ਜਸਵੰਤ ਜੱਸ
ਫ਼ਰੀਦਕੋਟ, 1 ਮਾਰਚ
ਬਹਬਿਲ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਗ੍ਰਿਫ਼ਤਾਰੀ ’ਤੇ ਰੋਕ ਲਾਉਂਦਿਆਂ ਦੋਹਾਂ ਨੂੰ 8 ਮਾਰਚ ਨੂੰ ਇਲਾਕਾ ਮੈਜਿਸਰੇਟ ਦੀ ਅਦਾਲਤ ਵਿੱਚ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਸੈਣੀ ਅਤੇ ਉਮਰਾਨੰਗਲ ਖਿਲਾਫ਼ 15 ਜਨਵਰੀ ਨੂੰ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਸੀ। ਚਲਾਨ ਪੇਸ਼ ਹੋਣ ਮਗਰੋਂ ਇਲਾਕਾ ਮੈਜਿਸਟਰੇਟ ਨੇ ਦੋਹਾਂ ਨੂੰ 9 ਫਰਵਰੀ ਲਈ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰੰਤੂ ਦੋਵੇਂ ਪੁਲੀਸ ਅਧਿਕਾਰੀ ਪੇਸ਼ ਨਹੀਂ ਹੋਏ ਸਨ। ਇਸ ਕਰਕੇ ਅਦਾਲਤ ਨੇ ਸੁਮੇਧ ਸੈਣੀ ਦੇ ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ। ਇਸ ਤੋਂ ਪਹਿਲਾਂ ਸੁਮੇਧ ਸੈਣੀ ਅਤੇ ਉਮਰਾਨੰਗਲ ਨੇ ਅਗਾਊਂ ਜ਼ਮਾਨਤ ਲਈ ਸੈਸ਼ਨ ਜੱਜ ਫ਼ਰੀਦਕੋਟ ਦੀ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ ਜੋ 11 ਫਰਵਰੀ ਨੂੰ ਰੱਦ ਹੋ ਗਈ ਸੀ। ਉਸ ਤੋਂ ਬਾਅਦ ਦੋਵੇਂ ਸਾਬਕਾ ਪੁਲੀਸ ਅਧਿਕਾਰੀਆਂ ਨੇ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕੀਤੀ ਸੀ। ਹਾਈ ਕੋਰਟ ਵਿੱਚ ਜ਼ਮਾਨਤ ਅਰਜ਼ੀਆਂ ’ਤੇ ਲਗਾਤਾਰ ਚਾਰ ਦਿਨ ਬਹਿਸ ਤੋਂ ਬਾਅਦ ਅੱਜ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਮਿਲ ਗਈ। ਸੈਣੀ ਅਤੇ ਉਮਰਾਨੰਗਲ ’ਤੇ ਬਹਬਿਲ ਗੋਲੀ ਕਾਂਡ ਦੀ ਕਥਿਤ ਤੌਰ ’ਤੇ ਸਾਜ਼ਿਸ਼ ਰਚਣ ਦੇ ਇਲਜ਼ਾਮ ਲੱਗੇ ਹਨ। ਉਧਰ ਸਥਾਨਕ ਜੁਡੀਸ਼ੀਅਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਅੱਜ ਇੱਥੇ ਚੱਲ ਰਹੇ ਮੁਕੱਦਮੇ ਦੀ ਸੁਣਵਾਈ 9 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਮੈਜਿਸਟਰੇਟ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਹਾਈ ਕੋਰਟ ਦੇ ਫੈਸਲੇ ਦੀ ਨਕਲ ਨਹੀਂ ਮਿਲੀ ਹੈ।