ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਦਸੰਬਰ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੂਬੇ ਦੀ ਮਾੜੀ ਮਾਲੀ ਹਾਲਤ ਦੇ ਬਾਵਜੂਦ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਫੋਕੇ ਵਾਅਦਿਆਂ, ਦਾਅਵਿਆਂ ਅਤੇ ਐਲਾਨਾਂ ਨੂੰ ਮੰਦਭਾਗਾ ਕਰਾਰ ਦਿੱਤਾ। ਢੀਂਡਸਾ ਨੇ ਕਿਹਾ ਕਿ ਕਾਂਗਰਸ, ਬਾਦਲ ਦਲ ਸਮੇਤ ਸੂਬੇ ਵਿੱਚ ਸਰਗਰਮ ਹੋਰ ਸਿਆਸੀ ਪਾਰਟੀਆਂ ਵੱਲੋਂ ਸੂਬੇ ਦੇ ਲੋਕਾਂ ਨੂੰ ਆਤਮ-ਨਿਰਭਰ ਬਣਾਉਣ ਦੀ ਜਗ੍ਹਾ ਲੋਕ ਲੁਭਾਊ ਵਾਅਦੇ ਕਰ ਕੇ ਗੁਮਰਾਹ ਕੀਤਾ ਜਾ ਰਿਹਾ ਹੈ। ਇਸ ਦਾ ਭਾਰ ਸੂਬੇ ਦੇ ਲੋਕਾਂ ’ਤੇ ਹੀ ਪਵੇਗਾ। ਢੀਂਡਸਾ ਨੇ ਪੰਜਾਬ ਦੇ ਲੋਕਾਂ ਨੂੰ ਅਜਿਹੇ ਐਲਾਨ ਕਰਨ ਵਾਲੀਆਂ ਸਿਆਸੀ ਪਾਰਟੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਚੋਣਾਂ ਦੇ ਮੱਦੇਨਜ਼ਰ ਜੋ ਵੀ ਐਲਾਨ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਅਮਲ ਵਿੱਚ ਲਿਆਉਣ ਵੇਲੇ ਇਸ ਦਾ ਸਾਰਾ ਭਾਰ ਲੋਕਾਂ ਨੂੰ ਹੀ ਚੁੱਕਣਾ ਪਵੇਗਾ।