ਮਨਪ੍ਰੀਤ ਸਿੰਘ
ਮਾਨਸਰ, 24 ਦਸੰਬਰ
ਅੱਜ ਮਾਨਸਰ ਟੌਲ ਪਲਾਜ਼ਾ ’ਤੇ ਸ਼ਾਮ 5 ਵਜੇ ਦੇ ਕਰੀਬ ਜਲੰਧਰ ਤੋਂ ਪਠਾਨਕੋਟ ਜਾ ਰਹੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫ਼ਲੇ ਨੂੰ ਕਿਸਾਨ ਜਥੇਬੰਦੀਆਂ ਨੇ ਕਾਲੀਆਂ ਝੰਡੀਆਂ ਦਿਖਾਈਆਂ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਗੱਲਬਾਤ ਦੌਰਾਨ ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਮੌਜੂਦਾ ਭਾਜਪਾ ਸਰਕਾਰ ਲੋਕਾਂ ’ਤੇ ਜ਼ੁਲਮ ਕਰ ਕੇ ਉਨ੍ਹਾਂ ਦੇ ਹੱਕ ਮਾਰਨ ਵਾਲੀ ਪਹਿਲੀ ਸਰਕਾਰ ਬਣ ਚੁੱਕੀ ਹੈ। ਸੂਬੇ ਦੀ ਭਾਜਪਾ ਇਕਾਈ ਵੱਲੋਂ ਕਿਸਾਨਾਂ ਦੀ ਗੱਲ ਨਾ ਕਰਦਿਆਂ ਕੇਂਦਰੀ ਖੇਤੀ ਕਾਨੂੰਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤਕ ਸੰਘਰਸ਼ ਦੇ ਨਾਲ ਨਾਲ ਭਾਜਪਾ ਦੇ ਅਹੁਦੇਦਾਰਾਂ ਦਾ ਵਿਰੋਧ ਵੀ ਜਾਰੀ ਰਹੇਗਾ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫ਼ਲੇ ਨੂੰ ਮਾਨਸਰ ਟੌਲ ਪਲਾਜ਼ਾ ’ਤੇ ਤੀਜੀ ਵਾਰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ ਹਨ।