ਜਸਵੰਤ ਜੱਸ
ਫ਼ਰੀਦਕੋਟ, 30 ਸਤੰਬਰ
ਬਹਬਿਲ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਏ ਐੱਸਪੀ ਬਿਕਰਮਜੀਤ ਸਿੰਘ ਨੂੰ ਪੰਜਾਬ ਤੇ ਹਰਿਆਣਾ ਨੇ ਐੱਸਪੀ ਦੇ ਅਹੁਦੇ ਤੋਂ ਮੁੜ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਐੱਸਪੀ ਬਿਕਰਮਜੀਤ ਸਿੰਘ ਦੇ ਬਹਬਿਲ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਗ੍ਰਹਿ ਵਿਭਾਗ ਪੰਜਾਬ ਨੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਸੀ। ਬਿਕਰਮਜੀਤ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕਰਕੇ ਮੰਗ ਕੀਤੀ ਸੀ ਕਿ ਉਸ ਨੂੰ ਬਹਾਲ ਕੀਤਾ ਜਾਵੇ। ਇਸ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤਾ ਸੀ ਕਿ ਉਹ ਆਪਣਾ ਪੱਖ ਅਦਾਲਤ ਸਾਹਮਣੇ ਰੱਖੇ। ਪੰਜਾਬ ਸਰਕਾਰ ਵੱਲੋਂ ਅਦਾਲਤ ’ਚ ਪੇਸ਼ ਹੋਈ ਸਹਾਇਕ ਐਡਵੋਕੇਟ ਜਰਨਲ ਸਿਮਰਨ ਗਰੇਵਾਲ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਬਹਾਲੀ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਆਪਣਾ ਪੱਖ ਰੱਖਣ ਲਈ ਸੂਚਿਤ ਕਰ ਦਿੱਤਾ ਸੀ ਅਤੇ ਡੀਜੀਪੀ ਪੰਜਾਬ ਅਤੇ ਵਧੀਕ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਵੀ ਇਸ ਸਬੰਧੀ ਪੱਤਰ ਭੇਜਿਆ ਸੀ ਪਰ ਪੰਜਾਬ ਸਰਕਾਰ ਨੇ ਅਦਾਲਤ ਵਿੱਚ ਪੇਸ਼ ਹੋ ਕੇ ਇਸ ਸਬੰਧੀ ਆਪਣਾ ਪੱਖ ਨਹੀਂ ਰੱਖਿਆ। ਜਸਟਿਸ ਅਨਮੋਲ ਰਤਨ ਸਿੰਘ ਨੇ ਐੱਸਪੀ ਬਿਕਰਮਜੀਤ ਸਿੰਘ ਨੂੰ ਬਹਾਲ ਕਰਨ ਦਾ ਆਦੇਸ਼ ਦਿੰਦਿਆਂ ਗ੍ਰਹਿ ਵਿਭਾਗ ਦੇ ਸਪੈਸ਼ਲ ਚੀਫ਼ ਸਕੱਤਰ ਨੂੰ ਆਦੇਸ਼ ਦਿੱਤੇ ਹਨ ਕਿ ਉਹ 30 ਅਕਤੂਬਰ 2020 ਤੱਕ ਆਪਣਾ ਪੱਖ ਅਦਾਲਤ ਸਾਹਮਣੇ ਰੱਖਣ ਅਤੇ ਜੇਕਰ ਅਜਿਹਾ ਨਹੀਂ ਕਰਦੇ ਤਾਂ ਉਹ ਖੁਦ ਨਿੱਜੀ ਤੌਰ ’ਤੇ ਅਦਾਲਤ ਸਾਹਮਣੇ ਪੇਸ਼ ਹੋਣ।