ਪ੍ਰਭੂ ਦਿਆਲ
ਸਿਰਸਾ, 9 ਨਵੰਬਰ
ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਦੇ ਨਾਂ ਪ੍ਰਸ਼ਾਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਆਸ਼ਾ ਵਰਕਰਾਂ ਨੇ ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਉਨ੍ਹਾਂ ਨੂੰ ਬਾਬਾ ਭੂਮਣ ਸ਼ਾਹ ਚੌਕ ’ਤੇ ਹੀ ਰੋਕ ਲਿਆ।
ਬਾਬਾ ਭੂਮਣ ਸ਼ਾਹ ਚੌਕ ਵਿਖੇ ਆਸ਼ਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਕਲਾਵਤੀ ਮਾਖੋਸਰਾਣੀ ਅਤੇ ਜ਼ਿਲ੍ਹਾ ਸਕੱਤਰ ਸਿਲੋਚਨਾ ਨੇ ਕਿਹਾ ਕਿ ਆਸ਼ਾ ਵਰਕਰ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ ਪਰ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕੰਨਾਂ ਉੱਤੇ ਜੂੰ ਨਹੀਂ ਸਰਕ ਰਹੀ। ਸਰਕਾਰ ਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਸ਼ਾ ਵਰਕਰਾਂ ਨੂੰ ਨਿਰਾਸ਼ ਹੀ ਕੀਤਾ ਜਾ ਰਿਹਾ ਹੈ। ਸਰਕਾਰ ਵਾਰ ਵਾਰ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੰਦੀ ਹੈ ਪਰ ਮੰਗਾਂ ਪੂਰੀਆਂ ਨਾ ਕਰਕੇ ਆਪਣੇ ਹੀ ਦਿੱਤੇ ਭਰੋਸੇ ਨੂੰ ਵਾਰ ਵਾਰ ਤੋੜ ਰਹੀ ਹੈ। ਬੇਟੀਆਂ ਦੇ ਪ੍ਰਤੀ ਸਰਕਾਰ ਨਕਾਰਾਤਮਕ ਹੈ ਅਤੇ ਸਰਕਾਰ ਦਾ ਬੇਟੀ ਬਚਾਓ-ਬੇਟੀ ਪੜ੍ਹਾਓ ਦਾ ਨਾਅਰਾ ਢਕਵੰਜ ਬਣ ਕੇ ਹੀ ਰਹਿ ਗਿਆ ਹੈ। ਜੇ ਸਰਕਾਰ ਨੇ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੀਆਂ। ਮੰਗਾਂ ਦਾ ਜਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਆਸ਼ਾ ਵਰਕਰਾਂ ਨੂੰ ਸਿਹਤ ਵਿਭਾਗ ਦਾ ਕਰਮਚਾਰੀ ਐਲਾਨਿਆ ਜਾਵੇ। ਕੋਵਿਡ-19 ’ਚ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਨੂੰ ਜੋਖ਼ਮ ਭੱਤੇ ਦੇ ਤੌਰ ’ਤੇ ਚਾਰ ਹਜ਼ਾਰ ਰੁਪਏ ਦਿੱਤੇ ਜਾਣ। ਬਿਮਾਰ ਹੋਣ ’ਤੇ ਉਨ੍ਹਾਂ ਦਾ ਇਲਾਜ ਸਰਕਾਰੀ ਖ਼ਰਚੇ ’ਤੇ ਚੰਗੇ ਹਸਪਤਾਲਾਂ ਚੋਂ ਕਰਵਾਇਆ ਜਾਏ। ਇਸ ਮੌਕੇ ਹੋਰਨਾਂ ਮੰਗਾਂ ਦਾ ਵੀ ਜ਼ਿਕਰ ਕੀਤਾ ਗਿਆ।