ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਜੂਨ
ਦਮਦਮੀ ਟਕਸਾਲ ਵੱਲੋਂ ਚੌਕ ਮਹਿਤਾ ਸਥਿਤ ਸੰਸਥਾ ਦੇ ਹੈੱਡ ਕੁਆਰਟਰ ਵਿੱਚ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿੱਚ ਅੱਜ ਜੂਨ 1984 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 38ਵਾਂ ਸ਼ਹੀਦੀ ਸਮਾਗਮ ਮਨਾਇਆ ਗਿਆ, ਜਿਸ ਵਿੱਚ 13 ਬੰਦੀ ਸਿੰੰਘਾਂ ਨੂੰ ‘ਬੰਦੀ ਸਿੱਖ ਕੌਮੀ ਯੋਧਾ’ ਐਵਾਰਡ ਦਿੱਤੇ ਗਏ।
ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਇਸ ਸ਼ਹੀਦੀ ਸਮਾਗਮ ਵਿੱਚ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਸੰਤ ਭਿੰਡਰਾਂਵਾਲੇ ਅਤੇ ਹੋਰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸਿੱਖ ਕੌਮ ਜੂਨ 1984 ਵਿੱਚ ਵਾਪਰੇ ਫੌਜੀ ਹਮਲੇ ਨੂੰ ਕਦੇ ਭੁਲਾ ਨਹੀਂ ਸਕਦੀ।
ਇਸ ਮੌਕੇ ਟਕਸਾਲ ਮੁਖੀ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ 13 ਬੰਦੀ ਸਿੰੰਘਾਂ ਨੂੰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿੱਚੋਂ ਭਾਈ ਅਰਜਿੰਦਰ ਸਿੰਘ ਯੂਕੇ, ਭਾਈ ਮਨਜੀਤ ਸਿੰਘ ਯੂਕੇ, ਭਾਈ ਲਾਲ ਸਿੰਘ, ਭਾਈ ਦਇਆ ਸਿੰਘ ਲਾਹੌਰੀਆ, ਭਾਈ ਹਰਨੇਕ ਸਿੰਘ ਭੱਪ ਖ਼ੁਦ ਹਾਜ਼ਰ ਸਨ, ਜਦਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਗੁਰਮੀਤ ਸਿੰਘ, ਭਾਈ ਗੁਰਦੀਪ ਸਿੰਘ ਖੈੜਾ, ਭਾਈ ਲਖਵਿੰਦਰ ਸਿੰਘ, ਭਾਈ ਸ਼ਮਸ਼ੇਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਸਨਮਾਨ ਦਿੱਤੇ ਗਏ। ਇਸ ਮੌਕੇ ਦਮਦਮੀ ਟਕਸਾਲ ਵੱਲੋਂ ਇਸ ਸਾਲ ਭਾਈ ਗੁਰਇਕਬਾਲ ਸਿੰਘ ਮੁਖੀ, ਬੀਬੀ ਕੌਲਾਂ ਜੀ ਭਲਾਈ ਕੇਂਦਰ ਕੌਮੀ ਸੇਵਾ ਐਵਾਰਡ ਨਾਲ ਸਨਮਾਨੇ ਗਏ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਸਤਰ ਵਿੱਦਿਆ ਸਬੰਧੀ ਗੱਲ ਕਰਦਿਆਂ ਕਿਹਾ ਕਿ ਇਹ ਸਿੱਖਾਂ ਦੀ ਨਹੀਂ ਸਗੋਂ ਭਾਰਤੀ ਸੰਸਕ੍ਰਿਤੀ ਦਾ ਵੀ ਅਨਿੱਖੜਵਾਂ ਹਿੱਸਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਮਦਮੀ ਟਕਸਾਲ ਵੱਲੋਂ ਗੁਰੂ ਸਾਹਿਬਾਨ ਦੇ ਆਸ਼ੇ ਦੀ ਪੂਰਤੀ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਸਣੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਵੀ ਸੰਬੋਧਨ ਕੀਤਾ।