ਚਰਨਜੀਤ ਭੁੱਲਰ
ਚੰਡੀਗੜ੍ਹ, 26 ਅਪਰੈਲ
ਪੰਜਾਬ ਮੰਤਰੀ ਮੰਡਲ ਨੇ ਅੱਜ ਅਕਾਦਮਿਕ ਵਰ੍ਹੇ 2021-22 ਲਈ ਬਾਰ੍ਹਵੀਂ ਕਲਾਸ ਦੇ 2.15 ਲੱਖ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਕੋਵਿਡ ਸੰਕਟ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਦੀ ਸਹੂਲਤ ਮਿਲ ਸਕੇ। ‘ਪੰਜਾਬ ਸਮਾਰਟ ਕੰਟੈਕਟ ਸਕੀਮ’ ਨੂੰ ਹੁਣ ਅਕਾਦਮਿਕ ਸਾਲ 2021-22 ਲਈ ਬਾਰ੍ਹਵੀਂ ਕਲਾਸ ਵਿੱਚ ਦਾਖਲ ਹੋਏ ਵਿਦਿਆਰਥੀਆਂ ਤੱਕ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਕੀਮ ਵਾਸਤੇ ਸਕੂਲ ਸਿੱਖਿਆ ਵਿਭਾਗ ਨੂੰ 100 ਕਰੋੜ ਰੁਪਏ ਦਾ ਬਜਟ ਅਲਾਟ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ। ਫੋਨਾਂ ਦੀ ਖਰੀਦ ਉਦਯੋਗ ਤੇ ਵਣਜ ਵਿਭਾਗ ਰਾਹੀਂ ਪੰਜਾਬ ਇਨਫੋਟੈਕ ਵੱਲੋਂ ਕੀਤੀ ਜਾਵੇਗੀ। ਇਨ੍ਹਾਂ ਸਮਾਰਟ ਫੋਨਾਂ ਵਿੱਚ ਵੱਖ-ਵੱਖ ਸਹੂਲਤਾਂ ਹੋਣਗੀਆਂ ਜਿਵੇਂ ਟੱਚ ਸਕਰੀਨ, ਕੈਮਰਾ, ਪਹਿਲਾਂ ਦੀ ਲੋਡ ਕੀਤੀਆਂ ਈ-ਸੇਵਾ ਜਿਹੀਆਂ ਸਰਕਾਰੀ ਐਪਲੀਕੇਸ਼ਨਜ਼ ਆਦਿ। ਇਸੇ ਤਰ੍ਹਾਂ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਰ੍ਹਵੀਂ ਕਲਾਸ ਲਈ ਪ੍ਰਵਾਨ ਕੀਤਾ ਗਿਆ ਈ-ਕੰਟੈਂਟ ਵੀ ਹੋਵੇਗਾ। ਮੀਟਿੰਗ ’ਚ ਸਾਲ 2020 ਤੋਂ 2022 ਦੌਰਾਨ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਏਜੰਸੀਆਂ ਵਿਚ ਤਕਰੀਬਨ ਇਕ ਲੱਖ ਅਸਾਮੀਆਂ ਭਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਲਈ ਇਹ ਅਸਾਮੀਆਂ ਕਮਿਸ਼ਨ ਦੇ ਦਾਇਰੇ ’ਚ ਲਿਆ ਕੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਲਿਮੀਟੇਸ਼ਨ ਆਫ਼ ਫੰਕਸ਼ਨਸ) ਰੈਗੂਲੇਸ਼ਨ, 1955 ਦੇ ਭਾਗ-2ਬੀ ਵਿਚ ਸੋਧ ਨੂੰ ਕਾਰਜ-ਬਾਅਦ ਮਨਜ਼ੂਰੀ ਦੇ ਦਿੱਤੀ ਗਈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਲਿਮੀਟੇਸ਼ਨ ਆਫ਼ ਫੰਕਸ਼ਨਜ਼) ਰੈਗੂਲੇਸ਼ਨ, 1955 ਅਨੁਸਾਰ ਸਿਰਫ਼ ਗਰੁੱਪ ਏ ਤੇ ਬੀ ਦੀ ਭਰਤੀ ਕਮਿਸ਼ਨ ਦੁਆਰਾ ਕੀਤੀ ਜਾ ਸਕਦੀ ਹੈ।
