ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਮੁਲਾਂਪੁਰ ਦਾਖਾ (ਲੁਧਿਆਣਾ), 23 ਦਸੰਬਰ
ਲੁਧਿਆਣਾ ਦੇ ਅਦਾਲਤੀ ਕੰਪਲੈਕਸ ਵਿੱਚ ਬੰਬ ਧਮਾਕੇ ਅਤੇ ਹਾਲ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਇਥੇ ਰੈਲੀ ਨੂੰ ਸੰਬੋਧਨ ਕਰਦਿਆਂ ਸਵਾਲ ਕੀਤਾ ਕਿ ਅਜਿਹੀਆਂ ਘਟਨਾਵਾਂ ਉਸ ਸਮੇਂ ਹੀ ਕਿਉਂ ਵਾਪਰਦੀਆਂ ਹਨ ਜਦੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਨੂੰਨੀ ਕਾਰਵਾਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ ਪਰ ਬੇਅਦਬੀ ਤੇ ਧਮਾਕਿਆਂ ਵਰਗੀਆਂ ਘਟਨਾਵਾਂ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ ਮਗਰੋਂ ਹੀ ਕਿਉਂ ਵਾਪਰੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਮਜੀਠੀਆ ਨੇ ਕੁਝ ਗਲਤ ਨਹੀਂ ਕੀਤਾ ਹੈ ਤਾਂ ਉਹ ਅੱਗੇ ਆ ਕੇ ਕਾਨੂੰਨ ਦਾ ਸਾਹਮਣਾ ਕਿਉਂ ਨਹੀਂ ਕਰਦਾ। ਰੈਲੀ ਮਗਰੋਂ ਮੁੱਖ ਮੰਤਰੀ ਨੇ ਮੁਲਾਂਪੁਰ ਦਾਖਾ ਦੇ ਬੱਸ ਅੱਡੇ ਦਾ ਵੀ ਉਦਘਾਟਨ ਕੀਤਾ ਜਿਸ ਦਾ ਨਾਮਕਰਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਕੀਤਾ ਗਿਆ ਹੈ। ਉਨ੍ਹਾਂ ਨੇ ਮੁਲਾਂਪੁਰ ਦਾਖਾ ਨੂੰ ਸਬ-ਡਿਵੀਜ਼ਨ ਬਣਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਆਉਣ ਵਾਲੀਆਂ ਚੋਣਾਂ ਵਿੱਚ ਕੈਪਟਨ ਸੰਦੀਪ ਸੰਧੂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ।