ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਜੁਲਾਈ
ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ’ਚ ਸੁਧਾਰ ਲਿਆਉਣ ਲਈ ਲੋੜੀਂਦੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ 13 ਹਜ਼ਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕਰਨ ਦੇ ਨਾਲ-ਨਾਲ ਸਕੂਲਾਂ ਦੀ ਦਿੱਖ ਵੀ ਸੁਧਾਰੀ ਜਾਵੇਗੀ। ਸਿੱਖਿਆ ਵਿਭਾਗ ਵੱਲੋਂ 832 ਸਰਕਾਰੀ ਸਕੂਲਾਂ ਦੇ ਸਮਾਰਟ ਕਲਾਸਰੂਮਾਂ ਦੇ ਪੇਂਟ ਅਤੇ ਹੋਰ ਨਵੀਨੀਕਰਨ ਕਾਰਜਾਂ ਲਈ 73.38 ਲੱਖ ਰੁਪਏ ਦੀ ਵਾਧੂ ਗ੍ਰਾਂਟ ਦੇਣ ਦਾ ਫ਼ੈਸਲਾ ਕੀਤਾ। ਇਸ ਤੋਂ ਇਲਾਵਾ ਸਮਾਰਟ ਸਕੂਲ ਪ੍ਰਾਜੈਕਟ ਤਹਿਤ ਸਰਵੋਤਮ ਸਕੂਲਾਂ ਵਿੱਚ ਗੇਟਾਂ ਦੀ ਉਸਾਰੀ ਤੇ ਨਵੀਨੀਕਰਨ ਅਤੇ ਰਿਸੈਪਸ਼ਨ ਏਰੀਏ ਦੀ ਉਸਾਰੀ ਲਈ 6.43 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਵਿੱਚੋਂ ਸਭ ਤੋਂ ਵਧੀਆ 735 ਸਰਕਾਰੀ ਸਕੂਲਾਂ ਦੀ ਚੋਣ ਕੀਤੀ ਗਈ ਹੈ।