ਦਲਬੀਰ ਸੱਖੋਵਾਲੀਆ
ਬਟਾਲਾ, 12 ਸਤੰਬਰ
ਗੁਰੂ ਨਾਨਕ ਦੇਵ ਜੀ ਦਾ ਬਾਰਾਤ ਰੂਪੀ ਨਗਰ ਕੀਰਤਨ ਅੱਜ ਦੇਰ ਸ਼ਾਮ ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚ ਗਿਆ ਹੈ। ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ, ਸ਼ੁਭਪ੍ਰੀਤ ਸਿੰਘ ਸ਼ਾਹਬਾਦ, ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਸਮੇਤ ਬਾਕੀ ਸੰਗਤ ਨੇ ਬਟਾਲਾ-ਜਲੰਧਰ ਰੋਡ ’ਤੇ ਸਥਿਤ ਪਿੰਡ ਆਦੋਵਾਲੀ ਤੇ ਬੂੜੇਨੰਗਲ ਕੋਲ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਏ ਬਾਰਾਤ ਰੂਪੀ ਨਗਰ ਕੀਰਤਨ ਵਿੱਚ ਸੰਗਤ ਸ਼ਬਦ ਗਾਇਨ ਕਰ ਰਹੀ ਸੀ। ਸਵੇਰੇ ਇਹ ਨਗਰ ਕੀਰਤਨ ਗੁਰਦੁਆਰਾ ਡੇਹਰਾ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਪਹੁੰਚੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਅਤੇ ਇਤਿਹਾਸਕ ਗੁਰਦੁਆਰਾ ਕੰਧ ਸਾਹਿਬ ਦੇ ਮੈਨੇਜਰ ਗੁਤਿੰਦਰਪਾਲ ਸਿੰਘ ਮਾਂਟੂ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਤੋਂ ਬਾਰਾਤ ਰੂਪੀ ਨਗਰ ਕੀਰਤਨ ਦੇਰ ਰਾਤ ਗੁਰਦੁਆਰਾ ਸਤਕਰਤਾਰੀਆ ਸਾਹਿਬ ਪਹੁੰਚਿਆ। ਸਵੇਰੇ ਮਾਤਾ ਸੁਲੱਖਣੀ ਜੀ ਦੇ ਘਰ ਗੁਰਦੁਆਰਾ ਡੇਹਰਾ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋ ਕੇ ਬਟਾਲਾ ਦੇ ਵੱਖ-ਵੱਖ ਮੁਹੱਲਿਆਂ ’ਚੋਂ ਗੁਜ਼ਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਕੰਧ ਸਾਹਿਬ ਪਹੁੰਚੇਗਾ।
ਜ਼ਿਕਰਯੋਗ ਹੈ ਕਿ ਇੱਥੇ ਸੀਵਰੇਜ ਪਾਉਣ ਲਈ ਗਲੀਆਂ ਪੱਟੀਆਂ ਹੋਈਆਂ ਹਨ। ਬੀਤੇ ਤਿੰਨ ਦਿਨਾਂ ਤੋਂ ਇੱਥੇ ਮੀਂਹ ਪੈਣ ਕਰਕੇ ਚਿੱਕੜ ਬਣ ਗਿਆ ਹੈ, ਜਿਸ ਕਾਰਨ ਸੰਗਤ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਅੱਜ
ਬਟਾਲਾ (ਹਰਜੀਤ ਸਿੰਘ ਪਰਮਾਰ): ਇੱਥੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਭਲਕੇ 12 ਸਤੰਬਰ ਨੂੰ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਥਾਨਕ ਕਮੇਟੀਆਂ ਅਤੇ ਪ੍ਰਸ਼ਾਸਨ ਨੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਮੁੱਖ ਪ੍ਰਬੰਧਕ ਗੁਰਿੰਦਰਪਾਲ ਸਿੰਘ ਗੋਰਾ ਨੇ ਦੱਸਿਆ ਕਿ 13 ਸਤੰਬਰ ਨੂੰ ਮਾਤਾ ਸੁਲੱਖਣੀ ਜੀ ਦੇ ਪੇਕੇ ਘਰ ਇਤਿਹਾਸਕ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਸਵੇਰੇ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਬੀਤੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਦੇ ਬਾਵਜੂਦ ਗੁਰਦੁਆਰਾ ਕੰਧ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋ ਰਹੀ ਹੈ। ਸੰਗਤ ਵੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਗੁਰਦੁਆਰੇ ਦੇ ਚਾਰੇ ਪਾਸੇ ਬੈਰੀਕੇਡ ਲਾਏ ਗਏ ਹਨ। ਪੁਲੀਸ ਨੇ ਵੀ ਸ਼ਹਿਰ ਵਿੱਚ ਸੁਰੱਖਿਆ ਦਾ ਸਖ਼ਤ ਪ੍ਰਬੰਧ ਕੀਤਾ ਹੋਇਆ ਹੈ। ਸਾਰੇ ਸੁਰੱਖਿਆ ਪ੍ਰਬੰਧਾਂ ਦੀ ਕਮਾਂਡ ਬਟਾਲਾ ਦੇ ਐੱਸਐੱਸਪੀ ਅਸ਼ਵਨੀ ਕਪੂਰ ਦੇ ਹੱਥ ਹੈ।
ਵਿਆਹ ਪੁਰਬ ਮੌਕੇ ਅੱਜ ਡਰਾਈ ਡੇਅ ਐਲਾਨਿਆ
ਗੁਰਦਾਸਪੁਰ (ਪੱਤਰ ਪ੍ਰੇਰਕ): ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ 13 ਸਤੰਬਰ ਨੂੰ ਬਟਾਲਾ ਸ਼ਹਿਰ ਵਿੱਚ ਗੁਰੂ ਨਾਨਕ ਦੇਵ ਦੇ ਮਨਾਏ ਜਾ ਰਹੇ ਵਿਆਹ ਪੁਰਬ ਕਾਰਨ ਬਟਾਲਾ ਨਿਗਮ ਦੀ ਹਦੂਦ ਅੰਦਰ ਡਰਾਈ ਡੇਅ ਦਾ ਐਲਾਨ ਕੀਤਾ ਹੈ। ਹੁਕਮਾਂ ਅਨੁਸਾਰ ਬਟਾਲਾ ਸ਼ਹਿਰ ਦੀ ਕਮੇਟੀ ਦੀ ਹਦੂਦ ਅੰਦਰ ਦੇਸੀ, ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਤੋਂ ਇਲਾਵਾ ਬਟਾਲਾ ਸ਼ਹਿਰ ਅੰਦਰ ਸਲਾਟਰ ਹਾਊਸ ਬੰਦ ਰਹਿਣਗੇ ਤੇ ਮੀਟ/ਆਂਡੇ ਦੀਆਂ ਦੁਕਾਨਾਂ, ਰੇਹੜੀਆਂ ਆਦਿ ’ਤੇ ਵੀ ਵਿਕਰੀ ਪੂਰੀ ਤਰ੍ਹਾਂ ਬੰਦ ਰਹੇਗੀ।
ਮੁੱਖ ਮੰਤਰੀ ਬਟਾਲਾ ਨੂੰ ਬਣਦਾ ਹੱਕ ਜ਼ਰੂਰ ਦੇਣਗੇ: ਬਾਜਵਾ
ਬਟਾਲਾ (ਨਿੱਜੀ ਪੱਤਰ ਪ੍ਰੇਰਕ): ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਗੁਰਦੁਆਰਾ ਸ੍ਰੀ ਕੰਧ ਸਾਹਿਬ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਕਮੇਟੀ ਵੱਲੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਕੀਤੀ ਗਈ ਅਰਦਾਸ ਵਿੱਚ ਵੀ ਉਹ ਸ਼ਾਮਲ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਬਟਾਲਾ ਦੀ ਧਰਤੀ ਬਹੁਤ ਭਾਗਾਂ ਵਾਲੀ ਹੈ, ਜਿੱਥੇ ਗੁਰੂ ਨਾਨਕ ਦੇਵ ਜੀ ਮਾਤਾ ਸੁਲੱਖਣੀ ਨੂੰ ਵਿਆਹੁਣ ਆਏ ਸਨ। ਗੁਰੂ ਸਾਹਿਬ ਦੇ ਵਿਆਹ ਪੁਰਬ ਵਾਲੇ ਦਿਨ ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਕੰਧ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ, ਗੁਰੂ ਹਰਗੋਬਿੰਦ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਅਤੇ ਸ੍ਰੀ ਅਚਲੇਸ਼ਵਰ ਧਾਮ ਨਾਲ ਸਬੰਧਤ ਬਟਾਲਾ ਸ਼ਹਿਰ ਆਪਣਾ ਖਾਸ ਮੁਕਾਮ ਰੱਖਦਾ ਹੈ। ਸ਼ਹਿਰ ਦੀ ਧਾਰਮਿਕ, ਇਤਿਹਾਸਕ, ਸਭਿਆਚਾਰਕ ਅਤੇ ਉਦਯੋਗਿਕ ਮਹੱਤਤਾ ਨੂੰ ਦੇਖਦਿਆਂ ਮੁੱਖ ਮੰਤਰੀ ਜਲਦੀ ਹੀ ਬਟਾਲਾ ਨੂੰ ਜ਼ਿਲ੍ਹਾ ਬਣਾ ਕੇ ਇਸ ਦਾ ਬਣਦਾ ਹੱਕ ਜ਼ਰੂਰ ਦੇਣਗੇ। ਇੱਕ ਸਵਾਲ ਦੇ ਜਵਾਬ ਵਿੱਚ ਬਾਜਵਾ ਨੇ ਕਿਹਾ ਕਿ ਉਹ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੀਆਂ ਮੰਗਾਂ ਨਾਲ ਸਹਿਮਤ ਹਨ ਤੇ ਕਾਂਗਰਸ ਵੱਲੋਂ ਕਿਸਾਨ ਅੰਦੋਲਨ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ।