ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਸਤੰਬਰ
ਬਾਬਾ ਜੀਵਨ ਸਿੰਘ ਦੇ ਪੰਜ ਸਤੰਬਰ ਨੂੰ ਮਨਾਏ ਜਾ ਰਹੇ ਜਨਮ ਦਿਵਸ ਸਬੰਧੀ ਅੱਜ ਅਕਾਲ ਤਖਤ ਤੋਂ ਚੇਤਨਾ ਮਾਰਚ ਆਰੰਭ ਹੋਇਆ, ਜੋ ਭਲਕੇ ਚਾਰ ਸਤੰਬਰ ਨੂੰ ਪਟਿਆਲਾ ਸਥਿਤ ਗੁਰਦੁਆਰਾ ਦੂਖ ਨਿਵਾਰਨ ਪੁੱਜ ਕੇ ਸਮਾਪਤ ਹੋਵੇਗਾ। ਉੱਥੇ ਪੰਜ ਸਤੰਬਰ ਨੂੰ ਜਨਮ ਦਿਹਾੜੇ ਸਬੰਧੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ।
ਇਹ ਚੇਤਨਾ ਮਾਰਚ ਬਾਬਾ ਜੀਵਨ ਸਿੰਘ ਵਿਦਿਅਕ ਤੇ ਭਲਾਈ ਟਰੱਸਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤ ਦੇ ਸਹਿਯੋਗ ਨਾਲ ਆਰੰਭ ਕੀਤਾ ਗਿਆ, ਜਿਸ ਦੀ ਅਗਵਾਈ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਇਸ ਤੋਂ ਪਹਿਲਾਂ ਅਕਾਲ ਤਖ਼ਤ ਨੇੜੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮਗਰੋਂ ਟਰੱਸਟ ਦੇ ਚੇਅਰਮੈਨ ਜਸਵੰਤ ਸਿੰਘ ਤੇ ਹੋਰ ਸ਼ਖਸੀਅਤਾਂ ਦਾ ਸਨਮਾਨ ਹੋਇਆ। ਟਰੱਸਟ ਦੇ ਮੁਖੀ ਨੇ ਦੱਸਿਆ ਕਿ ਇਹ ਚੇਤਨਾ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਰਾਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਭਦੌੜ ਵਿਖੇ ਵਿਸ਼ਰਾਮ ਕਰੇਗਾ। ਇੱਥੇ ਬਾਬਾ ਜੀਵਨ ਸਿੰਘ ਦੇ ਜੀਵਨ ’ਤੇ ਚਾਨਣਾ ਪਾਉਂਦਾ ਰੌਸ਼ਨੀ ਤੇ ਆਵਾਜ਼ਾਂ ’ਤੇ ਅਧਾਰਿਤ ਨਾਟਕ ‘ਰੰਘਰੇਟੇ ਗੁਰੂ ਕੇ ਬੇਟੇ’ ਦਾ ਮੰਚਨ ਕੀਤਾ ਜਾਵੇਗਾ। ਅਗਲੇ ਦਿਨ ਚੇਤਨਾ ਮਾਰਚ ਗੁਰਦੁਆਰਾ ਦੂਖ ਨਿਵਾਰਨ ਪਟਿਆਲਾ ਲਈ ਰਵਾਨਾ ਹੋਵੇਗਾ।
ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸੰਗਤ ਨੂੰ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਦੌਰਾਨ ਜਮਸ਼ੇਦਪੁਰ ਤੋਂ ਵੀ ਸ਼ਰਧਾਲੂਆਂ ਦਾ ਇਕ ਜਥਾ ਰੰਗਰੇਟਾ ਮਹਾਸਭਾ ਦੇ ਬੈਨਰ ਹੇਠ ਇੱਥੇ ਪੁੱਜਿਆ।
ਸ਼੍ਰੋਮਣੀ ਕਮੇਟੀ ਮਨਾਏਗੀ ‘ਸਮਾਣਾ ਫ਼ਤਹਿ ਦਿਵਸ’
ਪਟਿਆਲਾ (ਖੇਤਰੀ ਪ੍ਰਤੀਨਿਧ ): ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ‘ਸਮਾਣਾ ਫ਼ਤਹਿ ਦਿਵਸ’ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਦੇਖਰੇਖ ਹੇਠ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ’ਚ ਅੱਜ ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ’ਚ ਸਬ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਮਗਰੋਂ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ‘ਸਮਾਣਾ ਫ਼ਤਹਿ ਦਿਵਸ’ ਦੇ ਬੈਨਰ ਹੇਠ ਇਹ ਸਮਾਗਮ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਨੂੰ ਸਮਰਪਿਤ ਹੋਵੇਗਾ। ਇਸ ਸਬੰਧੀ ਤਾਰੀਖ ਬੀਬੀ ਜਗੀਰ ਕੌਰ ਤੈਅ ਕਰਨਗੇ।