ਦਿਲਬਾਗ ਸਿੰਘ ਗਿੱਲ
ਅਟਾਰੀ, 21 ਜੂਨ
ਪਾਕਿਸਤਾਨ ਸਥਿਤ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਲਾਨਾ ਬਰਸੀ ਉਨ੍ਹਾਂ ਦੀ ਸਮਾਧ ਨੇੜੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਅੱਜ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੈਂਬਰ ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਇਆ।
ਅਟਾਰੀ ਤੋਂ ਪਾਕਿਸਤਾਨ ਲਈ ਰਵਾਨਾ ਹੋਏ ਸਿੱਖ ਜਥੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਖਾਲੜਾ ਮਿਸ਼ਨ ਕਮੇਟੀ, ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ, ਖਾਲੜਾ ਮਿਸ਼ਨ ਕਮੇਟੀ ਤੇ ਰਾਜਸਥਾਨ ਦੇ ਸ਼ਰਧਾਲੂਆਂ ਤੋਂ ਇਲਾਵਾ ਜਥੇ ਦੇ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮਿੱਠੂ ਸਿੰਘ ਕਾਹਨੇ ਕੇ ਪ੍ਰਬੰਧਕਾਂ ਤੋਂ ਇਲਾਵਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸ਼ਾਮਲ ਸਨ।
ਜਥੇ ਦੇ ਪਾਕਿਸਤਾਨ ਲਈ ਰਵਾਨਾ ਹੋਣ ਤੋਂ ਪਹਿਲਾਂ ਸ੍ਰੀ ਗੁਰਮੀਤ ਸਿੰਘ ਬੂਹ ਨੇ ਦੱਸਿਆ ਕਿ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਲਾਹੌਰ ਵਿਖੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਉਨ੍ਹਾਂ ਦੀ ਸਮਾਧ ਨੇੜੇ ਗਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ 10 ਦਿਨਾਂ ਦੀ ਯਾਤਰਾ ਲਈ ਅੱਜ ਪਾਕਿਸਤਾਨ ਜਾ ਰਿਹਾ ਹੈ। ਉੱਥੋਂ ਦੇ ਸਥਾਨਕ ਗੁਰਦੁਆਰਿਆਂ ਅਤੇ ਗੁਰਦੁਆਰਾ ਸੱਚਾ ਸੌਦਾ (ਮੰਡੀ ਚੂਹੜਕਾਣਾ ਸ਼ੇਖੂਪੁਰਾ) ਦੇ ਦਰਸ਼ਨ ਕਰਨ ਉਪਰੰਤ 23 ਜੂਨ ਨੂੰ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ) ਲਈ ਰਵਾਨਾ ਹੋਵੇਗਾ ਅਤੇ 24 ਜੂਨ ਨੂੰ ਪੰਜਾ ਸਾਹਿਬ ਪਹੁੰਚੇਗਾ। 26 ਜੂਨ ਸ਼ਾਮ ਨੂੰ ਜਥਾ ਪੰਜਾ ਸਾਹਿਬ ਤੋਂ ਰਵਾਨਾ ਹੋ ਕੇ 27 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਹੁੰਚੇਗਾ। ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਉਨ੍ਹਾਂ ਦੀ ਸਮਾਧ ਵਿਖੇ 27 ਜੂਨ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 28 ਜੂਨ ਨੂੰ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਵੇਗਾ। ਉਨ੍ਹਾਂ ਦੱਸਿਆ ਕਿ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਅਤੇ ਬਰਸੀ ਮਨਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਭਾਰਤੀ ਸਿੱਖ ਜਥਾ 30 ਜੂਨ ਨੂੰ ਲਾਹੌਰ ਤੋਂ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤੇਗਾ।