ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 10 ਅਕਤੂਬਰ
ਸਾਉਣੀ ਸੀਜ਼ਨ 2024-25 ਦੌਰਾਨ ਪੰਜਾਬ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 2.16 ਲੱਖ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ’ਚੋਂ 1.55 ਲੱਖ ਟਨ ਦੀ ਖਰੀਦ ਕੀਤੀ ਗਈ ਹੈ, ਜਦੋਂਕਿ 1.47 ਲੱਖ ਟਨ ਝੋਨੇ ਦੀ ਸਰਕਾਰੀ ਪੱਧਰ ’ਤੇ ਖਰੀਦ ਹੋਈ ਹੈ। ਉਨ੍ਹਾਂ ਦੱਸਿਆ ਕਿ ਸਮੂਹ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ ਅਤੇ 24 ਘੰਟੇ ਦੇ ਅੰਦਰ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਸ ਮੌਕੇ ਹਦਾਇਤਾਂ ਜਾਰੀ ਕੀਤੀਆਂ।
ਮੁਹਾਲੀ ਵਿੱਚ ਵਿਸ਼ੇਸ਼ ਕੰਟਰੋਲ ਰੂਮ ਸਥਾਪਤ
ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 0172-5101649 ਅਤੇ 0172-5101704 ’ਤੇ ਸਵੇਰੇ 9 ਤੋਂ ਰਾਤ 8 ਵਜੇ ਤੱਕ ਸੂਚਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਾਫ਼ਟਵੇਅਰ ਸਬੰਧੀ ਕੰਪਿਊਟਰ ਸ਼ਾਖਾ ਵੱਲੋਂ ਹੈਲਪਲਾਈਨ ਨੰ. 0172-5101674, 9877937725, 8360899462 ਅਤੇ ਈਮੇਲ ਆਈ.ਡੀ. imspmbsupport0weexcel.in ਸਥਾਪਿਤ ਕੀਤੀ ਗਈ ਹੈ।