ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ 29 ਜੁਲਾਈ
ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਖਿਆ ਹੈ ਕਿ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੂੰ ਛੱਡ ਕੇ ਕਿਸੇ ਵੀ ਸਿਆਸੀ ਪਾਰਟੀ ਨਾਲ ਏਕਤਾ ਕਰ ਸਕਦੀ ਹੈ। ਦਲ ਨੇ ਅੱਜ ਆਪਣਾ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਖੋਲ੍ਹਿਆ ਹੈ। ਇਸੇ ਤਰ੍ਹਾਂ ਦਾ ਇੱਕ ਦਫ਼ਤਰ ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਚੰਡੀਗੜ੍ਹ ਵਿਖੇ ਖੋਲ੍ਹਿਆ ਜਾਵੇਗਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਮੇਂ ਸਿਰ ਕਰਵਾਉਣ ਤੋਂ ਕੇਂਦਰ ਸਰਕਾਰ ਨੂੰ ਰੋਕਿਆ ਜਾ ਰਿਹਾ ਹੈ। ਪਾਰਟੀ ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ ਨਾਲ ਸੰਪਰਕ ਕਰਕੇ ਮੁਲਾਕਾਤ ਲਈ ਸਮਾਂ ਲਵੇਗੀ ਤਾਂ ਜੋ ਇਹ ਚੋਣਾਂ ਕਰਵਾਉਣ ਲਈ ਆਖਿਆ ਜਾ ਸਕੇ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ’ਤੇ ਦੋਸ਼ ਲਾਇਆ ਕਿ ਉਹ ਡੇਰਾ ਸਿਰਸਾ ਦੇ ਨਾਲ ਰਲਿਆ ਹੋਇਆ ਹੈ। ਉਨ੍ਹਾਂ ਨੇ ਅਕਾਲ ਤਖ਼ਤ ਅਤੇ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ।