ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 2 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨੇ ਗਏ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਜ਼ਦੀਕੀ ਅਤੇ ਪਾਰਟੀ ਦੇ ਜਨਰਲ ਸਕੱਤਰ ਕਸ਼ਮੀਰਾ ਸਿੰਘ ਸੰਘਾ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਆਡੀਓ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਆਡੀਓ ਵਿੱਚ ਸੰਘਾ ਮਹਿਲਾ ਮਿੱਤਰ ਨੂੰ ਸਰਕਾਰ ਬਣਨ ’ਤੇ ਰੇਤ ਮਾਈਨਿੰਗ ਦੇ ਠੇਕੇ ਲੈ ਕੇ ਦੇਣ ਅਤੇ ਰੇਤਾ ਦੀਆਂ ਟਰਾਲੀਆਂ ਭਰਨ ਬਦਲੇ ਪੰਜ-ਪੰਜ ਹਜ਼ਾਰ ਰੁਪਏ ਦੀਆਂ ਪਰਚੀਆ ਕੱਟਣ ਦੀ ਗੱਲ ਕਹਿ ਰਹੇ ਹਨ। ਉਹ ਮਹਿਲਾ ਮਿੱਤਰ ਨੂੰ ਬ੍ਰਹਮਪੁਰਾ ਨਾਲ ਮਿਲਾਉਣ ਅਤੇ ਫੋਟੋ ਕਰਵਾਉਣ ਲਈ ਗੁਰਦੁਆਰਾ ਦਰਬਾਰ ਸਾਹਿਬ ਤਰਨ ਤਾਰਨ ਇਕੱਲੇ ਆਉਣ ਦਾ ਸੱਦਾ ਵੀ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਤੋਂ ਬਾਅਦ ਰਣਜੀਤ ਸਿੰਘ ਬ੍ਰਹਮਪੁਰਾ 27 ਦਸੰਬਰ ਨੂੰ ਅਕਾਲੀ ਦਲ ਦੇ ਪ੍ਰਧਾਨ ਅਤੇ ਹੋਰ ਆਗੂਆਂ ਨਾਲ ਦਰਬਾਰ ਸਾਹਿਬ ਤਰਨ ਤਾਰਨ ਮੱਥਾ ਟੇਕਣ ਗਏ ਸਨ।
ਇਸ ਆਡੀਓ ਸਬੰਧੀ ਪੁਸ਼ਟੀ ਕਰਨ ਲਈ ਜਦੋਂ ਕਸ਼ਮੀਰ ਸਿੰਘ ਸੰਘਾ ਨਾਲ ਸੰਪਰਕ ਕੀਤਾ ਗਿਆ ਤਾਂ ਪਤਨੀ ਨੇ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੰਦਿਆਂ ਗੱਲ ਕਰਵਾਉਣ ਤੋਂ ਮਨ੍ਹਾਂ ਕਰ ਦਿੱਤਾ। ਇਸੇ ਤਰ੍ਹਾਂ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦੇ ਪੁੱਤਰ ਰਵਿੰਦਰ ਸਿੰਘ ਨੇ ਗੱਲ ਕਰਵਾਉਣ ਤੋਂ ਮਨ੍ਹਾਂ ਕਰ ਦਿੱਤਾ।