ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 19 ਦਸੰਬਰ
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਥੇ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਦਾ ਯਤਨ ਕਰਨ ਦੀ ਘਟਨਾ ਦੇ ਸਬੰਧ ਵਿੱਚ ਪੁਲੀਸ ਕਮਿਸ਼ਨਰ ਅਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨਾਲ ਅੱਜ ਇਥੇ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਭਰੋਸਾ ਦਿੱਤਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਘਟਨਾ ਸਾਜ਼ਿਸ਼ ਲੱਗਦੀ ਹੈ। ਮੀਟਿੰਗ ਵਿਚ ਸ਼ਾਮਲ ਹੋ ਕੇ ਪਰਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਉਨ੍ਹਾਂ ਮੀਟਿੰਗ ਦੌਰਾਨ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਾਉਣ ਅਤੇ ਘਟਨਾ ਦੇ ਪਿੱਛੇ ਕਿਹੜੀਆਂ ਤਾਕਤਾਂ ਹਨ ਦਾ ਪਤਾ ਲਾਉਣ ਦੀ ਮੰਗ ਕੀਤੀ ਹੈ। ਮੀਟਿੰਗ ਮਗਰੋਂ ਉਪ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਆਖਿਆ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਬੇਅਦਬੀ ਲਈ ਆਇਆ ਇਹ ਵਿਅਕਤੀ ਕੱਲ੍ਹ ਦੁਪਹਿਰ ਤੋਂ ਹਰਿਮੰਦਰ ਸਾਹਿਬ ਕੰਪਲੈਕਸ ਦੇ ਵਿੱਚ ਸੀ। ਉਨ੍ਹਾਂ ਦੱਸਿਆ ਕਿ ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ ਦੁਆਲੇ ਸੁਰੱਖਿਆ ਵਿਚ ਵਾਧਾ ਕੀਤਾ ਜਾਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਮੰਦਭਾਗੀ ਘਟਨਾ ਦੇ ਸਬੰਧ ਵਿਚ ਪਸ਼ਚਾਤਾਪ ਵਜੋਂ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਵੀ ਸੁਰੱਖਿਆ ਵਿਚ ਵਾਧਾ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਅੰਮ੍ਰਿਤਸਰ ਪੁਲੀਸ ਨੇ ਮਾਰੇ ਗਏ ਵਿਅਕਤੀ ਖ਼ਿਲਾਫ਼ ਧਾਰਾ 307 ਤੇ 295-ਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਰਨ ਵਾਲੇ ਦੀ ਪਛਾਣ ਨਹੀਂ ਹੋ ਸਕੀ,