ਤਿੰਨ ਸਰਕਟ ਹਾਊਸਾਂ ਦਾ ਪ੍ਰਬੰਧ ਪ੍ਰਾਈਵੇਟ ਹੱਥਾਂ ’ਚ ਦੇਣ ਦਾ ਫੈਸਲਾ
ਮੰਤਰੀ ਮੰਡਲ ਨੇ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੇ ਸਰਕਟ ਹਾਊਸਾਂ ਦੇ ਨਿੱਜੀ-ਜਨਤਕ ਭਾਈਵਾਲੀ (ਪੀਪੀਪੀ) ਰਾਹੀਂ ਨਵੀਨੀਕਰਨ, ਚਲਾਉਣ ਤੇ ਸਾਂਭ-ਸੰਭਾਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਮਾਮਲੇ ਵਿਚ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਨੂੰ ਸੂਬੇ ਦੀ ਨੋਡਲ ਏਜੰਸੀ ਬਣਾਇਆ ਗਿਆ ਹੈ। ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਲੁਧਿਆਣਾ ਅਤੇ ਜਲੰਧਰ ਵਿਚਲੇ ਸਰਕਟ ਹਾਊਸਾਂ ਨੂੰ ਪੀਪੀਪੀ ਢੰਗ ਰਾਹੀਂ ਵਿਕਸਿਤ ਕਰਨ ਪਿੱਛੋਂ ਚਲਾਉਣ ਦੀ ਯੋਜਨਾ ਹੈ ਤਾਂ ਜੋ ਇਨ੍ਹਾਂ ਨੂੰ ਸਰਕਟ ਹਾਊਸ-ਕਮ-ਹੋਟਲ ਵਜੋਂ ਚਲਾਇਆ ਜਾ ਸਕੇ। ਇਸ ਤੋਂ ਪਹਿਲਾਂ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ 10 ਸਰਕਟ ਹਾਊਸ ਚਲਾਏ ਜਾ ਰਹੇ ਹਨ।
ਸਟਾਫ ਨਰਸਾਂ ਦੀਆਂ 473 ਅਸਾਮੀਆਂ ਨੂੰ ਪ੍ਰਵਾਨਗੀ
ਕੈਬਨਿਟ ਮੀਟਿੰਗ ਵਿਚ ਕੋਵਿਡ-19 ਦੀ ਹੰਗਾਮੀ ਸਥਿਤੀ ਨਾਲ ਪ੍ਰਭਾਵੀ ਢੰਗ ਰਾਹੀਂ ਨਿਪਟਣ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ’ਚ ਸਟਾਫ ਨਰਸਾਂ ਦੀਆਂ 473 ਅਸਾਮੀਆਂ ਦੀ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਅਸਾਮੀਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਾਇਰੇ ਵਿਚੋਂ ਕੱਢ ਕੇ ਬਾਬਾ ਫ਼ਰੀਦ ਯੂਨੀਵਰਸਿਟੀ, ਫਰੀਦਕੋਟ ਰਾਹੀਂ ਮੈਰਿਟ ਦੇ ਆਧਾਰ ਉਤੇ ਲਿਖਤੀ ਪ੍ਰੀਖਿਆ ਰਾਹੀਂ ਭਰੀਆਂ ਜਾਣਗੀਆਂ। ਨਵੀਂ ਭਰਤੀ ਹੋਣ ਵਾਲੀਆਂ ਸਟਾਫ ਨਰਸਾਂ ਨੂੰ ਵਿੱਤ ਵਿਭਾਗ ਵੱਲੋਂ ਪ੍ਰਵਾਨਿਤ ਕੀਤੀ ਜਾ ਚੁੱਕੀ 29,200 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ।