ਦਿਲਬਾਗ ਸਿੰਘ ਗਿੱਲ
ਅਟਾਰੀ, 30 ਜੂਨ
ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਉਨ੍ਹਾਂ ਦੀ ਸਮਾਧ ਨੇੜੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਅੱਜ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੈਂਬਰ ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ ਵਤਨ ਪਰਤਿਆ। ਅਟਾਰੀ ਸਰਹੱਦ ’ਤੇ ਗੱਲਬਾਤ ਕਰਦਿਆਂ ਸ੍ਰੀ ਬੂਹ ਨੇ ਦੱਸਿਆ ਕਿ ਭਾਰਤੀ ਸਿੱਖ ਸ਼ਰਧਾਲੂਆਂ ਵੱਲੋਂ ਲਾਹੌਰ ਵਿਖੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਉਨ੍ਹਾਂ ਦੀ ਸਮਾਧ ਨੇੜੇ ਗਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸਿੱਖ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਤੋਂ ਇਲਾਵਾ ਸਿੱਖ ਸ਼ਰਧਾਲੂਆਂ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ (ਸਥਾਨਕ ਗਰਦੁਆਰਿਆਂ ਸਮੇਤ), ਗੁਰਦੁਆਰਾ ਸੱਚਾ ਸੌਦਾ ਸਾਹਿਬ (ਮੰਡੀ ਚੂਹੜਕਾਣਾ), ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ), ਗੁਰਦੁਆਰਾ ਡੇਹਰਾ ਸਾਹਿਬ ਲਾਹੌਰ (ਸਥਾਨਕ ਗੁਰਦੁਆਰਿਆਂ ਸਮੇਤ), ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ (ਨਾਰੋਵਾਲ) ਅਤੇ ਗੁਰਦੁਆਰਾ ਰੋੜੀ ਸਾਹਿਬ (ਐਮਨਾਬਾਦ) ਦੇ ਦਰਸ਼ਨ ਕੀਤੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥਾ ਲੀਡਰ ਜਗਮੋਹਨ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਔਕਾਫ਼ ਬੋਰਡ ਵੱਲੋਂ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵਾਤਾਨਕੂਲ ਬੱਸਾਂ ਰਾਹੀਂ ਯਾਤਰਾ ਕਰਵਾਈ ਗਈ।