ਆਤਿਸ਼ ਗੁਪਤਾ
ਚੰਡੀਗੜ੍ਹ, 30 ਮਾਰਚ
ਮਲੋਟ ਵਿੱਚ ਭਾਜਪਾ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਨਾਲ ਹੋਈ ਖਿੱਚ ਧੂਹ ਖ਼ਿਲਾਫ਼ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਵੱਖ ਵੱਖ ਥਾਵਾਂ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਤੇ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਲਈ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਦਿੱਤੇ। ਦੂਜੇ ਪਾਸੇ ਭਾਜਪਾ ਦੇ ਰੋਸ ਪ੍ਰਦਰਸ਼ਨਾਂ ਦਾ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ। ਦੋਵਾਂ ਧਿਰਾਂ ਨੇ ਇਕ-ਦੂਜੇ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਫ਼ੀ ਦੇਰ ਤੱਕ ਸਥਿਤੀ ਤਣਾਅ ਵਾਲੀ ਬਣੀ ਰਹੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਤਾਇਨਾਤ ਪੁਲੀਸ ਬਲ ਨੇ ਹਾਲਾਤ ’ਤੇ ਕਾਬੂ ਪਾਇਆ।
ਫਰੀਦਾਬਾਦ ਵਿੱਚ ਭਾਜਪਾ ਵਿਧਾਇਕ ਸੀਮਾ ਤ੍ਰਿਖਾ ਤੇ ਜ਼ਿਲ੍ਹਾ ਪ੍ਰਧਾਨ ਗੋਪਾਲ ਸ਼ਰਮਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੀ ਆੜ ਹੇਠ ਕੁਝ ਸ਼ਰਾਰਤੀ ਅਨਸਰ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਉੱਧਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨਾਂ ਦਾ ਵਿਰੋਧ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ’ਚ ਕਿਸਾਨ ਭਾਜਪਾ ਦਾ ਵਿਰੋਧ ਕਰ ਰਹੇ ਹਨ ਤਾਂ ਭਾਜਪਾ ਸਾਜ਼ਿਸ਼ ਤਹਿਤ ਲੋਕਾਂ ਵਿੱਚ ਜਾਣ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਰੋਸ ਵਜੋਂ ਕਿਸਾਨਾਂ ਨੇ ਕਈ ਥਾਵਾਂ ’ਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੇ ਪੁਤਲੇ ਸਾੜੇ। ਭਾਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਪ੍ਰਧਾਨ ਅਰੁਣ ਆਜ਼ਾਦ ਨੇ ਕਿਹਾ ਕਿ ਦੇਸ਼ ਦੇ ਲੋਕ ਭਾਜਪਾ ਦਾ ਵਿਰੋਧ ਕਰ ਰਹੇ ਹਨ। ਇਸ ਦੇ ਬਾਵਜੂਦ ਭਾਜਪਾ ਆਗੂ ਲੋਕਾਂ ’ਚ ਜਾਣ ਬੁਝ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਿਸਾਨ ਜਥੇਬੰਦੀਆਂ ਨੇ ਗੱਠਜੋੜ ਸਰਕਾਰ ਦੇ ਆਗੂਆ ਦਾ ਸਮਾਜਿਕ ਬਾਈਕਾਟ ਕੀਤਾ ਹੈ ਤਾਂ ਸਰਕਾਰ ਦਾ ਕੋਈ ਆਗੂ ਸਮਾਜਿਕ ਸਮਾਗਮ ਨਹੀਂ ਕਰ ਰਿਹਾ ਹੈ। ਇਸੇ ਤਰ੍ਹਾਂ ਦਾ ਵਿਰੋਧ ਪੰਜਾਬ ’ਚ ਕੀਤਾ ਜਾ ਰਿਹਾ ਹੈ।
ਅੰਦੋਲਨ ਸ਼ਾਂਤਮਈ ਰੱਖਣ ਕਿਸਾਨ: ਚੜੂਨੀ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਸਾਨ ਆਗੂਆਂ ਨੂੰ ਅੰਦੋਲਨ ਸ਼ਾਂਤਮਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੋਚੀ-ਸਮਝੀ ਸਾਜ਼ਿਸ਼ ਤਹਿਤ ਆਪਣੇ ਆਗੂਆਂ ਨੂੰ ਲੋਕਾਂ ਵਿੱਚ ਭੇਜ ਰਹੀ ਹੈ ਤਾਂ ਜੋ ਲੋਕਾਂ ਵਿੱਚ ਟਕਰਾਅ ਪੈਦਾ ਹੋਵੇ। ਸ੍ਰੀ ਚੜੂਨੀ ਨੇ ਕਿਹਾ ਕਿ ਕਿਸਾਨ ਭਾਜਪਾ ਦੀ ਸਾਜ਼ਿਸ਼ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਦੇ ਵਿਰੋਧ ਤੋਂ ਪਾਸਾ ਵੱਟਿਆ ਜਾਵੇ।