ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 22 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਗਲੇ ਸਾਲ ਮਾਰਚ ਮਹੀਨੇ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਜੀ-20 ਸੰਮੇਲਨ ਕੌਮਾਂਤਰੀ ਮੰਚ ਉਤੇ ਪੰਜਾਬ ਨੂੰ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸੰਮੇਲਨ ਨੂੰ ਸਫ਼ਲ ਬਣਾਉਣ ਵਿੱਚ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਜੀ-20 ਸੰਮੇਲਨ ਤਹਿਤ ਇਥੇ ਹੋਣ ਵਾਲੇ ਸਮਾਗਮ ਦਾ ਮੁੱਖ ਮੱਦਾ ਸਿੱਖਿਆ ਹੋਵੇਗਾ। ਇਸ ਸੰਮਲੇਨ ਵਿੱਚ ਸ਼ਾਮਲ ਹੋਣ ਵਾਲੇ ਵੱਖ-ਵੱਖ ਮੁਲਕਾਂ ਦੇ ਨੁਮਾਇੰਦੇ ਆਉਣਗੇ। ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ, ਜੱਲ੍ਹਿਆਂਵਾਲਾ ਬਾਗ ਵਿੱਚ ਸ਼ਹੀਦੀ ਸਮਾਰਕ, ਅਟਾਰੀ ਸਰਹੱਦ, ਖਾਲਸਾ ਕਾਲਜ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਪਿੰਡਾਂ ਵਿੱਚ ਵੀ ਲਿਜਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਸਮਾਗਮ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਨੂੰ ਪ੍ਰਬੰਧਕੀ ਆਧਾਰ ਉਤੇ ਪੰਜ ਪ੍ਰਮੁੱਖ ਸੈਕਟਰਾਂ ਵਿਚ ਵੰਡਿਆ ਜਾਵੇਗਾ। ਇਸ ਮੌਕੇ ਪ੍ਰੋਗਰਾਮ ਦੀ ਸਫ਼ਲਤਾ ਲਈ ਬਣਾਈ ਕੈਬਨਿਟ ਸਬ-ਕਮੇਟੀ ਦੇ ਮੈਂਬਰ ਡਾ. ਇੰਦਰਬੀਰ ਸਿੰਘ ਨਿੱਜਰ, ਹਰਭਜਨ ਸਿੰਘ ਈਟੀਓ ਤੇ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਸਨ।
ਮੁੱਖ ਮੰਤਰੀ ਵੱਲੋਂ ਜਥੇਦਾਰ ਨਾਲ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੰਤਰੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਪੰਜਾਬ ਵਾਸੀਆਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈ ਦਿੱਤੀ। ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ। ਉਹ ਲਗਪਗ ਇਕ ਘੰਟਾ ਜਥੇਦਾਰ ਦੇ ਨਾਲ ਰਹੇ ਅਤੇ ਲੰਗਰ ਵੀ ਛਕਿਆ। ਉਨ੍ਹਾਂ ਆਖਿਆ ਇਸ ਮੁਲਾਕਾਤ ਸਮੇਂ ਪੰਜਾਬ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਯਤਨ ਕਰਨ ਬਾਰੇ ਚਰਚਾ ਕੀਤੀ ਹੈ।