ਚੰਡੀਗੜ੍ਹ (ਟਨਸ): ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪ੍ਰਤਾਪ ਸਿੰਘ ਬਾਜਵਾ ਨੇ ਪਾਣੀਆਂ ਦੇ ਮੁੱਦੇ ’ਤੇ ‘ਆਪ’ ਸਰਕਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਉਣ ਲਈ ਕਿਹਾ| ਉਨ੍ਹਾਂ ਇਹ ਵੀ ਕਿਹਾ ਕਿ ‘ਆਪ’ ਸਰਕਾਰ ਹੁਣ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਪੂਰੀਆਂ ਕਰੇ ਅਤੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇ| ਉਨ੍ਹਾਂ ਪੰਜਾਬ ਪੁਲੀਸ ਵੱਲੋਂ ਦਿੱਲੀ ਵਿੱਚ ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਨੂੰ ਜਾਰੀ ਕੀਤੇ ਨੋਟਿਸ ਬਾਰੇ ਕਿਹਾ ਕਿ ‘ਆਪ’ ਪੰਜਾਬ ਪੁਲੀਸ ਨੂੰ ਇੱਕ ਪ੍ਰਾਈਵੇਟ ਸਕਿਉਰਿਟੀ ਏਜੰਸੀ ਦੀ ਤਰ੍ਹਾਂ ਵਰਤ ਰਹੀ ਹੈ। ਉਨ੍ਹਾਂ ਬਿਜਲੀ ਮੁਆਫ਼ੀ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਉਂਦੇ ਪੈਡੀ ਸੀਜ਼ਨ ਵਿਚ ਵੱਡਾ ਬਿਜਲੀ ਸੰਕਟ ਝੱਲਣਾ ਪੈ ਸਕਦਾ ਹੈ। ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਬਿਜਲੀ ਕੱਟ ਲੱਗ ਰਹੇ ਹਨ ਅਤੇ ਖੇਤੀ ਸੈਕਟਰ ਵਿਚ ਸਿਰਫ਼ ਦੋ ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ। ਪੰਜਾਬ ਦੇ ਕਈ ਤਾਪ ਬਿਜਲੀ ਘਰ ਬੰਦ ਹੋ ਚੁੱਕੇ ਹਨ ਅਤੇ ਬਾਕੀ ਬੰਦ ਹੋਣ ਦੇ ਕੰਢੇ ’ਤੇ ਹਨ। ਤਾਪ ਬਿਜਲੀ ਘਰਾਂ ਵਿਚ ਕੋਲਾ ਖ਼ਤਮ ਹੋ ਚੁੱਕਾ ਹੈ। ਗਰਮੀ ਦੇ ਸੀਜ਼ਨ ਵਿਚ ਬਿਜਲੀ ਦੀ ਮੰਗ ਹੋਰ ਵਧ ਜਾਣੀ ਹੈ ਅਤੇ ਝੋਨੇ ਦੀ ਲਵਾਈ ਸ਼ੁਰੂ ਹੋਣ ਨਾਲ ਮੰਗ ਸਿਖਰ ’ਤੇ ਜਾਵੇਗੀ। ‘ਆਪ’ ਸਰਕਾਰ ਇਸ ਮਾਮਲੇ ’ਤੇ ਵ੍ਹਾਈਟ ਪੇਪਰ ਜਾਰੀ ਕਰ ਕੇ ਸਪੱਸ਼ਟ ਕਰੇ ਕਿ ਝੋਨੇ ਦੇ ਸੀਜ਼ਨ ਲਈ ਬਿਜਲੀ ਦੇ ਕੀ ਪ੍ਰਬੰਧ ਹਨ ਅਤੇ ਪੈਸਾ ਕਿੱਥੋਂ ਆਵੇਗਾ।
ਪ੍ਰਤਾਪ ਬਾਜਵਾ ਵੱਲੋਂ ਢਿੱਲੋਂ ਦੇ ਸ਼ਿਕਵੇ ਦੂਰ ਕਰਨ ਦੀ ਕੋਸ਼ਿਸ਼
ਮਾਛੀਵਾੜਾ (ਪੱਤਰ ਪ੍ਰੇਰਕ): ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਰਿਹਾਇਸ਼ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਵਿਰੋਧੀ ਧਿਰ ਦੇ ਉਪ ਆਗੂ ਰਾਜ ਕੁਮਾਰ ਚੱਬੇਵਾਲ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਮੌਜੂਦ ਸਨ। ਮੀਟਿੰਗ ਦੌਰਾਨ ਢਿੱਲੋਂ ਨੇ ਸ਼ਿਕਵਾ ਜ਼ਾਹਿਰ ਕੀਤਾ ਕਿ ਉਨ੍ਹਾਂ ਨੂੰ ਇਸ ਵਾਰ ਟਿਕਟ ਨਾ ਦੇਣ ਦਾ ਕਸੂਰ ਤਾਂ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਉਨ੍ਹਾਂ ਨੂੰ ਪੰਜ ਵਾਰ ਟਿਕਟ ਦਿੱਤੀ ਅਤੇ ਚਾਰ ਵਾਰ ਉਹ ਚੋਣ ਜਿੱਤੇ। ਇਸ ਦੇ ਬਾਵਜੂਦ ਹਾਈਕਮਾਨ ਨੇ ਇਸ ਵਾਰ ਉਨ੍ਹਾਂ ਦੀ ਟਿਕਟ ਕੱਟ ਦਿੱਤੀ। ਬਾਜਵਾ ਨੇ ਕਿਹਾ ਕਿ ਉਹ ਇਸ ਸਬੰਧੀ ਹਾਈਕਮਾਨ ਨਾਲ ਗੱਲਬਾਤ ਕਰਨਗੇ।