ਦਰਸ਼ਨ ਸਿੰਘ ਸੋਢੀ
ਮੁਹਾਲੀ, 31 ਅਗਸਤ
ਭਾਖੜਾ ਬਿਆਸ ਪ੍ਰਬੰਧਨ ਬੋਰਡ(ਬੀਬੀਐੱਮਬੀ) ਬਾਰੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਅੱਜ ਇਥੇ ਕਿਹਾ ਕਿ ਬੀਬੀਐੱਮਬੀ ਸਿਰਫ਼ ਪੰਜਾਬ ਦਾ ਬੋਰਡ ਨਹੀਂ, ਸਗੋਂ ਇਹ ਪੰਜਾਬ ਦੇ ਨਾਲ ਹਰਿਆਣਾ, ਦਿੱਲੀ, ਰਾਜਸਥਾਨ ਦਾ ਸਾਂਝਾ ਬੋਰਡ ਹੈ। ਇਸ ‘ਤੇ ਸਭ ਦਾ ਬਰਾਬਰ ਦਾ ਹੱਕ ਹੈ। ਬੰਦੀ ਸਿੰਘਾਂ ਦੀ ਰਿਹਾਈ ਬਾਰੇ ਉਨ੍ਹਾਂ ਕਿਹਾ ਕਿ ਕਾਫੀ ਸਮੇਂ ਤੋਂ ਇਸ ਸਬੰਧੀ ਮੰਗ ਤਾਂ ਕੀਤੀ ਜਾ ਰਹੀ ਹੈ ਪਰ ਉਹ ਬੰਦੀ ਸਿੰਘਾਂ ਦੀ ਸੂਚੀ ਮੰਗ ਮੰਗ ਕੇ ਥੱਕ ਗਏ ਹਨ ਪਰ ਹੁਣ ਤੱਕ ਕਿਸੇ ਨੇ ਸਰਕਾਰ ਨੂੰ ਸਿੱਖ ਕੈਦੀਆਂ ਦੀ ਸੂਚੀ ਹੀ ਨਹੀਂ ਦਿੱਤੀ। ਕੇਂਦਰ ਸਰਕਾਰ ਇਸ ਗੰਭੀਰ ਮੁੱਦੇ ’ਤੇ ਹਮਦਰਦੀ ਨਾਲ ਗੌਰ ਕਰ ਰਹੀ ਹੈ। ਉਨ੍ਹਾਂ ਕਾਂਗਰਸ ਨੂੰ ਗਾਂਧੀ ਪਰਿਵਾਰ ਦੀ ਪਾਰਟੀ ਕਰਾਰ ਦਿੱਤਾ। ਇਸ ਨਾਲ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦਾ ਵੋਟ ਬੈਂਕ ਵਧਿਆ ਹੈ। ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਤੀਕਸ਼ਣ ਸੂਦ, ਸੁਭਾਸ਼ ਸ਼ਰਮਾ, ਸੁਸ਼ੀਲ ਰਾਣਾ, ਸੰਜੀਵ ਵਸ਼ਿਸ਼ਟ, ਸੁਖਵਿੰਦਰ ਸਿੰਘ ਗੋਲਡੀ, ਨਰਿੰਦਰ ਰਾਣਾ, ਅਰੁਣ ਸ਼ਰਮਾ, ਅਸ਼ੋਕ ਝਾਅ ਅਤੇ ਰਮੇਸ਼ ਵਰਮਾ ਮੌਜੂਦ ਸਨ।