ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 23 ਅਕਤੂਬਰ
ਵਿਦੇਸ਼ੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਦੀ ਪੜਤਾਲ ਕਰ ਰਹੇ ਆਰਗੇਨਾਈਜ਼ਡ ਕਰਾਈਮ ਕੰਟਰੋਲ ਯੂਨਿਟ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਦੇਸ਼ ਦਿੱਤੇ ਹਨ ਕਿ ਇਸ ਮਾਮਲੇ ਵਿੱਚ ਫ਼ਰੀਦਕੋਟ ਦੇ ਵਸਨੀਕ ਸੁਹੇਲ ਸਿੰਘ ਬਰਾੜ ਨੂੰ 19 ਨਵੰਬਰ ਤੱਕ ਗ੍ਰਿਫ਼ਤਾਰ ਨਾ ਕੀਤਾ ਜਾਵੇ। ਅਦਾਲਤ ਨੇ ਕਿਹਾ ਕਿ ਗ੍ਰਿਫ਼ਤਾਰੀ ਦੀ ਸੂਰਤ ਵਿੱਚ ਸੁਹੇਲ ਬਰਾੜ ਨੂੰ ਤੁਰੰਤ ਜ਼ਮਾਨਤ ’ਤੇ ਰਿਹਾਅ ਕੀਤਾ ਜਾਵੇ। ਸੁਹੇਲ ਸਿੰਘ ਬਰਾੜ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਖ਼ਦਸ਼ਾ ਜ਼ਾਹਿਰ ਕੀਤਾ ਸੀ ਕਿ ਕਰਾਈਮ ਕੰਟਰੋਲ ਯੂਨਿਟ ਕਿਸੇ ਵੀ ਸਮੇਂ ਉਸ ਨੂੰ ਗ੍ਰਿਫ਼ਤਾਰ ਕਰ ਸਕਦਾ ਹੈ। ਕਰਾਈਮ ਕੰਟਰੋਲ ਯੂਨਿਟ ਨੇ ਸੁਹੇਲ ਸਿੰਘ ਬਰਾੜ ਨੂੰ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ, ਪਰ ਸੁਹੇਲ ਬਰਾੜ ਯੂਨਿਟ ਸਾਹਮਣੇ ਪੇਸ਼ ਨਹੀਂ ਹੋਇਆ। ਸੁਹੇਲ ਬਰਾੜ ਦੀ ਗ੍ਰਿਫ਼ਤਾਰੀ ’ਤੇ ਰੋਕ ਲਾਉਂਦਿਆਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਗ੍ਰਿਫ਼ਤਾਰੀ ਦੀ ਰੋਕ ਬਾਰੇ ਆਪਣਾ ਪੱਖ ਰੱਖਣ ਦਾ ਆਦੇਸ਼ ਦਿੱਤਾ ਹੈ।