ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਨਵੰਬਰ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਮਾਨਸਾ, ਬਠਿੰਡਾ, ਸੰਗਰੂਰ ਅਤੇ ਸਰਦੂਲਗੜ੍ਹ ਸਣੇ ਅੱਧਾ ਦਰਜਨ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਕੈਬਨਿਟ ਮੰਤਰੀਆਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਸ਼ਹਿਰਾਂ ਨੂੰ ਸਾਫ ਸੁਥਰਾ ਤੇ ਕੂੜਾ ਮੁਕਤ ਕਰਨ ਲਈ ਯੋਗ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕੂੜੇ ਦੇ ਢੇਰ ਡੰਪ ਸਾਈਟਾਂ ’ਤੇ ਪਏ ਹਨ, ਇਨ੍ਹਾਂ ਕੂੜੇ ਦੇ ਢੇਰਾਂ ਦੀ ਜਲਦ ਤੋਂ ਜਲਦ ਸਫਾਈ ਕਰਵਾ ਕੇ ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰਾਂ ਵਿੱਚ ਸੀਵਰੇਜ ਦੀ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਸੀਵਰੇਜ ਦੇ ਬਲਾਕ ਹੋਣ ਨਾਲ ਗੰਦਾ ਪਾਣੀ ਗਲੀਆਂ ਅਤੇ ਸੜਕਾਂ ਵਿੱਚ ਇੱਕਠਾ ਨਾ ਹੋਵੇ। ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਕੋਲੋਂ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਅਤੇ ਅਣਵਰਤੇ ਫੰਡਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਜਲਦ ਤੋਂ ਜਲਦ ਵਿਕਾਸ ਕਾਰਜਾਂ ਲਈ ਖਰਚਣ ਦੇ ਆਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਲਈ ਲੋਕ ਹਿੱਤ ਵਿੱਚ ਨਾ ਖਰਚਿਆ ਗਿਆ ਤਾਂ ਅਜਿਹੇ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਆਰੰਭ ਕੀਤੀ ਜਾਵੇਗੀ। ਕੈਬਨਿਟ ਮੰਤਰੀਆਂ ਨੇ ਸੀਵਰੇਜ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਦੇ ਪ੍ਰਗਤੀ ਅਧੀਨ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।