ਜਸਵੰਤ ਜੱਸ
ਫ਼ਰੀਦਕੋਟ, 12 ਜੁਲਾਈ
ਅੱਜ ਇਥੇ ਸਪੈਸ਼ਲ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਬਹਬਿਲ ਗੋਲੀ ਕਾਂਡ ਦੀ ਸੁਣਵਾਈ ਹੋਈ। ਇਸ ਮੌਕੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਇਲਾਵਾ ਬਾਕੀ ਸਾਰੇ ਮੁਲਜ਼ਮ ਨਿੱਜੀ ਤੌਰ ’ਤੇ ਅਦਾਲਤ ਵਿੱਚ ਹਾਜ਼ਰ ਸਨ। ਕੋਟਕਪੂਰਾ ਗੋਲੀ ਕਾਂਡ ਦਾ ਚਲਾਨ ਅਦਾਲਤ ਵਿੱਚ ਨਾ ਆਉਣ ਕਰਕੇ ਅੱਜ ਬਹਬਿਲ ਗੋਲੀ ਕਾਂਡ ਬਾਰੇ ਅਗਲੀ ਕਾਰਵਾਈ ਨਹੀਂ ਹੋ ਸਕੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਤੈਅ ਕੀਤੀ ਹੈ। ਹਾਈ ਕੋਰਟ ਦੇ ਹੁਕਮਾਂ ਮੁਤਾਬਕ ਕੋਟਕਪੂਰਾ ਤੇ ਬਹਬਿਲ ਗੋਲੀ ਕਾਂਡ ਦੀ ਸੁਣਵਾਈ ਇਕਸਾਰ ਹੋਣੀ ਹੈ। ਇਸ ਲਈ ਅਦਾਲਤ ਨੇ ਵਿਸ਼ੇਸ਼ ਜਾਂਚ ਟੀਮ ਨੂੰ ਆਦੇਸ਼ ਦਿੱਤੇ ਹਨ ਕਿ ਕੋਟਕਪੂਰਾ ਗੋਲੀ ਕਾਂਡ ਬਾਰੇ ਵੀ ਚਲਾਨ ਅਦਾਲਤ ਵਿੱਚ ਪੇਸ਼ ਕੀਤੇ ਜਾਣ।