ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਿੱਖ ਗੁਰਦੁਆਰਾ ਐਕਟ 1925 ਸੋਧ ਬਿੱਲ ਨੂੰ ਮਨਜ਼ੂਰੀ ਦੇਣ ਲਈ ਲਿਖੇ ਪੱਤਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਇਸ ਪੱਤਰ ਤੋਂ ਮੁੱਖ ਮੰਤਰੀ ਦੀ ਸਿੱਖ ਧਰਮ ਅਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀ ਮਨਸ਼ਾ ਸਾਫ਼ ਝਲਕ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਹੜ੍ਹਾਂ ਦੀ ਮਾਰ ਹੇਠੋਂ ਲੰਘ ਰਿਹਾ ਹੈ ਤਾਂ ਇਸ ਸਮੇਂ ਮੁੱਖ ਮੰਤਰੀ ਨੂੰ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ ਨਾ ਕਿ ਤੋੜਨ ਵਾਲੀ ਸਿਆਸਤ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੰਕਟ ਦੀ ਘੜੀ ਵਿੱਚ ਸ਼੍ਰੋਮਣੀ ਕਮੇਟੀ ਨਾਲ ਬੇਲੋੜੀ ਲੜਾਈ ਵਿੱਢ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ ਅਤੇ ਰਾਹਤ ਕਾਰਜਾਂ ਵਿੱਚ ਵਿਘਨ ਪਾ ਰਹੇ ਹਨ। ਸ੍ਰੀ ਚੰਦੂਮਾਜਰਾ ਨੇ ਆਖਿਆ ਕਿ ਮੁੱਖ ਮੰਤਰੀ ਮਾਨ ਦਾ ਰਾਜਪਾਲ ਨੂੰ ਲਿਖਿਆ ਪੱਤਰ ਗੈਰ-ਸੰਜੀਦਗੀ ਦੀ ਗਵਾਹੀ ਭਰਦਾ ਹੈ। -ਟਨਸ