ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਭਲਕੇ 14 ਅਕਤੂਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਲ ਐੱਸਵਾਈਐੱਲ ਬਾਰੇ ਮੀਟਿੰਗ ਵਿੱਚ ਪੰਜਾਬ ਸਰਕਾਰ ਦਾ ਸਟੈਂਡ ਜਨਤਕ ਤੌਰ ’ਤੇ ਸਪੱਸ਼ਟ ਕਰਨ। ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵੱਲੋਂ ਆਪਣੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਨ ਦੇ ਸੰਕੇਤ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹਾਲੇ ਤੱਕ ਪੰਜਾਬੀਆਂ ਨੂੰ ਆਪਣੇ ਸਟੈਂਡ ਬਾਰੇ ਨਹੀਂ ਦੱਸਿਆ ਤੇ ਨਾ ਹੀ ਇਸ ਮਾਮਲੇ ’ਤੇ ਸਰਬ ਪਾਰਟੀ ਮੀਟਿੰਗ ਸੱਦੀ ਹੈ, ਜਿਸ ਤੋਂ ਇਹ ਸਾਫ਼ ਹੋ ਰਿਹਾ ਹੈ ਕਿ ‘ਆਪ’ ਦੇ ਸਿਆਸੀ ਲਾਹੇ ਵਾਸਤੇ ਮੁੱਖ ਮੰਤਰੀ ਮਾਨ ਹਰਿਆਣਾ ਸਰਕਾਰ ਨਾਲ ਸਮਝੌਤਾ ਕਰਨ ਲਈ ਸ੍ਰੀ ਅਰਵਿੰਦ ਕੇਜਰੀਵਾਲ ਦੇ ਦਬਾਅ ਹੇਠ ਹਨ।
ਪੰਜਾਬ ਕੋਲ ਵਾਧੂ ਪਾਣੀ ਨਹੀਂ : ਕੈਪਟਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਗਵੰਤ ਮਾਨ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਪਹਿਲਾਂ ਸਾਰਿਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਸੀ। ਕੈਪਟਨ ਨੇ ਭਗਵੰਤ ਮਾਨ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਸ ਮੁੱਦੇ ’ਤੇ ਸਪੱਸ਼ਟ ਹੋਣਾ ਪਵੇਗਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਫਾਲਤੂ ਨਹੀਂ ਹੈ। ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਭਗਵੰਤ ਮਾਨ ਪੰਜਾਬ ’ਚ ਪਾਣੀ ਦੇ ਸੰਕਟ ਦੀ ਜ਼ਮੀਨੀ ਸਥਿਤੀ ਤੋਂ ਜਾਣੂ ਹਨ। ਉਨ੍ਹਾਂ ਕਿਹਾ ਕਿ ਸਾਡੇ ਕੋਲ ਹਰਿਆਣਾ ਸਮੇਤ ਕਿਸੇ ਹੋਰ ਰਾਜ ਲਈ ਵਾਧੂ ਪਾਣੀ ਨਹੀਂ ਹੈ, ਇਸ ਲਈ ਕਿਸੇ ਨੂੰ ਵੀ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਾਬਕਾ ਮੁੱਖ ਮੰਤਰੀ ਨੇ ਮਾਨ ਨੂੰ ਯਮੁਨਾ ਦੇ ਪਾਣੀ ਦਾ ਮੁੱਦਾ ਪ੍ਰਭਾਵਸ਼ਾਲੀ ਅਤੇ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਸਲਾਹ ਦਿੱਤੀ ਹੈ।