਸਿੰਘੂ ਹੱਦ ’ਤੇ ਵਾਪਰੀ ਘਟਨਾ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਕਿਸਾਨ ਅੰਦੋਲਨ ਵਿਰੋਧੀ ਤਾਕਤਾਂ ਦੇ ਦਿਮਾਗ ਦੀ ਕਾਢ ਹੀ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਇੱਕ ਸਾਲ ਦੇ ਵੀ ਵੱਧ ਸਮੇਂ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦੌਰਾਨ ਕਿਸੇ ਵੀ ਮੋਰਚੇ ਵਿੱਚ ਹਿੰਸਾ ਦਾ ਰਾਹ ਅਖਤਿਆਰ ਨਹੀਂ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਕਿਸੇ ਵੀ ਸੰਘਰਸ਼ ਵਿੱਚ ਕਰੋਧ, ਗੁੱਸੇ ਅਤੇ ਹਿੰਸਾ ਦੀ ਥਾਂ ਨਹੀਂ ਹੈ। ਕੋਈ ਵੀ ਧਰਮ ਇਨਸਾਨੀ ਕਤਲ ਜਾਂ ਇਸਾਨੀਅਤ ਖ਼ਿਲਾਫ਼ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨੀ ਅੰਦੋਲਨ ਨੇ ਸਭਨਾਂ ਦੇ ਭਰਮ ਭੁਲੇਖੇ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁਲਕ ਵਿੱਚ ਇਹ ਧਾਰਨਾ ਬਣ ਗਈ ਸੀ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਏ ਜਾਂਦੇ ਫ਼ੈਸਲਿਆਂ ਨੂੰ ਮੰਨਣਾ ਹੀ ਲੋਕਾਂ ਦਾ ਧਰਮ ਹੈ ਤੇ ਇਨ੍ਹਾਂ ਫ਼ੈਸਲਿਆਂ ਨੂੰ ਕਿਤੇ ਵੀ ਚੁਣੌਤੀ ਨਹੀਂ ਮਿਲ ਸਕਦੀ ਪਰ ਕਿਸਾਨੀ ਅੰਦੋਲਨ ਦੇ ਚੁਣੌਤੀ ਬਣਨ ਕਾਰਨ ਹਾਕਮਾਂ ਦੀ ਨੀਂਦ ਹਰਾਮ ਹੋਈ ਹੈ, ਇਸ ਲਈ ਦਿਨ ਪ੍ਰਤੀ ਦਿਨ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਵਾਰ ਦਸਹਿਰੇ ਦੀ ਥਾਂ 16 ਦਸੰਬਰ ਨੂੰ ਕੇਂਦਰ ਦੀ ਮੋਦੀ ਸਰਕਾਰ, ਪੂੰਜੀਪਤੀ ਘਰਾਣਿਆਂ ਦੇ ਪੁਤਲੇ ਫੂਕਣ ਦਾ ਫ਼ੈਸਲਾ ਕੀਤਾ ਗਿਆ ਹੈ।
ਸਿੰਘੂ ਘਟਨਾ ਲਈ ਕਿਸਾਨ ਮੋਰਚੇ ਦੇ ਆਗੂ ਜ਼ਿੰਮੇਵਾਰ: ਅਸ਼ਵਨੀ ਸ਼ਰਮਾ
ਚੰਡੀਗੜ੍ਹ (ਟਨਸ): ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਿੰਘੂ ਹੱਦ ’ਤੇ ਤਰਨ ਤਾਰਨ ਦੇ ਦਲਿਤ ਨੌਜਵਾਨ ਲਖਬੀਰ ਸਿੰਘ ਦੇ ਕਤਲ ਦੀ ਨਿਖੇਧੀ ਕੀਤੀ ਹੈ। ਇੱਕ ਬਿਆਨ ਰਾਹੀਂ ਭਾਜਪਾ ਆਗੂ ਨੇ ਇਸ ਘਟਨਾ ਲਈ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਗਈ ਵੀਡੀਓ ਵਿੱਚ ਅਫਗਾਨਿਸਤਾਨ ਦੀ ਤਾਲਿਬਾਨਕਾਰੀ ਨੀਤੀ ਇਸ ਕਿਸਾਨ ਅੰਦੋਲਨ ’ਚ ਸਪੱਸ਼ਟ ਤੌਰ ’ਤੇ ਦੇਖੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸੁਰੱਖਿਆ ਬਲਾਂ ਨੂੰ ਧਰਨੇ ਵਾਲੀ ਥਾਂ ਦੇ ਅੰਦਰ ਨਹੀਂ ਜਾਣ ਦਿੰਦੇ, ਇਸ ਲਈ ਹੜਤਾਲ ਵਾਲੀ ਥਾਂ ਦੇ ਅੰਦਰ ਦੀ ਸੁਰੱਖਿਆ ਦੀ ਸਾਰੀ ਜ਼ਿੰਮੇਵਾਰੀ ਇਨ੍ਹਾਂ ਕਿਸਾਨ ਨੇਤਾਵਾਂ ਦੀ ਹੈ। ਸ਼ਰਮਾ ਨੇ ਕਿਹਾ ਕਿ ਕਿਸਾਨ ਆਗੂ ਘਟਨਾ ਦੇ ਦੋਸ਼ੀਆਂ ਨੂੰ ਪੁਲੀਸ ਹਵਾਲੇ ਕਰਨ ਤਾਂ ਜੋ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।