ਜਸਵੰਤ ਜੱਸ
ਫ਼ਰੀਦਕੋਟ, 28 ਸਤੰਬਰ
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ 14 ਅਕਤੂਬਰ 2015 ਨੂੰ ਵਾਪਰੇ ਬਹਬਿਲ ਗੋਲੀ ਕਾਂਡ ’ਚ ਅੱਜ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰ ਲਿਆ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸਿੰਘ ਸ਼ਰਮਾ, ਐੱਸਪੀ ਬਿਕਰਮ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ, ਥਾਣਾ ਬਾਜਾਖਾਨਾ ਦੇ ਸਾਬਕਾ ਐੱਸਐੱਚਓ ਅਮਰਜੀਤ ਸਿੰਘ ਕੁਲਾਰ, ਕਾਰੋਬਾਰੀ ਪੰਕਜ ਬਾਂਸਲ ਤੇ ਸੁਹੇਲ ਸਿੰਘ ਬਰਾੜ ਮੁਲਜ਼ਮ ਵਜੋਂ ਨਾਮਜ਼ਦ ਹੋ ਚੁੱਕੇ ਹਨ। ਸੂਤਰਾਂ ਅਨੁਸਾਰ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਆਈਜੀ ਪਰਮਰਾਜ ਸਿੰਘ ਉਮਰਾਨੰਗਲ 14 ਅਕਤੂਬਰ 2015 ਸਵੇਰੇ ਬਹਬਿਲ ਕਲਾਂ ਵਿੱਚ ਗਿਆ ਸੀ ਤੇ ਜਿੱਥੇ ਸਿੱਖ ਸੰਗਤਾਂ ਬੇਅਦਬੀ ਖ਼ਿਲਾਫ਼ ਸ਼ਾਂਤਮਈ ਧਰਨੇ ’ਤੇ ਬੈਠੀਆਂ ਸਨ। ਪੜਤਾਲ ਰਿਪੋਰਟ ਅਨੁਸਾਰ ਉਸ ਵੇਲੇ ਦੇ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਕਥਿਤ ਤੌਰ ’ਤੇ ਕੁਝ ਪੁਲੀਸ ਅਧਿਕਾਰੀਆਂ ਤੇ ਸਿਆਸੀ ਆਗੂਆਂ ਨਾਲ ਸਾਜਬਾਜ ਹੋ ਕੇ ਸ਼ਾਂਤਮਈ ਧਰਨੇ ’ਤੇ ਜਬਰ ਢਾਹੁਣਾ ਸ਼ੁਰੂ ਕਰ ਦਿੱਤਾ। ਇੱਥੇ ਚੱਲੀ ਪੁਲੀਸ ਦੀ ਗੋਲੀ ਨਾਲ ਦੋ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ 32 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਪੁਲੀਸ ਅਧਿਕਾਰੀਆਂ ਨੇ ਦੋ ਸਿੱਖ ਨੌਜਵਾਨਾਂ ਦੇ ਕਤਲ ਨੂੰ ਕਥਿਤ ਤੌਰ ’ਤੇ ਜਾਇਜ਼ ਠਹਿਰਾਉਣ ਲਈ ਧਰਨਾਕਾਰੀਆਂ ’ਤੇ ਹੀ ਇਰਾਦਾ ਕਤਲ ਤੇ ਪੁਲੀਸ ’ਤੇ ਹਮਲਾ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰ ਦਿੱਤਾ। ਜਾਂਚ ਟੀਮ ਨੇ ਪੜਤਾਲ ’ਚ ਦਾਅਵਾ ਕੀਤਾ ਹੈ ਕਿ ਪੁਲੀਸ ਦੀ ਜਿਪਸੀ ’ਚ ਗੋਲੀਆਂ ਧਰਨਾਕਾਰੀਆਂ ਵੱਲੋਂ ਨਹੀਂ ਮਾਰੀਆਂ ਗਈਆਂ ਸਨ ਬਲਕਿ ਪੁਲੀਸ ਅਧਿਕਾਰੀਆਂ ਨੇ ਖੁਦ ਨੂੰ ਬਚਾਉਣ ਲਈ ਜਿਪਸੀ ਵਿੱਚ ਖੁਦ ਗੋਲੀਆਂ ਮਾਰ ਕੇ ਝੂਠੀ ਗਵਾਹੀ ਤਿਆਰ ਕੀਤੀ। ਥਾਣਾ ਬਾਜਾਖਾਨਾ ਦੇ ਐੱਸਐੱਚਓ ਇਕਬਾਲ ਹੁਸੈਨ ਨੇ ਕਿਹਾ ਕਿ ਪੜਤਾਲ ਦੇ ਆਧਾਰ ’ਤੇ ਥਾਣੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਉਮਰਾਨੰਗਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜਾਂਚ ਟੀਮ ਦੀ ਇਸ ਕਾਰਵਾਈ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਉਮਰਾਨੰਗਲ ਨੇ ਅਗਾਉਂ ਜ਼ਮਾਨਤ ਲੈਣ ਲਈ ਕਾਨੂੰਨੀ ਲੜਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਵਿਸ਼ੇਸ਼ ਜਾਂਚ ਟੀਮ ਇਨ੍ਹਾਂ ਦੋਹਾਂ ਅਧਿਕਾਰੀਆਂ ਨੂੰ ਹਾਲ ਦੀ ਘੜੀ ਗ੍ਰਿਫ਼ਤਾਰ ਨਹੀਂ ਕਰ ਸਕਦੀ ਕਿਉਂਕਿ ਗ੍ਰਿਫ਼ਤਾਰੀ ਤੋਂ ਪਹਿਲਾਂ ਇੱਕ ਹਫ਼ਤੇ ਲਈ ਨੋਟਿਸ ਦੇਣਾ ਲਾਜ਼ਮੀ ਹੈ।
ਸੁਮੇਧ ਸੈਣੀ ਤੋਂ ਮਟੌਰ ਥਾਣੇ ’ਚ ਪੁੱਛ-ਪੜਤਾਲ
ਐੱਸਏਐੱਸ ਨਗਰ (ਮੁਹਾਲੀ): ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਖਰਕਾਰ ਅੱਜ ਜਾਂਚ ਵਿੱਚ ਸ਼ਾਮਲ ਹੋਣ ਲਈ ਮਟੌਰ ਥਾਣੇ ਪੁੱਜੇ। ਸਾਬਕਾ ਡੀਜੀਪੀ ਅੱਜ ਆਪਣੇ ਵਕੀਲਾਂ ਅਤੇ ਸੁਰੱਖਿਆ ਅਮਲੇ ਨਾਲ ਸਵੇਰੇ 11 ਵਜੇ ਮਟੌਰ ਥਾਣੇ ਪੁੱਜੇ। ਇਸ ਦੌਰਾਨ ਵਕੀਲਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਮੁਹਾਲੀ ਦੇ ਐਸਪੀ (ਡੀ) ਅਤੇ ਸਿੱਟ ਮੁਖੀ ਹਰਮਨਦੀਪ ਸਿੰਘ ਹਾਂਸ, ਡੀਐਸਪੀ (ਡੀ) ਬਿਕਰਮਜੀਤ ਸਿੰਘ ਬਰਾੜ ਅਤੇ ਥਾਣਾ ਮੁਖੀ ਇੰਸਪੈਕਟਰ ਰਾਜੀਵ ਕੁਮਾਰ ਨੇ ਸੈਣੀ ਤੋਂ ਲਗਾਤਾਰ 6 ਘੰਟੇ ਪੁੱਛਗਿੱਛ ਕੀਤੀ ਪਰ ਇਸ ਬਾਰੇ ਅਧਿਕਾਰੀਆਂ ਨੇ ਜਾਣਕਾਰੀ ਦੇਣ ਤੋਂ ਗੁਰੇਜ਼ ਕੀਤਾ।