ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 10 ਸਤੰਬਰ
ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਤਲੁਜ ਯਮੁਨਾ ਲਿੰਕ ਨਹਿਰ (ਐੱਸਵਾਈਐੱਲ) ਬਾਰੇ ਆਪਣਾ ਪੱਖ ਸਪੱਸ਼ਟ ਕਰਨ ਲਈ ਆਖਿਆ ਹੈ। ਉਹ ਅੱਜ ਮੁਹਾਲੀ ਹਲਕੇ ਦੇ ਪਿੰਡ ਸੰਭਾਲਕੀ, ਬੜੀ ਅਤੇ ਨੰਡਿਆਲੀ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀ ਦੇ ਮੁੱਦੇ ’ਤੇ ਅਸਪੱਸ਼ਟ ਬਿਆਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਕੋਲ ਵਾਧੂ ਪਾਣੀ ਹੈ ਹੀ ਨਹੀਂ ਤਾਂ ਫਿਰ ਦੂਜੇ ਸੂਬੇ ਨੂੰ ਪਾਣੀ ਦੇਣ ਦਾ ਸਵਾਲ ਪੈਦਾ ਨਹੀਂ ਹੁੰਦਾ। ਸ੍ਰੀ ਤਿਵਾੜੀ ਨੇ ਕਿਹਾ ਕਿ ਪੰਜਾਬ ਹਮੇਸ਼ਾਂ ਹੀ ਸੁਪਰੀਮ ਕੋਰਟ ਅਤੇ ਕੇਂਦਰ ਸਰਕਾਰ ਅੱਗੇ ਦੁਹਰਾਉਂਦਾ ਰਿਹਾ ਕਿ ਸੂਬੇ ਕੋਲ ਵਾਧੂ ਪਾਣੀ ਨਹੀਂ ਹੈ ਤਾਂ ਉਹ ਕਿਸੇ ਹੋਰ ਨੂੰ ਪਾਣੀ ਕਿਸ ਤਰ੍ਹਾਂ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਐੱਸਵਾਈਐੱਲ ਬਾਰੇ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਦੀ ਅਸਪੱਸ਼ਟਤਾ ਲੋਕਾਂ ਵਿੱਚ ਗ਼ਲਤ ਸੁਨੇਹਾ ਜਾ ਰਿਹਾ ਹੈ।
ਕੇਜਰੀਵਾਲ ਕੌਣ ਹੁੰਦੇ ਨੇ ਪ੍ਰਧਾਨ ਮੰਤਰੀ ਨੂੰ ਵਿਵਾਦ ਹੱਲ ਕਰਨ ਲਈ ਕਹਿਣ ਵਾਲੇ: ਵਿੱਜ
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਐੱਸਵਾਈਐੱਲ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ, ਕੀ ਕੇਜਰੀਵਾਲ ਖ਼ੁਦ ਨੂੰ ਸੁਪਰੀਮ ਕੋਰਟ ਤੋਂ ਵੀ ਉਪਰ ਮੰਨਦੇ ਹਨ। ਉਹ ਕੌਣ ਹੁੰਦੇ ਹਨ, ਇਹ ਕਹਿਣ ਵਾਲੇ ਕਿ ਪ੍ਰਧਾਨ ਮੰਤਰੀ ਨੂੰ ਇਸ ਦਾ ਹੱਲ ਲੱਭਣਾ ਚਾਹੀਦਾ ਹੈ। ਸ੍ਰੀ ਵਿੱਜ ਅੱਜ ਕੈਂਟ ਰੈਸਟ ਹਾਊਸ ’ਚ ਜਨਤਾ ਦਰਬਾਰ ਦੌਰਾਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।